ਹਾੜ੍ਹੀ ਸਾਂਭਣ ਤੋਂ ਬਾਅਦ ਕਿਸਾਨਾਂ ਨੇ ਮੁੜ ਪਾਏ ਮੋਰਚਿਆਂ ਵੱਲ ਚਾਲੇ

ਚੰਡੀਗੜ੍ਹ: ਹਾੜ੍ਹੀ ਦੀ ਫਸਲ ਸਾਂਭਣ ਤੋਂ ਬਾਅਦ ਖੇਤੀ ਕਾਨੂੰਨਾਂ ਖਿਲਾਫ ਆਰ-ਪਾਰ ਦੀ ਲੜਾਈ ਲਈ ਕਿਸਾਨਾਂ ਨੇ ਮੁੜ ਮੋਰਚਿਆਂ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਿਛਲੇ 5 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਬਰੂੰਹਾਂ ‘ਤੇ ਡਟੇ ਕਿਸਾਨਾਂ ਕੋਲ ਕਣਕ ਦੀ ਫਸਲ ਦੀ ਸਾਂਭ-ਸੰਭਾਲ ਤੋਂ ਬਾਅਦ ਆਉਣ ਵਾਲੇ ਅਗਲੇ 6 ਮਹੀਨਿਆਂ ਦਾ ਰਾਸ਼ਨ ਪਹੁੰਚਣਾ ਸ਼ੁਰੂ ਹੋ ਗਿਆ ਹੈ। ਇਸ ਵਾਰ ਹਜ਼ਾਰਾਂ ਨਹੀਂ ਲੱਖਾਂ ਰੁਪਏ ਦੇ ਫੰਡ ਇਕੱਠੇ ਹੋ ਰਹੇ ਹਨ।

ਕਹਾਣੀ ਇਥੋਂ ਤੱਕ ਪਹੁੰਚ ਗਈ ਹੈ ਕਿ ਕਿਸਾਨ ਵੱਡੀ ਮਾਤਰਾ ਵਿਚ ਫੰਡ ਦੇ ਕੇ ਰਸੀਦਾਂ ਵੱਟਸਐਪ ਗਰੁੱਪਾਂ ਵਿਚ ਆਪ ਮੁਹਾਰੇ ਪਾ ਰਹੇ ਹਨ ਤੇ ਪੰਜਾਬ ਅੰਦਰ ਵੱਡੀ ਪੱਧਰ ‘ਤੇ ਪਿੰਡੋਂ ਪਿੰਡੀ ਦਿੱਲੀ ਆਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ‘ਚ ਮੁੜ ਦਿੱਲੀ ਮੋਰਚੇ ਵਿਚ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ ਪਹੁੰਚਣਗੇ।
ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਸੰਗਰਾਮ ਵਾਂਗ ਹੁਣ ਵੀ ਸੰਘਰਸ਼ ਦੀ ਅਗਵਾਈ ਪੰਜਾਬ ਦੇ ਹਿੱਸੇ ਆਈ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਕੁਰਬਾਨੀਆਂ ਭਰਿਆ ਇਤਿਹਾਸ ਸਿਰਫ ਪੜ੍ਹਿਆ ਹੀ ਨਹੀਂ ਗਿਆ, ਸਗੋਂ ਵਿਰਾਸਤ ਤੋਂ ਸੇਧ ਵੀ ਲਈ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਜਾਰੀ ਹਨ। ਪੰਜਾਬ ਭਰ ਵਿਚ 108 ਥਾਵਾਂ, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿੱਚ ਲਗਾਤਾਰ ਕੇਂਦਰ ਸਰਕਾਰ ਖਿਲਾਫ ਨਾਅਰੇ ਗੂੰਜ ਰਹੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰੀ ਪਾਬੰਦੀਆਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਲਗਾਤਾਰ ਦਿੱਲੀ ਰਵਾਨਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਆਵਾਜ਼ ਵਿਸ਼ਵ ਪੱਧਰ ‘ਤੇ ਗੂੰਜੀ ਹੈ ਪਰ ਤਾਨਾਸ਼ਾਹੀ ਰਵੱਈਏ ‘ਤੇ ਉੱਤਰੀ ਕੇਂਦਰ ਸਰਕਾਰ ਕਾਨੂੰਨ ਵਿਚ ਗਲਤੀਆਂ ਮੰਨਣ ਦੇ ਬਾਵਜੂਦ ਰੱਦ ਕਰਨ ਤੋਂ ਟਾਲਾ ਵੱਟ ਰਹੀ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਅੰਦੋਲਨ ਜਿੱਤ ਕੇ ਹੀ ਘਰ ਮੁੜਨ ਦਾ ਤਹੱਈਆ ਕਰੀ ਬੈਠੇ ਹਨ।
ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਸੰਘਰਸ਼ ‘ਚ ਔਰਤਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਟੇਜਾਂ ‘ਤੇ ਬਾਹਾਂ ਉੱਚੀਆਂ ਕਰ ਕੇ ਜੋਸ਼ੀਲੀਆਂ ਤਕਰੀਰਾਂ ਦਿੰਦੀਆਂ ਭੈਣਾਂ ਸੱਤਾਧਾਰੀ ਜਮਾਤ ਅੱਗੇ ਵੰਗਾਰ ਬਣੀਆਂ ਖੜ੍ਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਆਗੂਆਂ ਨੇ ਕਿਹਾ ਕਿ ਦਿਨਾਂ ਦੀ ਗਿਣਤੀ ਕੋਈ ਅਹਿਮੀਅਤ ਨਹੀਂ ਰੱਖਦੀ, ਉਨ੍ਹਾਂ ਦਾ ਇਕੋ-ਇਕ ਨਿਸ਼ਾਨਾ ਆਪਣੀਆਂ ਮੰਗਾਂ ਮਨਵਾਉਣਾ ਹੈ, ਜਿਸ ਲਈ ਅੰਦੋਲਨ ਭਾਵੇਂ ਕਿੰਨਾ ਵੀ ਲੰਮਾ ਕਿਉਂ ਨਾ ਚਲਾਉਣਾ ਪਵੇ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕਿਸੇ ਵੀ ਧਰਨੇ ਅੰਦਰ ਸਰਕਾਰ ਵੱਲੋਂ ਨਾ ਦਵਾਈ, ਨਾ ਸਿਹਤ ਸਹੂਲਤ ਅਤੇ ਨਾ ਹੀ ਕਿਸੇ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ, ਸਿਰਫ ਉਤੋਂ ਉਤੋਂ ਕਰੋਨਾ ਦਾ ਰੌਲਾ ਪਾਇਆ ਜਾ ਰਿਹਾ ਹੈ। ਨੌਜਵਾਨ ਆਗੂ ਦੀਨਾ ਸਿੰਘ ਸਿਵੀਆ ਨੇ ਕਿਹਾ ਕਿ ਮੁਕੇਸ਼ ਅੰਬਾਨੀ ਦੀ ਕਮਾਈ ਵਧ ਕੇ ਪ੍ਰਤੀ ਘੰਟਾ ਨੱਬੇ ਕਰੋੜ ਹੋ ਗਈ ਹੈ ਜਦੋਂਕਿ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਰੁਜ਼ਗਾਰ ਖਤਮ ਹੋ ਰਿਹਾ ਹੈ। ਕਾਰਪੋਰੇਟ ਘਰਾਣੇ ਕਿਸਾਨਾਂ, ਮਜ਼ਦੂਰਾਂ ਦਾ ਖੂਨ ਚੂਸਦੇ ਹਨ ਜਿਸ ਕਰਕੇ ਦਿਨੋਂ ਦਿਨ ਆਰਥਿਕ ਪਾੜਾ ਵਧ ਰਿਹਾ ਹੈ।
ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਚੋਣਾਂ ਦੇ ਨਤੀਜੇ ਦੱਸਦੇ ਹਨ ਕਿ ਭਾਜਪਾ ਦਿਨੋਂ-ਦਿਨ ਆਪਣੇ ਪਤਨ ਵੱਲ ਵਧ ਰਹੀ ਹੈ। ਲਿਹਾਜ਼ਾ ਇਸ ਘੋਲ ਅੰਦਰ ਕਿਸਾਨਾਂ ਦੀਆਂ ਹੋਈਆਂ ਸ਼ਹੀਦੀਆਂ ਅਜਾਈਂ ਨਹੀਂ ਜਾਣਗੀਆਂ। ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ।