ਵੱਖ-ਵੱਖ ਮੋਰਚਿਆਂ ਵਿਚ ਕਿਸਾਨੀ ਮੁੱਦਿਆਂ ‘ਤੇ ਏਕੇ ਦਾ ਹੋਕਾ ਦਿੱਤਾ

ਚੰਡੀਗੜ੍ਹ: ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਵਿੱਢੇ ਸੰਘਰਸ਼ ਦੇ ਦੌਰਾਨ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਭਖੇ ਹੋਏ ਹਨ। ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ

ਕਣਕ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਬਾਰਦਾਨੇ ਦੀ ਘਾਟ, ਸਮੇਂ ਸਿਰ ਲਿਫਟਿੰਗ ਨਾ ਹੋਣਾ ਅਤੇ ਅਦਾਇਗੀ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪਰੇਸ਼ਾਨੀਆਂ, ਜਾਣ-ਬੁੱਝ ਕੇ ਪੈਦਾ ਕੀਤੀ ਗਏ ਹਾਲਾਤ ਹਨ। ਉਨ੍ਹਾਂ ਕਿਹਾ ਕਿ ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਨਾਲ-ਨਾਲ ਭਖਦੇ ਕਿਸਾਨੀ ਮੁੱਦਿਆਂ ‘ਤੇ ਵੀ ਲਾਮਬੰਦੀ ਕਰਨ ਦੀ ਲੋੜ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰੀ ਖਰੀਦ ਪ੍ਰਬੰਧ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਸੰਘਰਸ਼ ਉਦੋਂ ਤੱਕ ਜਾਰੀ ਕਰਨ ਲਈ ਇੱਕਮੁੱਠ ਹਨ, ਜਦੋਂ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ ਸੋਧ-ਬਿਲ-2020 ਰੱਦ ਕਰਕੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿਹਾ ਕਿ ਨਵੇਂ ਬਣੇ ਖੇਤੀ ਕਾਨੂੰਨ ਨਾਲ ਪ੍ਰਾਈਵੇਟ ਸੈਕਟਰ ਮੰਡੀ ‘ਤੇ ਕਬਜ਼ਾ ਕਰੇਗਾ ਅਤੇ ਮੰਡੀਆਂ ਵਿਚੋਂ ਸਰਕਾਰ ਬਾਹਰ ਹੋ ਜਾਵੇਗੀ। ਜਦੋਂ ਸਰਕਾਰ ਜਾਂ ਸਰਕਾਰੀ ਖਰੀਦ ਏਜੰਸੀਆਂ ਹੀ ਨਹੀਂ ਰਹਿਣਗੀਆਂ ਤਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਜਾਰੀ ਰੱਖਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੀਆਂ ਹੱਦਾਂ ‘ਤੇ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਮੋਰਚਾ ਲਾਈ ਬੈਠੇ ਕਿਸਾਨਾਂ ਨੂੰ ਉਠਾਉਣ ਲਈ ਗੋਦੀ ਮੀਡੀਆ ਰਾਹੀਂ ‘ਅਪਰੇਸ਼ਨ ਕਲੀਨ‘ ਦਾ ਪ੍ਰਚਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਭਾੜੇ ਦੇ ਮੀਡੀਆ ਰਾਹੀਂ ਚੱਲੀ ਜਾ ਰਹੀ ਚਾਲ ਵੀ ਪਹਿਲਾਂ ਵਾਂਗ ਹੀ ਕੇਂਦਰ ਸਰਕਾਰ ਨੂੰ ਭਾਰੀ ਪਵੇਗੀ। ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨਾਂ ਨੂੰ ਪਿੰਡ-ਪਿੰਡ ਤੱਕ ਪਹੁੰਚ ਕਰਕੇ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਕਾਫਲੇ ਦਿੱਲੀ ਵੱਲ ਨੂੰ ਲਗਾਤਾਰ ਕੂਚ ਕਰ ਰਹੇ ਹਨ।
_______________________________________________
ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਲਾਮਬੰਦੀ ਜ਼ੋਰਾਂ ‘ਤੇ
ਚੰਡੀਗੜ੍ਹ: ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਸੂਬੇ ਵਿਚ ਕਿਸਾਨਾਂ ਨੂੰ ਜੋਰਾਂ-ਸ਼ੋਰਾਂ ਨਾਲ ਲਾਮਬੰਦ ਕੀਤਾ ਜਾ ਰਿਹਾ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਧਰਨੇ ਚੱਲ ਰਹੇ ਹਨ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨੀ ਦੀ ਤਾਕਤ ਦਿਖਾਉਣ ਲਈ ਕਿਸਾਨ ਮੁੜ ਤੋਂ ਦਿੱਲੀ ਮੋਰਚੇ ਵੱਲ ਨੂੰ ਵਹੀਰਾਂ ਘੱਤਣ।
___________________________________________
ਮੋਰਚੇ ਨੂੰ ਉਠਾਉਣ ਸਰਕਾਰ ਸੋਚ ਸਮਝ ਕੇ ਆਵੇ: ਉਗਰਾਹਾਂ
ਖਨੌਰੀ: ਦਿੱਲੀ ਦੀਆਂ ਬਰੂੰਹਾਂ ਉਤੇ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਲਈ ਡੇਰੇ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੀਆਂ ਅਪਰੇਸ਼ਨ ‘ਕਲੀਨ` ਦੀਆਂ ਪਿਛਲੇ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਦੇ ਵਿਰੋਧ `ਚ ਸੰਗਰੂਰ-ਦਿੱਲੀ ਮੁੱਖ ਮਾਰਗ ਉਤੇ ਸਥਿਤ ਖਨੌਰੀ ਬਾਰਡਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਟਰੈਕਟਰ-ਟਰਾਲੀਆਂ, ਕਾਰਾਂ-ਜੀਪਾਂ, ਬੱਸਾਂ ਤੇ ਹੋਰ ਸੈਂਕੜੇ ਵਾਹਨਾਂ `ਤੇ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਕਿਸਾਨ ਅੰਦੋਲਨ `ਚ ਸ਼ਾਮਲ ਹੋਣ ਲਈ ਰਵਾਨਾ ਹੋਇਆ, ਜਿਸ ਨੂੰ ਜਥੇਬੰਦੀ ਦੇ ਪ੍ਰਧਾਨ ਜੁਗਿੰਦਰ ਸਿੰਘ ਉਗਰਾਹਾਂ ਨੇ ਰਵਾਨਾ ਕੀਤਾ। ਇਸ ਮੌਕੇ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਚਾਲਾਂ ਚੱਲ ਰਹੀ ਹੈ ਪਰ ਕਿਸਾਨਾਂ ਦੇ ਸਿਰੜ ਅੱਗੇ ਉਨ੍ਹਾਂ ਦੀ ਇਕ ਵੀ ਚਾਲ ਸਫਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਮੋਰਚੇ ਨੂੰ ਉਠਾਉਣ ਲਈ ਸੋਚ ਸਮਝ ਕੇ ਆਵੇ।