ਕਰੋਨਾ ਸੰਕਟ: ਕੈਪਟਨ ਵੱਲੋਂ ਹੋਰ ਸਖਤ ਪਾਬੰਦੀਆਂ ਲਾਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ‘ਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਸਖਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਪਾਬੰਦੀਆਂ ਵਿਚ ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸਨਿਚਰਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ।

ਨਿੱਜੀ ਲੈਬਾਂ ਨੇ ਆਰਟੀ-ਪੀ.ਸੀ.ਆਰ. ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰਏਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀਆਂ ਹਨ। ਸਰਕਾਰ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ‘ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜੂਰੀ ਜਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਸਮੁੱਚੇ ਹਫਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉਤੇ ਹੀ ਆਰਏਟੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਜਿਨ੍ਹਾਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ, ਉਨ੍ਹਾਂ ਨੂੰ ਘਰ ਵਾਪਸੀ ‘ਤੇ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ। ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਬੱਸਾਂ/ਟੈਕਸੀਆਂ ਅਤੇ ਆਟੋ ਰਿਕਸ਼ਿਆਂ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ। ਮੁੱਖ ਮੰਤਰੀ ਨੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ‘ਤੇ ਮੁਸਾਫਰਾਂ ਲਈ ਆਰ.ਏ.ਟੀ. ਬੂਥ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਸਰਕਾਰ ਨੇ ਨਿਰਦੇਸ਼ ਦਿੱਤੇ ਕਿ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਮੁਲਤਵੀ ਕੀਤੀ ਜਾਵੇਗੀ ਅਤੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਐਮ.ਬੀ.ਬੀ.ਐਸ/ਬੀ.ਡੀ.ਐਸ/ਬੀ.ਏ.ਐਮ.ਐਸ. ਦੇ ਪਹਿਲੇ, ਦੂਜੇ ਅਤੇ ਤੀਜੇ ਵਰ੍ਹੇ ਤੇ ਪਹਿਲੇ ਵਰ੍ਹੇ ਦੇ ਨਰਸਿੰਗ ਦੇ ਵਿਦਿਆਰਥੀਆਂ ਲਈ ਆਨਲਾਈਨ ਪ੍ਰੀਖਿਆ ਕਰਵਾਈ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚਲੀਆਂ ਫੌਜੀ ਛਾਉਣੀਆਂ ਦੇ ਹਸਪਤਾਲਾਂ ਨੇ ਸੂਬਾ ਸਰਕਾਰ ਨੂੰ ਯਕੀਨ ਦਿਵਾਇਆ ਹੈ ਕਿ ਕੋਵਿਡ ਕੇਸਾਂ ‘ਚ ਵਾਧੇ ਨੂੰ ਠੱਲ੍ਹਣ ਲਈ ਸੂਬਾ ਸਰਕਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਜਦਕਿ ਨਿੱਜੀ ਹਸਪਤਾਲਾਂ ਨੂੰ ਕੋਵਿਡ ਦੇ ਮਰੀਜ਼ਾਂ ਲਈ 75 ਫੀਸਦੀ ਬਿਸਤਰੇ ਰਾਖਵੇਂ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਸੂਬੇ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਬਿਸਤਰਿਆਂ ਦੀ ਮੌਜੂਦਗੀ ਬਾਰੇ 24 ਘੰਟੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਹੈਲਪਲਾਈਨ ਨੰਬਰ 104 ਵੀ ਚਾਲੂ ਰਹੇਗਾ।
ਉਨ੍ਹਾਂ ਕਿਹਾ ਕਿ ਆਕਸੀਜਨ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਇਕ ਕਮੇਟੀ ਕੰਮ ਕਰੇਗੀ ਜਦਕਿ ਨਿੱਜੀ ਹਸਪਤਾਲਾਂ ਨੂੰ ਜਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ ਸੂਬੇ ਦੀ ਪਾਜੇਟੀਵਿਟੀ ਦਰ 7.8 ਫੀਸਦੀ ਉਤੇ ਸਥਿਰ ਸੀ ਪਰ ਅਪਰੈਲ 15 ਨੂੰ ਇਹ ਵੱਧ ਕੇ 12.6 ਫੀਸਦੀ ਤੱਕ ਪਹੁੰਚ ਗਈ ਸੀ ਜਿਸ ਵਿਚ ਮੁਹਾਲੀ ਦੀ ਦਰ ਸਭ ਤੋਂ ਵੱਧ 36.53 ਫੀਸਦੀ ਰਹੀ। ਉਨ੍ਹਾਂ ਕਿਹਾ ਕਿ ਜੇਕਰ ਲੁਧਿਆਣਾ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਹੰਗਾਮੀ ਕਦਮ ਚੁੱਕਣ ਦੀ ਅਪੀਲ ਕੀਤੀ।