ਕੋਟਕਪੂਰਾ ਗੋਲੀ ਕਾਂਡ: ਸਿਆਸੀ ਤੇ ਪੰਥਕ ਧਿਰਾਂ ਵੱਲੋਂ ਸਰਕਾਰ ਦੀ ਘੇਰਾਬੰਦੀ

ਫਰੀਦਕੋਟ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਨੂੰ ਜਾਂਚ ਟੀਮ ‘ਚੋਂ ਬਾਹਰ ਕਰਨ ਦੇ ਰੋਸ ਵਜੋਂ ਸਿਆਸੀ ਪਾਰਟੀਆਂ ਅਤੇ ਪੰਥਕ ਧਿਰਾਂ ਨੇ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਹਾਈ ਕੋਰਟ ਦੇ ਫੈਸਲੇ ਦੀਆਂ ਕਾਪੀਆਂ ਫੂਕੀਆਂ।

ਇਸ ਮੌਕੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਇਸੇ ਚੌਕ ਵਿਚ 14 ਅਕਤੂਬਰ 2015 ਨੂੰ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ, ਜਿਸ ਵਿਚ ਸੌ ਤੋਂ ਵੱਧ ਮੁਜ਼ਾਹਰਾਕਾਰੀ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਨਾਲ ਇਨਸਾਫ ਦੇ ਨਾਂ ‘ਤੇ ਮਜ਼ਾਕ ਕੀਤਾ ਗਿਆ ਹੈ। ਸਿਆਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੋਲੀ ਕਾਂਡ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਅਤੇ ਮੁਲਜ਼ਮਾਂ ਖਿਲਾਫ ਜਾਣ ਬੁੱਝ ਕੇ ਪੁਖਤਾ ਕਾਰਵਾਈ ਨਹੀਂ ਕੀਤੀ। ਲੁਧਿਆਣਾ ਦੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸਮੁੱਚੀ ਸਿੱਖ ਸੰਗਤ ਗੋਲੀ ਕਾਂਡ ਦੇ ਮੁਲਜ਼ਮਾਂ ਲਈ ਸਜ਼ਾ ਮੰਗ ਰਹੀ ਸੀ ਪਰ ਪੰਜਾਬ ਸਰਕਾਰ ਦੇ ਦੋਗਲੇ ਰਵੱਈਏ ਕਾਰਨ ਇਨਸਾਫ ਦੀ ਆਸ ਮੱਧਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਸੂਬਾ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰ ਦੇ ਨਾਲ ਨਾਲ ਅਦਾਲਤਾਂ ਨੇ ਵੀ ਪੀੜਤਾਂ ਨੂੰ ਇਨਸਾਫ ਨਹੀਂ ਦਿੱਤਾ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਿਸ ਤਰ੍ਹਾਂ ਜੱਲ੍ਹਿਆਂਵਾਲਾ ਬਾਗ ਕਾਂਡ ਦੇ ਮੁਲਜ਼ਮਾਂ ਨੂੰ ਸਜਾਵਾਂ ਨਹੀਂ ਮਿਲੀਆਂ, ਉਸੇ ਤਰ੍ਹਾਂ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮ ਵੀ ਪੰਜਾਬ ਸਰਕਾਰ ਨੇ ਸਜ਼ਾ ਤੋਂ ਬਚਾਅ ਲਏ ਹਨ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਾਲੀ ਦਲ ਨੂੰ ਬਚਾਉਣ ਲਈ ਅੰਦਰ ਖਾਤੇ ਸਮਝੌਤਾ ਕੀਤਾ ਹੋਇਆ ਹੈ, ਇਸੇ ਕਰਕੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਆਪਣੇ ਸਹੀ ਅੰਜਾਮ ਤਕ ਨਹੀਂ ਪਹੁੰਚ ਸਕੀ। ਇਸ ਧਰਨੇ ਨੂੰ ਭਦੌੜ ਦੇ ਵਿਧਾਇਕ ਪਿਰਮਿਲ ਸਿੰਘ, ਅਰਵਿੰਦਰਪਾਲ ਸਿੰਘ, ਗੁਰਪਿੰਦਰ ਸਿੰਘ ਤੇ ਕੌਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਬਹਿਬਲ ਗੋਲੀ ਕਾਂਡ ਦੇ ਪੀੜਤ ਸੁਖਰਾਜ ਸਿੰਘ ਅਤੇ ਸਾਧੂ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਗੋਲੀ ਕਾਂਡ ਅਤੇ ਬੇਅਦਬੀ ਦਾ ਸਿਆਸੀ ਲਾਹਾ ਲੈਣ ਦੀ ਥਾਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ। ਅਜਿਹਾ ਨਾ ਹੋਣ ‘ਤੇ ਸਮੁੱਚੀ ਸਿੱਖ ਸੰਗਤ ਨੂੰ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰਨਾ ਪਵੇਗਾ।
___________________________________________________
ਲੋਕ ਸਰਕਾਰ ਖਿਲਾਫ ਆਵਾਜ਼ ਉਠਾਉਣ: ਢੀਂਡਸਾ
ਚੰਡੀਗੜ੍ਹ: ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਹਾਈਕੋਰਟ ਵੱਲੋਂ ਜਾਂਚ ਰਿਪੋਰਟ ਨੂੰ ਰੱਦ ਕਰ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਕੈਪਟਨ ਨੇ ਬਾਦਲਾਂ ਨੂੰ ਇਸ ਮਾਮਲੇ ‘ਚ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਇਸ ਨਾਲ ਇਕ ਵਾਰ ਫਿਰ ਤੋਂ ਕੈਪਟਨ ਅਤੇ ਬਾਦਲਾਂ ਦੀ ਦੋਸਤੀ ਜੱਗ ਜ਼ਾਹਿਰ ਹੋ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਮੂਰਖ ਸਮਝਣ ਵਾਲੀ ਕੈਪਟਨ ਸਰਕਾਰ ਖਿਲਾਫ ਵਿਦਰੋਹ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਥ ਤੇ ਪੰਜਾਬ ਵਿਰੋਧੀ ਬਾਦਲਾਂ ਤੇ ਕਾਂਗਰਸ ਨੂੰ ਹਰਾ ਕੇ ਕਰਾਰਾ ਜਵਾਬ ਦੇਣ।