ਪੰਜਾਬ ਸਰਕਾਰ ਵੱਲੋਂ ਗਰੀਬਾਂ ਲਈ ਮੁਫਤ ਟੀਕਾਕਰਨ ਦਾ ਐਲਾਨ ਕੀਤਾ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਗਰੀਬ ਲੋਕਾਂ ਦਾ ਮੁਫਤ ਟੀਕਾਕਰਨ ਕਰਵਾਏਗੀ ਤੇ ਇਸ ਵਾਸਤੇ ਮੁੱਖ ਮੰਤਰੀ ਰਾਹਤ ਫੰਡ ਦੀ ਵਰਤੋਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਹਿਲਾਂ ਕੇਂਦਰ ਸਰਕਾਰ ਤੋਂ ਇਸ ਵਾਸਤੇ ਫੰਡਾਂ ਦੀ ਮੰਗ ਕੀਤੀ ਸੀ, ਪਰ ਕੇਂਦਰ ਦੇ ਮੱਠੇ ਹੁੰਗਾਰੇ ਮਗਰੋਂ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਸਿਹਤ ਵਿਭਾਗ ਨੂੰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਕੋਵੀਸ਼ੀਲਡ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦੇਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਹੈ ਕਿ ਜਲਦੀ ਤੋਂ ਜਲਦੀ ਸਪਲਾਈ ਲੈਣ ਲਈ ਭਾਰਤੀ ਸੀਰਮ ਸੰਸਥਾ ਨੂੰ ਤੁਰਤ ਵੈਕਸੀਨ ਦੀਆਂ 30 ਲੱਖ ਖੁਰਾਕਾਂ ਦਾ ਆਰਡਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਦੀ ਡਿਲਿਵਰੀ 15 ਮਈ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਗਰੀਬਾਂ ਦਾ ਮੁਫਤ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਤੋਂ ਇਲਾਵਾ ਸੀ.ਐਸ.ਆਰ. ਫੰਡਾਂ ਦੀ ਵਰਤੋਂ ਵੀ ਕੀਤੀ ਜਾਵੇ।
ਈ.ਐਸ.ਆਈ.ਸੀ. ਯੋਜਨਾ ਵਿੱਚ ਕਵਰ ਕੀਤੇ ਗਏ ਉਦਯੋਗਿਕ ਵਰਕਰਾਂ ਤੇ ਉਸਾਰੀ ਵਰਕਰਾਂ ਲਈ ਉਸਾਰੀ ਵਰਕਰਜ ਭਲਾਈ ਬੋਰਡ ਨੂੰ ਟੀਕਾਕਰਨ ਵਿਚ ਸਹਿਯੋਗ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ। ਉਨ੍ਹਾਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਕਰਦਿਆਂ ਡਾ. ਗਗਨਦੀਪ ਕੰਗ ਦੀ ਅਗਵਾਈ ਵਾਲੇ ਮਾਹਿਰ ਸਮੂਹ ਨੂੰ 29 ਅਪਰੈਲ ਤੱਕ ਆਪਣੀ ਪਹਿਲੀ ਰਿਪੋਰਟ ਵਿਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਨੂੰ ਟੀਕਾਕਰਨ ਲਈ ਤਰਜੀਹ ਦੇਣ ਸਬੰਧੀ ਰਣਨੀਤੀ ਪੇਸ਼ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਕੈਪਟਨ ਨੇ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਕੋਵੀਸ਼ੀਲਡ ਦੀਆਂ 29,36,770 ਅਤੇ ਕੋਵੈਕਸੀਨ ਦੀਆਂ 3.34 ਲੱਖ ਖੁਰਾਕਾਂ ਮਿਲ ਚੁੱਕੀਆਂ ਹਨ। 22 ਅਪਰੈਲ ਤੱਕ ਟੀਕਿਆਂ ਦੇ ਉਪਲਬਧ ਸਟਾਕ ਵਿਚੋਂ ਕੋਵੀਸ਼ੀਲਡ ਦੀਆਂ 25.48 ਲੱਖ ਖੁਰਾਕਾਂ ਅਤੇ ਕੋਵੈਕਸੀਨ ਦੀਆਂ 2.64 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦੋਂ ਕਿ ਸੂਬੇ ਕੋਲ ਇਸ ਵੇਲੇ ਕੋਵੀਸ਼ੀਲਡ ਦੀਆਂ 2.81 ਲੱਖ ਅਤੇ ਕੋਵੈਕਸੀਨ ਦੀਆਂ 27,400 ਖੁਰਾਕਾਂ ਹਨ। ਕੇਂਦਰੀ ਸਿਹਤ ਮੰਤਰਾਲੇ ਤੋਂ ਕੋਵੀਸ਼ੀਲਡ ਦੀਆਂ 10 ਲੱਖ ਖੁਰਾਕਾਂ ਦੀ ਵਾਧੂ ਸਪਲਾਈ ਦੀ ਮੰਗ ਵੀ ਕੀਤੀ ਗਈ ਸੀ।
___________________________________________
ਕੇਂਦਰ ਪੰਜਾਬ ਲਈ ਆਕਸੀਜਨ ਦਾ ਕੋਟਾ ਵਧਾਏ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਮੁੜ ਪੱਤਰ ਲਿਖ ਕੇ ਪੰਜਾਬ ਲਈ ਆਕਸੀਜਨ ਦੀ ਸਪਲਾਈ ਦੇ ਕੋਟੇ ਦੀ ਵੰਡ ਵਿਚ ਫੌਰੀ ਵਾਧਾ ਕਰਨ ਦੀ ਮੰਗ ਉਠਾਈ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਭਾਰਤ ਸਰਕਾਰ ਕੋਲ ਜਰੂਰੀ ਸਪਲਾਈ ਲਈ ਪੈਰਵੀ ਕੀਤੀ ਜਾਵੇ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ‘ਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ, ਜਿਸ ਕਰਕੇ ਮੈਡੀਕਲ ਆਕਸੀਜਨ ਦੀ ਸਪਲਾਈ ‘ਚ ਵਾਧਾ ਕੀਤਾ ਜਾਵੇ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅੰਮ੍ਰਿਤਸਰ ਲਈ ਜਰੂਰੀ ਸਪਲਾਈ ਭੇਜਣ ਦੀ ਹਦਾਇਤ ਕੀਤੀ, ਜਿੱਥੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੀਮਤੀ ਜਾਨਾਂ ਚਲੀਆਂ ਗਈਆਂ। ਮੁੱਖ ਮੰਤਰੀ ਨੇ ਉਦਯੋਗ ਦੇ ਪ੍ਰਮੁੱਖ ਸਕੱਤਰ ਪਾਸੋਂ ਸੂਬੇ ਵਿਚ ਹਸਪਤਾਲਾਂ ਅਨੁਸਾਰ ਆਕਸੀਜਨ ਦੀ ਮੰਗ-ਸਪਲਾਈ ਦੀ ਸਥਿਤੀ ਬਾਰੇ ਹਰੇਕ ਚਾਰ ਘੰਟੇ ਦੀ ਰਿਪੋਰਟ ਮੰਗੀ ਹੈ।
_________________________________
ਮੈਡੀਕਲ ਕਾਲਜਾਂ ਵਾਸਤੇ 400 ਨਰਸਾਂ ਦੀ ਭਰਤੀ ਦੇ ਹੁਕਮ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵਿਚ ਵਾਧੇ ਦੇ ਮੱਦੇਨਜਰ ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ‘ਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਬੈੱਡ ਮੁਹੱਈਆ ਕਰਵਾਉਣ ਲਈ ਮਿਲਟਰੀ ਹਸਪਤਾਲਾਂ ਅਤੇ ਪੀ.ਜੀ.ਆਈ. ਸੈਟੇਲਾਈਟਾਂ ਸੈਂਟਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਪ੍ਰਵਾਨਿਤ 900 ਅਸਾਮੀਆਂ ‘ਚੋਂ ਪਹਿਲੇ ਪੜਾਅ ‘ਚ ਨਰਸਾਂ ਦੀਆਂ 400 ਅਸਾਮੀਆਂ ਭਰੀਆਂ ਜਾਣੀਆਂ ਚਾਹੀਦੀਆਂ ਹਨ।