ਪੰਜਾਬ ਅਤੇ ਹਰਿਆਣਾ ਵਿਚ ਕਿਸਾਨਾਂ ਦਾ ਸੰਘਰਸ਼ ਹੋਰ ਭਖਿਆ

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਸੰਘਰਸ਼ ਹੋਰ ਭਖਣ ਲੱਗੇ ਹਨ। ਰੋਜ਼ਾਨਾ ਮੁਜ਼ਾਹਰਿਆਂ ਵਿਚ ਵੱਡੀ ਗਿਣਤੀ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ ਅਤੇ ਬੱਚੇ ਹਿੱਸਾ ਲੈ ਰਹੇ ਹਨ। ਇਸੇ ਦੌਰਾਨ ਅੰਦੋਲਨ ਨੂੰ ਮਘਦਾ ਰੱਖਣ ਲਈ ਪੰਜਾਬ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦੇ ਜਥੇ ਟਿਕਰੀ ਅਤੇ ਸਿੰਘੂ ਕਿਸਾਨ ਮੋਰਚਿਆਂ ਲਈ ਰਵਾਨਾ ਹੋ ਗਏ ਹਨ।

ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਇਨ੍ਹਾਂ ਜਥਿਆਂ ਦੀ ਅਗਵਾਈ ਕਰ ਰਹੇ ਹਨ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਹਾੜੀ ਦੇ ਸੀਜ਼ਨ ਦੌਰਾਨ ਕਿਸਾਨ ਭਰਾਵਾਂ ਦੀ ਗੈਰਹਾਜ਼ਰੀ ਵਿਚ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਕਿਸਾਨ ਅੰਦੋਲਨ ਸੰਭਾਲਣਗੇ। ਉਨ੍ਹਾਂ ਕਿਹਾ ਕਿ ਹਾੜੀ ਦੇ ਸੀਜ਼ਨ ਵਿਚ ਵੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮੰਨਵਾਏ ਬਿਨਾਂ ਪਿੱਛੇ ਨਹੀਂ ਹਟਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਆੜ ਵਿਚ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾ ਪਿੱਛੇ ਹਟਣ ਵਾਲਾ ਨਹੀਂ ਹੈ। ਉਨ੍ਹਾਂ ਨੇ ਆਗੂਆਂ ਨੂੰ ਆਪਣੀ ਫਸਲ ਸਰਕਾਰੀ ਮੰਡੀਆਂ ਵਿਚ ਹੀ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਫਸਲ ਦਾ ਇਕ-ਇਕ ਦਾਣਾ ਐਮ.ਐਸ.ਪੀ. ‘ਤੇ ਖਰੀਦਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਫਸਲ ਐਮ.ਐਸ.ਪੀ. ‘ਤੇ ਨਹੀਂ ਖਰੀਦੀ ਜਾਂਦੀ ਤਾਂ ਮੰਡੀਆਂ ਵਿਚ ਮੋਰਚੇ ਲਗਾਏ ਜਾਣਗੇ।
ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਵਿਚ ਗਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੇ ਕੈਥਲ ਵਿਚ ਹਰਿਆਣਾ ਭਾਜਪਾ ਦੇ ਪ੍ਰਧਾਨ ਓਪੀ ਧਨਖੜ ਨੂੰ ਕਾਲੇ ਝੰਡੇ ਵਿਖਾਏ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਧਨਖੜ ਮਨਾਹੀ ਦੇ ਬਾਵਜੂਦ ਕੈਥਲ ਵਿਚ ਡਾ. ਭੀਮ ਰਾਓ ਅੰਬੇਡਕਰ ਦੀ 130ਵੀਂ ਜੈਅੰਤੀ ਸਮਾਗਮ ਵਿਚ ਪਹੁੰਚੇ ਸਨ। ਜਿਸ ਬਾਰੇ ਜਾਣਕਾਰੀ ਮਿਲਦੇ ਹੀ ਕਿਸਾਨਾਂ ਨੇ ਧਨਖੜ ਦਾ ਵਿਰੋਧ ਕੀਤਾ ਅਤੇ ਕਾਲੇ ਝੰਡੇ ਵਿਖਾਏ। ਇਸ ਦੌਰਾਨ ਦੋ ਘੰਟੇ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਟਕਰਾਅ ਵਾਲੀ ਸਥਿਤੀ ਬਣੀ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਭਵਿੱਖ ਵਿਚ ਵੀ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਦੇ ਸਾਰੇ ਸਮਾਗਮਾਂ ਦਾ ਵਿਰੋਧ ਜਾਰੀ ਰਹੇਗਾ।
_______________________________________________
ਭਾਜਪਾ ਆਗੂਆਂ ਨੂੰ ਪਿੰਡਾਂ ’ਚ ਨਾ ਵੜਨ ਦੇਣ ਲੋਕ: ਚੜੂਨੀ
ਬਟਾਲਾ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੀਆਂ ਜਾ ਰਹੀਆਂ ਮਹਾਪੰਚਾਇਤਾਂ ਤਹਿਤ ਬਟਾਲਾ ਦੀ ਦਾਣਾ ਮੰਡੀ ਵਿਚ ਸੰਯੁਕਤ ਕਿਸਾਨ ਮੋਰਚੇ, ਮਜ਼ਦੂਰਾਂ ਅਤੇ ਵਪਾਰੀਆਂ ਵੱਲੋਂ ਮਹਾਪੰਚਾਇਤ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਮਜ਼ਦੂਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਆਖੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਬਾਨੀ, ਅਡਾਨੀ ਅਤੇ ਰਾਮਦੇਵ ਦੀਆਂ ਵਸਤਾਂ ਦਾ ਮੁਕੰਮਲ ਬਾਈਕਾਟ ਕਰਨ ਅਤੇ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਨ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਨੂੰ ਸਮਾਂ ਲੱਗ ਸਕਦਾ ਹੈ ਪਰ ਜਿੱਤ ਤੈਅ ਹੈ।