ਪੰਜਾਬ ਤੇ ਹਰਿਆਣਾ ਦੇ ਧਰਨਿਆਂ ਵਿਚ ਕਿਸਾਨਾਂ ਦੀ ਗਿਣਤੀ ਵਧੀ

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਅਤੇ ਹਰਿਆਣਾ ਵਿਚ ਚੱਲ ਰਹੇ ਪੱਕੇ ਮੋਰਚਿਆਂ ਵਿਚ ਹਾੜ੍ਹੀ ਦੇ ਸੀਜ਼ਨ ਦੌਰਾਨ ਨੌਜਵਾਨਾਂ ਅਤੇ ਔਰਤਾਂ ਦੀ ਸ਼ਮੂਲੀਅਤ ਵਧਣ ਲੱਗ ਪਈ ਹੈ। ਦੋਵਾਂ ਸੂਬਿਆਂ ਤੋਂ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਦਿੱਲੀ ਮੋਰਚਿਆਂ ਵੱਲ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਦਿੱਲੀ ਕਿਸਾਨ ਮੋਰਚਿਆਂ ‘ਤੇ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕ, ਭਾਜਪਾ ਆਗੂਆਂ ਦੇ ਘਰਾਂ/ਦਫਤਰਾਂ ਸਾਹਮਣੇ ਕਿਸਾਨ ਧਰਨਿਆਂ ਵਿਚ ਹਾਜ਼ਰੀ ਵਧੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਜਿੰਨੇ ਕਿਸਾਨਾਂ ਲਈ ਮਾਰੂ ਹਨ, ਉਨੇ ਹੀ ਰੋਜ਼ ਕਮਾ ਕੇ ਖਾਣ ਵਾਲੇ ਮਜ਼ਦੂਰਾਂ ਦੇ ਵਿਰੋਧੀ ਹਨ।
ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਪੂੰਜੀਪਤੀਆਂ ਦੀ ਮਾਲਕੀ ਵਾਲੀਆਂ ਮੰਡੀਆਂ ਪੈਦਾ ਹੋਣਗੀਆਂ, ਜਿਨ੍ਹਾਂ ਵਿਚ ਮਸ਼ੀਨਾਂ ਦੀ ਭਰਮਾਰ ਹੋਵੇਗੀ ਅਤੇ ਰੁਜ਼ਗਾਰ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਟਰੇਡ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇ, ਜਿਸ ਨਾਲ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਨੀਤੀਆਂ ਬਾਰੇ ਵਿਰੋਧਤਾ ਸਪੱਸ਼ਟ ਹੋ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਮਨਸੂਬੇ ਕਦੇ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਰਤਨ ਸਿੰਘ ਮਾਨ ਨੇ ਕਿਹਾ ਕਿ ਜਦੋਂ ਲੋਕਾਂ ਵੱਲੋਂ ਗਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਸੂਬਾ ਸਰਕਾਰ ਜਾਣ-ਬੁੱਝ ਕੇ ਲੋਕਾਂ ਵਿਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਅਤੇ ਗਠਜੋੜ ਸਰਕਾਰ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜੋ ਕਿ ਭਵਿੱਖ ਵਿਚ ਵੀ ਜਾਰੀ ਰਹੇਗਾ। ਸ੍ਰੀ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਫਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ ਅਤੇ ਮੰਗਾਂ ਮਨਵਾਏ ਬਿਨਾਂ ਕਿਸਾਨ ਪਿੱਛੇ ਨਹੀਂ ਹਟਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਨੂੰ ਪੜਾਅਵਾਰ ਅੱਗੇ ਵਧਾਉਂਦਿਆਂ ਹੀ ਮੋਦੀ ਹਕੂਮਤ ਦੇ ਲੋਕ ਵਿਰੋਧੀ ਹੱਲੇ ਨੂੰ ਪਛਾੜਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਦਿੱਲੀ ਕਿਸਾਨ ਸੰਘਰਸ਼ ‘ਚ ਪੂਰੇ ਜੋਰ ਸ਼ੋਰ ਨਾਲ ਸ਼ਾਮਲ ਹੋਣ, ਪਿੰਡ ਵਿਚੋਂ ਵਾਰੀ ਬੰਨ੍ਹ ਕੇ ਲਗਾਤਾਰ ਸੰਘਰਸ਼ ‘ਚ ਸ਼ਾਮਲ ਹੋਣ, ਸੰਘਰਸ਼ ਹਿੱਤ ਵੱਧ ਤੋਂ ਵੱਧ ਫੰਡ ਇਕੱਠਾ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਇਪਟਾ ਮੋਗਾ ਦੀ ਨਾਟਕ ਟੀਮ ਵੱਲੋਂ ਚਰਚਿਤ ਨਾਟਕ ‘ਡਰਨਾ‘ ਪੇਸ਼ ਕਰਕੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਪਿੰਡਾਂ ਵਿਚ ਵੀ ਨਾਟਕ ਖੇਡ ਕੇ ਲੋਕਾਂ ਨੂੰ ਸੰਘਰਸ਼ ਨਾਲ ਜੁੜਨ ਦਾ ਸੱਦਾ ਦਿੱਤਾ।
___________________________________________
ਅੰਦੋਲਨਕਾਰੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ
ਚੰਡੀਗੜ੍ਹ: ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਜਥੇਬੰਦੀਆਂ ਨੇ ਧਰਨਾਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਲਾਹੁਣ ਲਈ ਝੂਠੀਆਂ ਅਫਵਾਹਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਕੇਂਦਰ ਸਰਕਾਰ ਲਈ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਇਸ ਵੇਲੇ ਅਫਵਾਹਾਂ ਤੋਂ ਸੁਚੇਤ ਰਹਿੰਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨੇ ਗਏ ਪ੍ਰੋਗਰਾਮਾਂ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਚੱਲਦੇ ਸੰਘਰਸ਼ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਸਾਹਮਣੇ ਆਉਂਦੀਆਂ ਹਨ। ਖਾਸ ਕਰ ਕਰੋਨਾ ਸੰਕਟ ਦੌਰਾਨ ਵਿਰੋਧੀ ਮੋਰਚੇ ਨੂੰ ਬਦਨਾਮ ਕਰਨ, ਖਿੰਡਾਉਣ ਲਈ ਹਰ ਹੀਲਾ ਵਰਤ ਰਿਹਾ ਹੈ। ਅਜਿਹੇ ਹਾਲਾਤ ਵਿਚ ਮੋਰਚੇ ਦੀ ਅਸੂਲੀ ਇਕਜੁਟਤਾ ਬਹੁਤ ਜ਼ਰੂਰੀ ਹੈ।