ਭਾਰਤ! ਤੂੰ ਬੱਸ ਏਨਾ ਕੁ ਕਸ਼ਟ ਕਰ ਦੇਵੀਂ!

ਜਤਿੰਦਰ ਪਨੂੰ
ਭਾਰਤ, ਤੂੰ ਭਰਮ ਦੇ ਵੱਡੇ ਜਾਲ ਵਿਚ ਫਸ ਗਿਆ ਹੈਂ। ਉਸ ਜਾਲ ਵਿਚ ਫਸ ਗਿਆ ਹੈਂ, ਜਿੱਥੇ ਹਊਮੈ ਦੇ ਭਰੇ ਭੜੋਲੇ ਵਰਗਾ ਇੱਕ ਆਗੂ ਬਾਕੀ ਸਭ ਲੋਕਾਂ ਨੂੰ ਪੁਤਲੀਆਂ ਸਮਝ ਕੇ ਨਚਾਉਣਾ ਚਾਹੁੰਦਾ ਹੈ ਤੇ ਏਦਾਂ ਦਾ ਭਾਰਤ ਉਸ ਨੂੰ ਚਾਹੀਦਾ ਹੈ, ਜੋ ਨਾ ਖਾਣ ਲਈ ਕੁਝ ਮੰਗੇ, ਨਾ ਜੀਵਨ ਲੋੜਾਂ ਦਾ ਚੇਤਾ ਕਰੇ, ਨਾ ਮਹਾਮਾਰੀਆਂ ਅਤੇ ਕੁਦਰਤੀ ਕਰੋਪੀਆਂ ਦੇ ਵਕਤ ਉਸ ਰਾਹਤ ਦੀ ਆਸ ਕਰੇ, ਜਿਹੜੀ ਪਿਤਾ-ਪੁਰਖੀ ਰਾਜੇ ਵੀ ਦੇ ਦਿੱਤਾ ਕਰਦੇ ਸਨ। ਮਰਦੇ ਪਏ ਦੇਸ਼ ਵਾਸੀਆਂ ਵੱਲ ਵੇਖਣ ਨਾਲੋਂ ਉਸ ਨੂੰ ਭਾਰਤ ਦੇ ਨਕਸ਼ੇ ਵਿਚ ਉਨ੍ਹਾਂ ਕੁਝ ਬਾਕੀ ਬਚੀਆਂ ਡੱਬ-ਖੜੱਬੀਆਂ ਥਾਂਵਾਂ ਨੂੰ ਵੇਖਣਾ ਵੱਧ ਜ਼ਰੂਰੀ ਲੱਗਦਾ ਹੈ, ਜੋ ਆਪਣੇ ਰੰਗ ਵਿਚ ਰੰਗਣ ਲਈ ਉਹ ਰਾਤ ਦਿਨ ਸੁਫਨੇ ਲੈਂਦਾ ਹੈ।

ਪੱਛਮੀ ਬੰਗਾਲ ਦੀ ਚੋਣ ਮੁਹਿੰਮ ਲਈ ਉਸ ਨੇ ਜੋ ਅਪਰੈਲ ਦਾ ਅੱਧੇ ਤੋਂ ਵੱਧ ਮਹੀਨਾ ਫੂਕ ਛੱਡਿਆ, ਉਹੀ ਮਹੀਨਾ ਦੇਸ਼ ਦੇ ਲੋਕਾਂ ਲਈ ਅੱਜ ਤੱਕ ਦਾ ਸਭ ਤੋਂ ਕਾਲਾ ਸਮਾਂ ਹੋ ਗਿਆ। ਫਰਵਰੀ ਦੇ ਅੰਤਲੇ ਦਿਨ ਕਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਭਾਰਤ ਵਿਚ ਇੱਕ ਲੱਖ ਸੱਤਰ ਹਜ਼ਾਰ ਤੋਂ ਥੋੜ੍ਹੀ ਉੱਤੇ ਸੀ, ਮਾਰਚ ਦੇ ਅੰਤਲੇ ਦਿਨ ਤੱਕ ਚੋਣਾਂ ਲਈ ਰਾਜਸੀ ਲੀਡਰਾਂ ਦੇ ਜਲਸੇ ਸ਼ੁਰੂ ਹੋਣ ਕਾਰਨ ਪੰਜ ਲੱਖ ਪਚਾਸੀ ਹਜ਼ਾਰ ਤੋਂ ਟੱਪ ਗਈ ਤੇ ਪ੍ਰਧਾਨ ਮੰਤਰੀ ਨੇ ਦੌਰੇ ਉਦੋਂ ਸਮੇਟੇ, ਜਦੋਂ ਐਕਟਿਵ ਕੇਸਾਂ ਦੀ ਗਿਣਤੀ ਵੀਹ ਲੱਖ ਤੋਂ ਟੱਪ ਗਈ। ਫਿਰ ਇਹ ਰੁਕੀ ਨਹੀਂ। ਹਾਲਾਤ ਕਾਬੂ ਤੋਂ ਬਾਹਰ ਹੋਣ ਨਾਲ ਅਪਰੈਲ ਮੁੱਕਣ ਤੱਕ ਇਹ ਗਿਣਤੀ ਬੱਤੀ ਲੱਖ ਟੱਪ ਗਈ। ਫਰਵਰੀ ਮੁੱਕਣ ਤੱਕ ਮੌਤਾਂ ਦੀ ਗਿਣਤੀ ਭਾਰਤ ਵਿਚ ਅਜੇ ਇੱਕ ਲੱਖ ਸਤਵੰਜਾ ਹਜ਼ਾਰ ਤੋਂ ਡੇਢ ਸੌ ਉੱਤੇ ਸੀ, ਮਾਰਚ ਮੁੱਕਣ ਤੱਕ ਇਹ ਇੱਕ ਲੱਖ ਤਰੇਹਠ ਹਜ਼ਾਰ ਦੇ ਨੇੜੇ ਪਹੁੰਚੀ, ਪਰ ਅਪਰੈਲ ਮੁੱਕਣ ਤੱਕ ਭਾਰਤ ਵਿਚ ਮੌਤਾਂ ਦੀ ਗਿਣਤੀ ਦੋ ਲੱਖ ਦਸ ਹਜ਼ਾਰ ਟੱਪ ਗਈ। ਅਪਰੈਲ ਦਾ ਮਹੀਨਾ ਭਾਰਤ ਵਿਚ ਸੰਤਾਲੀ ਹਜ਼ਾਰ ਮੌਤਾਂ ਦਾ ਕਾਰਨ ਬਣ ਗਿਆ। ਇਤਿਹਾਸ ਵਿਚ ਭਾਰਤ ਵਿਚ ਕਦੇ ਏਨੀਆਂ ਮੌਤਾਂ ਨਹੀਂ ਹੋਈਆਂ। ਕਦੀ ਕਿਸੇ ਨੇ ਸੋਚਿਆ ਨਹੀਂ ਸੀ ਕਿ ਏਦਾਂ ਵੀ ਹੋਵੇਗਾ, ਪਰ ਇਹ ਕਹਿਰ ਵਾਪਰ ਗਿਆ ਹੈ।
ਦੇਸ਼ ਦਾ ‘ਪ੍ਰਧਾਨ ਸੇਵਕ’ ਕਹਾਉਣ ਦੇ ਨਾਟਕ ਕਰਨ ਵਾਲਾ ਆਗੂ ਮੌਤਾਂ ਨਾਲ ਦੁਖੀ ਹੋਣ ਦੀ ਥਾਂ ਇਸ ਗੱਲ ਤੋਂ ਦੁਖੀ ਹੁੰਦਾ ਹੈ ਕਿ ਉਸ ਦੀ ਸਰਕਾਰ ਦੀ ਭੰਡੀ ਹੁੰਦੀ ਹੈ। ਜਿਹੋ ਜਿਹੇ ਕੰਮ ਹੋਣ, ਓਦਾਂ ਦੀ ਸੋਭਾ ਹੁੰਦੀ ਹੈ। ਦੁਨੀਆਂ ਭਰ ਦੇ ਅਖਬਾਰ ਉਸ ਦੇ ਚੋਣ ਚਸਕਿਆਂ ਤੇ ਭਾਸ਼ਣਾਂ ਦੌਰਾਨ ਆਈਆਂ ਮਕਾਣਾਂ ਨੇ ਕੰਬਣ ਲਾ ਦਿੱਤੇ ਹਨ, ਜਿਸ ਪਿੱਛੋਂ ਉਹ ਹਕੀਕਤਾਂ ਪੇਸ਼ ਕਰ ਰਹੇ ਹਨ ਤਾਂ ਇਹ ਭਾਰਤ ਦੇ ਨੇਤਾ ਨੂੰ ਭੰਡੀ ਜਾਪੀ ਹੈ। ਜਿਸ ਟਾਈਮ ਮੈਗਜ਼ੀਨ ਨੇ ਕਦੇ ਉਸ ਦੀ ਫੋਟੋ ਪਹਿਲੇ ਸਫੇ ਉੱਤੇ ਦਿਖਾਈ ਤਾਂ ਉਹ ਆਪਣੇ ਆਪ ਧੰਨ ਸਮਝਦਾ ਸੀ, ਅੱਜ ਉਹੀ ਟਾਈਮ ਜੇ ਭਾਰਤ ਦੇਸ਼ ਦੇ ਸ਼ਮਸਾਨ ਘਾਟਾਂ ਵਿਚ ਮੱਚਦੇ ਸਿਵਿਆਂ ਦੀ ਫੋਟੋ ਛਾਪਦਾ ਹੈ ਤਾਂ ਇਹ ਪ੍ਰਧਾਨ ਮੰਤਰੀ ਨੂੰ ਭੰਡੀ ਜਾਪੀ ਹੈ। ਅਮਰੀਕਾ ਦਾ ਅਖਬਾਰ ਵਾਸਿ਼ੰਗਟਨ ਪੋਸਟ, ਇੰਗਲੈਂਡ ਦਾ ਗਾਰਡੀਅਨ ਅਤੇ ਦੁਨੀਆਂ ਭਰ ਦੇ ਮੀਡੀਆ ਚੈਨਲਾਂ ਤੋਂ ਭਾਰਤ ਦੇਸ਼ ਦੇ ਹਾਲਾਤ ਦੀ ਚਰਚਾ ਵਿਚ ਮਰ ਗਏ ਲੋਕਾਂ ਦੇ ਅੰਕੜੇ ਵੀ ਤੇ ਮਰਨਾਊ ਪਏ ਲੋਕਾਂ ਦੇ ਅੰਕੜੇ ਵੀ ਪੇਸ਼ ਕੀਤੇ ਜਾਂਦੇ ਹਨ ਤਾਂ ਇਹ ਭਾਰਤ ਦੀ ਭੰਡੀ ਜਾਪੀ ਹੈ। ਉਹ ਲੋਕ ਭਾਰਤ ਦੀ ਭੰਡੀ ਨਹੀਂ ਕਰਦੇ, ਹਰ ਪੇਸ਼ਕਾਰੀ ਦੇ ਵਕਤ ਇਹ ਕਹਿੰਦੇ ਹਨ ਕਿ ਇਹ ਹਾਲਤ ਭਾਰਤ ਦੇ ਇੱਕ ਨੇਤਾ ਦੇ ਚੋਣ ਚਸਕੇ ਕਾਰਨ ਪੈਦਾ ਹੋਈ ਹੈ। ਇਸ ਵਿਚ ਇੱਕ ਦੇਸ਼ ਦੀ ਭੰਡੀ ਨਹੀਂ, ਘੁਮੰਡ ਦੇ ਘੋੜੇ ਉੱਤੇ ਚੜ੍ਹੇ ਹੋਏ ਇੱਕ ਨੇਤਾ ਦੀ ਮਰਦੇ ਪਏ ਲੋਕਾਂ ਵਾਸਤੇ ਕੁਝ ਕਰਨ ਦੀ ਥਾਂ ਉਸ ਦੇ ਆਪਣੇ ਰਾਜ ਦੀਆਂ ਹੱਦਾਂ ਹੋਰ ਵਧਾਉਣ ਦੀ ਵਡੇਰੀ ਲਾਲਸਾ ਦਾ ਖੁਲਾਸਾ ਕੀਤਾ ਸਮਝਿਆ ਜਾ ਸਕਦਾ ਹੈ।
ਬਾਹਰਲੇ ਦੇਸ਼ਾਂ ਵਾਲੇ ਬੋਲਦੇ ਹਨ ਤਾਂ ਭਾਰਤ ਦੀ ਭੰਡੀ ਕਰਦੇ ਜਾਪਦੇ ਹਨ, ਆਪਣੇ ਲੋਕ ਬੋਲਦੇ ਹਨ ਤਾਂ ਮੋਦੀ ਟੀਮ ਨੂੰ ਉਹ ਵਿਰੋਧੀਆਂ ਦਾ ਕੂੜ-ਪ੍ਰਚਾਰ ਜਾਪਦਾ ਹੈ, ਪਰ ਭਾਜਪਾ ਦੇ ਆਪਣੇ ਅੰਦਰੋਂ ਜੋ ਬੋਲਿਆ ਗਿਆ ਹੈ, ਉਸ ਬਾਰੇ ਪ੍ਰਧਾਨ ਮੰਤਰੀ ਜਾਂ ਉਸ ਦੇ ਚੇਲਿਆਂ ਦੇ ਦੰਦ ਜੁੜੇ ਹੋਏ ਹਨ। ਕੇਂਦਰੀ ਮੰਤਰੀ ਮੰਡਲ ਵਿਚਲੇ ਤਿੰਨ ਚਿਹਰਿਆਂ ਦੇ ਹੱਥ ਸਾਰੀ ਤਾਕਤ ਮੰਨੀ ਜਾਂਦੀ ਹੈ, ਇੱਕ ਪ੍ਰਧਾਨ ਮੰਤਰੀ ਮੋਦੀ, ਦੂਸਰਾ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਤੀਸਰਾ ਨੰਬਰ ਖਜਾਨਾ ਮੰਤਰੀ ਨਿਰਮਲਾ ਸੀਤਾਰਮਨ ਦਾ ਹੈ। ਨਿਰਮਲਾ ਸੀਤਾਰਮਨ ਜਦੋਂ ਇਕਨਾਮਿਕਸ ਪੜ੍ਹਨ ਲਈ ਕਲਾਸ ਵਿਚ ਬੈਠਦੀ ਸੀ, ਉਸ ਦਾ ਪਤੀ ਪਰਕਲਾ ਪ੍ਰਭਾਕਰ ਉਸ ਦੇ ਨਾਲ ਇਕਨਾਮਿਕਸ ਦਾ ਵਿਦਿਆਰਥੀ ਹੁੰਦਾ ਸੀ। ਦੋਵੇਂ ਇਕੱਠੇ ਪੜ੍ਹੇ ਹਨ, ਪਰ ਉਸ ਦਾ ਪਤੀ ਇਸ ਮੰਤਰੀ ਬੀਬੀ ਵਾਂਗ ਰਾਜਨੀਤੀ ਦੇ ਰਾਹ ਦਾ ਪਾਂਧੀ ਨਾ ਹੋਣ ਕਾਰਨ ਤੇ ਕਿਸੇ ਕੁਰਸੀ ਦੀ ਝਾਕ ਨਾ ਰੱਖਣ ਕਾਰਨ ਅਜੇ ਵੀ ਸੱਚ ਬੋਲਣ ਨੂੰ ਠੀਕ ਸਮਝਦਾ ਹੈ। ਉਸ ਨੇ ਇੱਕ ਦਿਨ ਇਸ ਦੇਸ਼ ਦੇ ਗਰੀਬਾਂ ਦੀ ਅਸਲੀ ਹਾਲਤ ਬਾਰੇ ਲੇਖ ਲਿਖ ਦਿੱਤਾ, ਸਾਰੇ ਪਾਸੇ ਧੁੰਮ ਮੱਚ ਗਈ ਅਤੇ ਪ੍ਰਧਾਨ ਮੰਤਰੀ ਦੀ ਸਾਰੀ ਟੀਮ ਨੂੰ ਏਦਾਂ ਸੱਪ ਸੁੰਘ ਗਿਆ ਕਿ ਸਾਰਿਆਂ ਦੀ ਜ਼ਬਾਨ ਤਾਲੂ ਨਾਲ ਲੱਗ ਗਈ। ਕਿਸੇ ਨੇ ਉਸ ਦੇ ਲੇਖ ਦੀ ਕਿਸੇ ਗੱਲ ਬਾਰੇ ਕੋਈ ਟਿਪਣੀ ਤੱਕ ਕਰਨ ਦੀ ਹਿੰਮਤ ਨਹੀਂ ਦਿਖਾਈ, ਕਿਉਂਕਿ ਉਸ ਨੇ ਸੱਚ ਕਿਹਾ ਸੀ।
ਨਿਰਮਲਾ ਦੇ ਪਤੀ ਪਰਕਲਾ ਪ੍ਰਭਾਕਰ ਨੇ ਕਿਹਾ ਕਿ ਜਿਨ੍ਹਾਂ ਦੇ ਘਰ ਵਿਚ ਮੌਤ ਹੁੰਦੀ ਹੈ, ਉਨ੍ਹਾਂ ਨੂੰ ਦੁੱਖ ਪਤਾ ਹੈ; ਤੁਹਾਡੇ ਘਰੀਂ ਕੋਈ ਮੌਤ ਨਹੀਂ ਹੋਈ, ਤੁਹਾਨੂੰ ਇਸ ਦਾ ਦੁੱਖ ਨਹੀਂ, ਇਸ ਲਈ ਤੁਸੀਂ ਚੋਣ ਮੁਹਿੰਮਾਂ ਵਿਚ ਰੁੱਝੇ ਹੋ। ਤੁਹਾਡੇ ਸੰਤਾਂ ਲਈ ਕੁੰਭ ਵਾਲਾ ਇਸ਼ਨਾਨ ਕਰਨ ਮੌਕੇ ਭੀੜਾਂ ਸੱਦਣੀਆਂ ਜ਼ਰੂਰੀ ਹਨ ਅਤੇ ਮੁਲਕ ਮਰਦਾ ਦਿੱਸ ਨਹੀਂ ਸਕਿਆ। ਪਰਕਲਾ ਪ੍ਰਭਾਕਰ ਨੇ ਕਿਹਾ ਕਿ ਤੁਹਾਡੀ ਇੱਕ ਨੀਤੀ ਬਣ ਗਈ ਹੈ ਕਿ ਦੇਸ਼ ਦੇ ਲੋਕਾਂ ਨੂੰ ਰੋਣ ਦਿਓ, ਰੋਣ ਪਿੱਛੋਂ ਚੁੱਪ ਕਰ ਜਾਣਗੇ। ਪਹਿਲਾਂ ਤੁਸੀਂ ਨੋਟਬੰਦੀ ਕੀਤੀ ਤਾਂ ਲੋਕ ਰੋ ਕੇ ਚੁੱਪ ਕਰ ਗਏ ਸਨ, ਇਸ ਵਾਰੀ ਵੀ ਤੁਸੀਂ ਇਹੋ ਸੋਚ ਰਹੇ ਹੋ, ਪਰ ਇਸ ਵਾਰੀ ਲੋਕਾਂ ਦੀ ਜੇਬ ਨਹੀਂ ਕੱਟੀ ਗਈ, ਜਿ਼ੰਦਗੀ ਦੀ ਤੰਦ ਕੱਟੀ ਜਾ ਰਹੀ ਹੈ ਤਾਂ ਉਹ ਛੇਤੀ ਕੀਤੇ ਚੁੱਪ ਨਹੀਂ ਹੋਣਗੇ।
ਸਾਨੂੰ ਸੱਤ ਕੁ ਸਾਲ ਪਹਿਲਾਂ ਦੀ ਇੱਕ ਗੱਲ ਅਜੇ ਚੇਤਾ ਹੈ। ਉਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਵਾਸਤੇ ਦਿੱਲੀ ਦੀ ਉਡਾਰੀ ਲਾਉਣ ਲੱਗਾ ਤਾਂ ਉਸ ਨੇ ਆਪਣੀ ਥਾਂ ਸਭ ਤੋਂ ਸੀਨੀਅਰ ਮੰਤਰੀ ਆਨੰਦੀ ਬੇਨ ਪਟੇਲ ਨੂੰ ਗੁਜਰਾਤ ਦੀ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ। ਅਚਾਨਕ ਲੋਕਾਂ ਨੂੰ ਆਨੰਦੀ ਬੇਨ ਪਟੇਲ ਦੇ ਪਤੀ ਮਫਤ ਲਾਲ ਪਟੇਲ ਦਾ ਐਲਾਨ ਪੜ੍ਹਨ ਨੂੰ ਮਿਲਿਆ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ, ਕਿਉਂਕਿ ਉਸ ਦੀ ਨਜ਼ਰ ਵਿਚ ਭ੍ਰਿਸ਼ਟਾਚਾਰ ਦਾ ਭੜੋਲਾ ਬਣੀ ਕਾਂਗਰਸ ਤੇ ਫਿਰਕਾਪ੍ਰਸਤ ਹਜੂਮ ਵਾਲੀ ਭਾਜਪਾ ਵਿਚ ਜਾਣ ਦੀ ਥਾਂ ਇਹ ਪਾਰਟੀ ਦੋਹਾਂ ਨਾਲੋਂ ਕੁਝ ਹੱਦ ਤੱਕ ਵੱਧ ਠੀਕ ਲੱਗੀ ਹੈ। ਭਾਜਪਾ ਵਿਚ ਭਾਜੜ ਪੈ ਗਈ। ਪ੍ਰਧਾਨ ਮੰਤਰੀ ਲਈ ਉਡਾਰੀ ਲਾਉਣ ਨੂੰ ਤਿਆਰ ਨਰਿੰਦਰ ਮੋਦੀ ਨੂੰ ਲੱਗਾ ਕਿ ਘਰ ਵਿਚੋਂ ਉੱਠੀ ਇਹ ਵਿਰੋਧ ਦੀ ਸੁਰ ਜੜ੍ਹੀਂ ਨਾ ਬੈਠ ਜਾਵੇ, ਇਸ ਲਈ ਹਰ ਪਾਸੇ ਤੋਂ ਮਫਤ ਲਾਲ ਪਟੇਲ ਉੱਤੇ ਭਾਜਪਾ ਵਿਚ ਵਾਪਸੀ ਦਾ ਦਬਾਅ ਪਾਇਆ ਗਿਆ। ਬਹੁਤ ਮੁਸ਼ਕਿਲ ਵਾਪਸ ਮੁੜਨਾ ਮੰਨ ਕੇ ਵੀ ਉਸ ਨੇ ਪ੍ਰੈੱਸ ਦੇ ਸਾਹਮਣੇ ਇਹ ਗੱਲ ਕਹਿ ਦਿੱਤੀ ਕਿ ਉਂਜ ਤਾਂ ਭਾਜਪਾ ਤੋਂ ਆਮ ਆਦਮੀ ਪਾਰਟੀ ਚੰਗੀ ਹੈ, ਪਰ ਮੇਰੇ ਪਰਿਵਾਰ ਦੀ ਰਾਏ ਹੈ ਕਿ ਇਸ ਨਾਲ ਪਰਿਵਾਰ ਲਈ ਮੁਸ਼ਕਿਲਾਂ ਆਉਣਗੀਆਂ ਤੇ ਬੱਚਿਆਂ ਦਾ ਭਵਿੱਖ ਵੀ ਖਰਾਬ ਹੋ ਸਕਦਾ ਹੈ, ਇਸ ਲਈ ਮੈਂ ਫਿਰ ਭਾਜਪਾ ਨਾਲ ਹੀ ਰਹਿਣ ਦਾ ਫੈਸਲਾ ਕੀਤਾ ਹੈ। ਉਸ ਦੇ ਪਹਿਲੇ ਜਾਂ ਦੂਸਰੇ ਮੋੜਾ ਕੱਟਦੇ ਬਿਆਨ ਦਾ ਭਾਜਪਾ ਦੇ ਕਿਸੇ ਵੀ ਆਗੂ ਨੇ ਅੱਜ ਤੱਕ ਕਦੇ ਕੋਈ ਖੰਡਨ ਨਹੀਂ ਕੀਤਾ।
ਅੱਜ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆਂ ਭਰ ਦਾ ਮੀਡੀਆ ਭੰਡੀ ਕਰਦਾ ਜਾਪਦਾ ਹੈ ਤਾਂ ਭਾਜਪਾ ਦੀ ਸਾਰੀ ਮੀਡੀਆ ਟੀਮ ਇਸ ਦੇ ਟਾਕਰੇ ਵਾਸਤੇ ਸਿਰ-ਪਰਨੇ ਹੋ ਗਈ ਹੈ। ਉਰਦੂ ਦਾ ਸ਼ੇਅਰ ਹੈ, ‘ਸਾਰੀ ਉਮਰ ਏਕ ਹੀ ਗਲਤੀ ਦੁਹਰਾਤੇ ਰਹੇ। ਧੂਲ ਚਿਹਰੇ ਪੇ ਥੀ, ਪੋਂਛਾ ਆਈਨੇ ਪਰ ਲਗਾਤੇ ਰਹੇ।’ ਭਾਜਪਾ ਦੀ ਇਹ ਪੋਚਾ ਮਾਰਨ ਦੇ ਕੰਮ ਲੱਗੀ ਹੋਈ ਅਤੇ ਅਸਲ ਵਿਚ ਲਾਈ ਹੋਈ ਟੀਮ ਵੀ ਦੁਨੀਆਂ ਭਰ ਦੇ ਮੀਡੀਏ ਦੇ ਕਹੇ ਸ਼ਬਦਾਂ ਉੱਤੇ ਪੋਚਾ ਫੇਰ ਕੇ ਖੁਸ਼ ਹੋਣ ਦੀ ਕੋਸਿ਼ਸ਼ ਕਰਦੀ ਹੈ, ਪਰ ਘਰ ਵਿਚੋਂ ਲਿਖੇ ਗਏ ਖਜਾਨਾ ਮੰਤਰੀ ਬੀਬੀ ਨਿਰਮਲਾ ਸੀਤਾਰਮਨ ਦੇ ਪਤੀ ਪਰਕਲਾ ਪ੍ਰਭਾਕਰ ਦੇ ਲੇਖ ਦਾ ਕੋਈ ਖੰਡਨ ਕਰਨ ਦੀ ਹਿੰਮਤ ਅਜੇ ਨਹੀਂ ਕਰ ਸਕੀ। ਉਸ ਨੇ ਏਡਾ ਕੌੜਾ ਸੱਚ ਪੇਸ਼ ਕੀਤਾ ਹੈ ਕਿ ਉਸ ਦਾ ਮੰਡਨ, ਅਰਥਾਤ ਉਸ ਨੂੰ ਮੰਨਣਾ ਭਾਜਪਾ ਲੀਡਰਸਿ਼ਪ ਲਈ ਔਖਾ ਹੈ, ਪਰ ਖੰਡਨ ਕਰਨਾ ਉਸ ਤੋਂ ਵੀ ਵੱਧ ਔਖਾ ਹੈ। ਜੇ ਉਸ ਦੇ ਲੇਖ ਦਾ ਖੰਡਨ ਕਰਨ ਦਾ ਯਤਨ ਕੀਤਾ ਗਿਆ ਤਾਂ ਉਹ ਜਿਸ ਕਿਸਮ ਦਾ ਵਿਦਵਾਨ ਆਦਮੀ ਹੈ, ਭੜਕ ਕੇ ਅਗਲੇ ਲੇਖ ਵਿਚ ਅੰਕੜਿਆਂ ਅਤੇ ਤੱਥਾਂ ਦਾ ਇਹੋ ਜਿਹਾ ਖਿਲਾਰਾ ਪਾ ਸਕਦਾ ਹੈ ਕਿ ਭਾਜਪਾ ਲੀਡਰਾਂ ਲਈ ਉਸ ਨਵੇਂ ਕੂੜੇ ਦੀ ਬਦਬੋ ਦੇ ਸਾਹਮਣੇ ਆਪਣੇ ਨੱਕ ਬੰਦ ਕਰਨੇ ਪੈ ਜਾਣਗੇ।
ਭਾਰਤ, ਤੂੰ ਇਹੋ ਜਿਹੀ ਲੀਡਰਸਿ਼ਪ ਦੀ ਜਕੜ ਵਿਚ ਬੁਰੀ ਤਰ੍ਹਾਂ ਫਸ ਚੁਕਾ ਹੈਂ, ਜੋ ਚੀਕਾਂ ਵੀ ਕਢਾਉਂਦੀ ਹੈ, ਮਰ ਗਿਆਂ ਨੂੰ ਰੋਣ ਵੀ ਨਹੀਂ ਦੇਣਾ ਚਾਹੁੰਦੀ ਤੇ ਸੱਚਾਈ ਦੇ ਦਰਸ਼ਨ ਕਰਨ ਦੀ ਥਾਂ ਸ਼ੀਸ਼ਾ ਸਾਫ ਕਰਨ ਵਿਚ ਸਫਲ ਨਾ ਹੋਵੇ ਤਾਂ ਸ਼ੀਸ਼ਾ ਭੰਨਣ ਨੂੰ ਤਿਆਰ ਹੋ ਸਕਦੀ ਹੈ। ਇਸੇ ਲਈ ਸਰਕਾਰ-ਦਰਬਾਰ ਤੋਂ ਆਵਾਜ਼ਾਂ ਉੱਠ ਰਹੀਆਂ ਹਨ ਕਿ ਜਿਹੜਾ ਕੋਈ ਸਰਕਾਰ ਜਾਂ ਸਿਸਟਮ ਦੀ ਭੰਡੀ ਕਰੇਗਾ, ਉਸ ਦੇ ਖਿਲਾਫ ਕਾਰਵਾਈ ਹੋ ਸਕਦੀ ਹੈ। ਇਹ ਆਵਾਜ਼ਾਂ ਅਜੇ ਹੇਠਲੇ ਲੀਡਰਾਂ ਵੱਲੋਂ ਕੱਢੀਆਂ ਗਈਆਂ ਹਨ, ਤਾਂ ਕਿ ਪਰਖਿਆ ਜਾਵੇ ਕਿ ਲੋਕ ਬਰਦਾਸ਼ਤ ਕਰਨ ਨੂੰ ਤਿਆਰ ਹੋ ਸਕਦੇ ਹਨ ਕਿ ਨਹੀਂ, ਜੇ ਲੋਕ ਇਹ ਵਾਰ ਝੱਲ ਗਏ ਤਾਂ ਅਗਲੀ ਸੱਟ ਪੈ ਸਕਦੀ ਹੈ।
ਭਾਰਤ ਦੇ ਲੋਕਾਂ ਨੇ ਬਹੁਤ ਸਾਰੇ ਹੱਲ ਝੱਲੇ ਹੋਏ ਹਨ, ਜਿਸਮਾਨੀ ਵੀ ਅਤੇ ਰੂਹਾਨੀ ਵੀ, ਪਰ ਉਹ ਕਦੇ ਚੁੱਪ ਨਹੀਂ ਕਰਵਾਏ ਜਾ ਸਕੇ। ਇਸ ਨਵੇਂ ਹੱਲੇ ਅੱਗੇ ਵੀ ਲੋਕ ਝੁਕਣ ਨਹੀਂ ਲੱਗੇ, ਪਰ ਇਸ ਵਕਤ ਵੱਡਾ ਸਵਾਲ ਉਸ ਹੱਲੇ ਦੇ ਹੋਣ ਅਤੇ ਕਿਸ ਵੇਲੇ ਹੋਣ ਦਾ ਨਹੀਂ, ਸਗੋਂ ਇਸ ਨਾਲੋਂ ਵੱਡਾ ਸਵਾਲ ਇਹ ਹੈ ਕਿ ਅਪਰੈਲ ਵਿਚ ਜਿਸ ਭਾਰਤ ਨੇ ਪੰਜਾਹ ਹਜ਼ਾਰ ਦੇ ਨੇੜੇ ਮੌਤਾਂ ਦਾ ਸਦਮਾ ਅਪਰੈਲ ਵਿਚ ਝੱਲਿਆ ਹੈ, ਉਸ ਨੂੰ ਮਈ ਵਿਚ ਕਿੰਨੀ ਮਾਰ ਝੱਲਣੀ ਪਵੇਗੀ! ਏਦਾਂ ਦੇ ਹਾਲਤ ਮੂਹਰੇ ਸਭ ਤੋਂ ਵੱਡੀ ਆਸ ਤਾਂ ਮੌਕੇ ਦੀ ਸਰਕਾਰ ਤੋਂ ਹੁੰਦੀ ਹੈ, ਪਰ ਜਿਸ ਸਰਕਾਰ ਦੇ ਆਪਣੇ ਮੰਤਰੀਆਂ ਦੇ ਘਰਾਂ ਵਿਚੋਂ ਇਹ ਕਿਹਾ ਜਾਣ ਲੱਗਾ ਹੈ ਕਿ ਸਰਕਾਰ ਬੇਦਰਦ ਹੈ, ਉਸ ਦੇਸ਼ ਵਿਚ ਲੋਕਾਂ ਨੂੰ ਆਪਣੀ ਮਦਦ ਆਪ ਕਰਨੀ ਪੈਣੀ ਹੈ। ਭਾਰਤ, ਤੂੰ ਏਨਾ ਕਰੀਂ ਕਿ ਆਪਣੇ ਲੋਕਾਂ ਨੂੰ ਦੱਸ ਦੇਵੀਂ ਕਿ ਬਾਬੇ ਕਹਿੰਦੇ ਹੁੰਦੇ ਸਨ, ਹਨੇਰੀਆਂ ਨਾਲ ਬੁੱਢੇ ਬੋਹੜ ਉੱਖੜ ਜਾਂਦੇ ਹਨ, ਸੰਘਣੇ ਰੁੱਖਾਂ ਦੀ ਝਿੜੀ ਕਦੇ ਨਹੀਂ ਪੁੱਟੀ ਗਈ। ਸੰਕਟ ਦੇ ਸਮੇਂ ਵਿਚ ਲੋਕ ਤਦੇ ਹੀ ਟਿਕੇ ਰਹਿ ਸਕਦੇ ਹਨ, ਜੇ ਝਿੜੀ ਦੇ ਵਾਂਗ ਉਹ ਆਪਸੀ ਕੜੰਘੜੀਆਂ ਮਜ਼ਬੂਤ ਕਰ ਲੈਣ, ਦੁਨੀਆਂ ਭਰ ਵਿਚ ਖਿੱਲਰੀ ਮਨੁੱਖਤਾ ਦੇ ਨਾਲ ਆਪਣੇ ਸੰਬੰਧ ਏਨੇ ਸੁਖਾਵੇਂ ਰੱਖਣ ਕਿ ਇੱਕ ਦੂਸਰੇ ਦੀ ਬਾਂਹ ਫੜ ਸਕੀਏ। ਭਾਰਤ! ਤੂੰ ਬੱਸ ਏਨਾ ਕੁ ਕਸ਼ਟ ਕਰ ਦੇਵੀਂ!