ਅੰਮ੍ਰਿਤਸਰ: ਸੋਸ਼ਲ ਸਾਈਟਾਂ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀਆਂ ਵਾਰਦਾਤਾਂ ਨੇ ਗੰਭੀਰ ਚਰਚਾ ਛੇੜ ਦਿੱਤੀ ਹੈ। ਪਿਛਲੇ ਸਮੇਂ ਦੌਰਾਨ ਵੱਖ-ਵੱਖ ਧਰਮਾਂ ਪ੍ਰਤੀ ਅਪ ਸ਼ਬਦ ਲਿਖੇ ਜਾਣ ਕਰਕੇ ਕਾਫੀ ਵਿਵਾਦ ਛਿੜਦਾ ਰਿਹਾ ਹੈ। ਕੁਝ ਦਿਨ ਪਹਿਲਾਂ ਫੇਸਬੁੱਕ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਰਗੇ ਪਹਿਰਾਵੇ ਵਾਲੀ ਤਸਵੀਰ ਲਾਉਣ ਦਾ ਮਾਮਲਾ ਕਾਫੀ ਚਰਚਾ ਵਿਚ ਰਿਹਾ ਹੈ ਤੇ ਇਸ ਪ੍ਰਤੀ ਸਿੱਖਾਂ ਵਿਚ ਕਾਫੀ ਰੋਸ ਹੈ। ਇਸ ਤੋਂ ਹਫ਼ਤਾ ਬਾਅਦ ਹੀ ਸ੍ਰੀ ਗੁਰੂ ਨਾਨਕ ਦੇਵ ਦੀ ਤਸਵੀਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆ ਗਿਆ ਹੈ।
ਸੋਸ਼ਲ ਸਾਈਟ ਫੇਸਬੁੱਕ ਉਪਰ ਸ੍ਰੀ ਗੁਰੂ ਨਾਨਕ ਦੇਵ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਸੋਸ਼ਲ ਸਾਈਟ ਫੇਸਬੁੱਕ ‘ਤੇ ਸ੍ਰੀ ਗੁਰੂ ਨਾਨਕ ਦੇਵ ਦੀ ਤਸਵੀਰ ਨਾਲ ਛੇੜਛਾੜ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਤੇ ਅਜਿਹੀ ਹਰਕਤ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਚਾਰਾਜੋਈ ਕੀਤੀ ਜਾ ਰਹੀ ਹੈ।
ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਮਾਹਰਾਂ ਦੀ ਰਾਏ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਕੁਝ ਲੋਕਾਂ ਵਲੋਂ ਅਜਿਹੀਆਂ ਕਾਰਵਾਈਆਂ ਨਾਲ ਸਿੱਖ ਭਾਵਨਾਵਾਂ ਨੂੰ ਭੜਕਾਉਣ ਤੇ ਸੂਬੇ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਵਿਅਕਤੀਆਂ ਖਿਲਾਫ਼ ਸਖ਼ਤ ਧਾਰਾ ਹੇਠ ਕੇਸ ਦਰਜ ਕੀਤਾ ਜਾਵੇ।
ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਤੇ ਭੱਦੀ ਸ਼ਬਦਾਵਲੀ ਲਿਖੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸਰਬਜੀਤ ਨਾਂ ਦੇ ਵਿਅਕਤੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਤਸਵੀਰ ਨਾਲ ਛੇੜਛਾੜ ਕਰਦਿਆਂ ਉਸ ਤਸਵੀਰ ਉਪਰ ਆਪਣਾ ਚਿਹਰਾ ਲਾਇਆ ਸੀ ਤੇ ਹੁਣ ਗੁਰੂ ਨਾਨਕ ਦੇਵ ਦੀ ਤਸਵੀਰ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਖਿਆ ਕਿ ਉਹ ਇਸ ਸਬੰਧ ਵਿਚ ਪੰਜਾਬ ਤੇ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਇਸ ਬਾਰੇ ਕਾਨੂੰਨ ਵਿਚ ਤਰਮੀਮ ਕਰਾਉਣ ਲਈ ਯਤਨ ਕਰੇ।
_________________________________________
ਪਾਕਿਸਤਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾੜੇ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਉਥੋਂ ਦੇ ਸੂਕੁਰ ਜ਼ਿਲ੍ਹੇ ਦੇ ਸ਼ਹਿਰ ਪਾਨੋਆਕਿਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾੜਨ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਦੱਸਿਆ ਕਿ 18 ਜੂਨ ਦੀ ਰਾਤ ਨੂੰ ਪਾਨੋਆਕਿਲ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਦਾਖਲ ਹੋ ਕੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੇ ਪਾਵਨ ਸਰੂਪ ਦੇ ਪੱਤਰੇ ਪਾੜੇ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿਖੇਧੀ ਕੀਤੀ ਸੀ। ਹੁਣ ਇਸ ਮਾਮਲੇ ਵਿਚ ਪਾਕਿਸਤਾਨ ਦੀ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਦਖਲ ਦੇ ਕੇ ਪੁਲਿਸ ਨੂੰ ਹਦਾਇਤ ਕਰੇ ਤੇ ਸ਼ਰਾਰਤੀ ਵਿਅਕਤੀਆਂ ਖਿਲਾਫ਼ ਕਾਰਵਾਈ ਹੋਵੇ।
Leave a Reply