ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ‘ਕਿਸਾਨ ਨਿਧੀ ਯੋਜਨਾ` ਦੇ ਪੈਸੇ ਪਾਉਣ ਨੂੰ ਕਿਸਾਨ ਆਗੂਆਂ ਨੇ ਡਰਾਮਾ ਕਰਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ `ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਜਾਰੀ ਰਹੇ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਦੋ ਹਜ਼ਾਰ ਰੁਪਏ ਪਾਉਣ ਦੀ ਅਸਲੀਅਤ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ। ਬੁਲਾਰਿਆਂ ਨੇ ਕਿਹਾ ਕਿ ‘ਕਿਸਾਨ ਨਿਧੀ ਸਕੀਮ` ਅਸਲ ਵਿਚ ਕਿਸਾਨਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਤੋਂ ਵੱਧ ਹੋਰ ਕੁਝ ਵੀ ਨਹੀਂ ਹੈ। ਇਸ ਦੋ ਹਜ਼ਾਰ ਰੁਪਏ ਦੀ ਰਕਮ ਨੂੰ ਪਿਛਲੇ ਸਾਲਾਂ ਦੌਰਾਨ ਡੀਜ਼ਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜਰੂਰਤ ਹੈ। ਲਾਗਤਾਂ ਵਿਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਬਿਲਕੁਲ ਨਾਂਮਾਤਰ ਵਾਧਾ ਕੀਤਾ ਗਿਆ ਹੈ। ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ ਦੀਆਂ ਕੀਮਤਾਂ ਵਿਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ। ਖੇਤੀ ਲਾਗਤਾਂ ਵਿਚ ਇੰਨੇ ਵੱਡੇ ਵਾਧੇ ਦੇ ਮੁਕਾਬਲੇ ਆਉਂਦੇ ਸੀਜ਼ਨ ਲਈ ਝੋਨੇ ਦੀ ਐਮ.ਐਸ.ਪੀ. ਵਿਚ ਮਹਿਜ਼ 72 ਰੁਪਏ ਦਾ ਵਾਧਾ ਕੀਤਾ ਹੈ, ਜੋ ਇਕੱਲੇ ਡੀਜ਼ਲ ਦੀ ਕੀਮਤ ਵਿਚ ਹੋਏ ਵਾਧੇ ਦੀ ਵੀ ਪੂਰਤੀ ਨਹੀਂ ਕਰਦਾ।
ਬੁਲਾਰਿਆਂ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੇ ਹਨ ਤਾਂ ਇਹ ਖੇਤੀ ਕਾਨੂੰਨ ਰੱਦ ਕਿਉਂ ਨਹੀਂ ਕਰਦੇ। ਅਸਲ ਵਿਚ ਦੋ ਹਜ਼ਾਰ ਰੁਪਏ ਦੇਣਾ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇਕ ਢਕਵੰਜ ਹੈ। ਇਸ ਦੌਰਾਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਵਿਚ ਸ਼ਮੂਲੀਅਤ ਲਗਾਤਾਰ ਜਾਰੀ ਹੈ। ਨਵਾਂਸ਼ਹਿਰ, ਬਠਿੰਡਾ, ਗੁਰਦਾਸਪੁਰ ਅਤੇ ਮੋਗਾ ਸਮੇਤ ਹੋਰ ਜਿਲ੍ਹਿਆਂ ਤੋਂ ਕਿਸਾਨਾਂ ਦੇ ਦਰਜਨਾਂ ਜਥੇ ਦਿੱਲੀ ਸੰਘਰਸ਼ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ।
______________________________________
ਖੱਟਰ ਵਲੋਂ ਕਿਸਾਨ ਅੰਦੋਲਨ ਮੁਅੱਤਲ ਕਰਨ ਦੀ ਅਪੀਲ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰੋਨਾ ਕਾਰਨ ਨਿਘਰ ਰਹੇ ਹਾਲਾਤ ਦੇ ਮੱਦੇਨਜਰ ਖੇਤੀ ਕਾਨੂੰਨਾਂ ਖਿਲਾਫ ਜਾਰੀ ਅੰਦੋਲਨ ਨੂੰ ਮੁਅੱਤਲ ਕਰਨ ਲਈ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਧਰਨੇ ਵਾਲੀਆਂ ਥਾਵਾਂ ਤੋਂ ਆਉਣ ਜਾਣ ਕਾਰਨ ਪਿੰਡਾਂ ‘ਚ ਕਰੋਨਾ ਦਾ ਫੈਲਾਅ ਹੋ ਰਿਹਾ ਹੈ। ਖੱਟਰ ਨੇ ਕਿਹਾ ਕਿ ਕਿਸਾਨ ਜਦੋਂ ਚਾਹੁਣ ਅੰਦੋਲਨ ਸ਼ੁਰੂ ਕਰ ਸਕਦੇ ਹਨ, ਪਰ ਹਾਲ ਦੀ ਘੜੀ ਇਸ ਨੂੰ ਰੋਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਨਾ ਸਥਾਨਾਂ ਉਤੇ ਲੋਕਾਂ ਦੀ ਨਿਯਮਿਤ ਆਵਾਜਾਈ ਕਾਰਨ ਬਹੁਤ ਸਾਰੇ ਪਿੰਡ ਕਰੋਨਾ ਦੇ ਹੌਟਸਪਾਟ ਵਜੋਂ ਉਭਰੇ ਹਨ। ਕਿਸਾਨ ਕੇਵਲ ਸਿੰਘੂ ਤੇ ਟਿਕਰੀ ਸਰਹੱਦਾਂ ‘ਤੇ ਹੀ ਨਹੀਂ ਬਲਕਿ ਹਰਿਆਣਾ ਦੀਆਂ ਕਈ ਥਾਵਾਂ ‘ਤੇ ਵੀ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਮੌਜੂਦਾ ਹਾਲਾਤ ਨੂੰ ਸਮਝਣਾ ਚਾਹੀਦਾ ਹੈ, ਕਿਸਾਨਾਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪਾਜੀਟਿਵ ਪਾਏ ਜਾਣ ‘ਤੇ ਇਲਾਜ ਕਰਵਾ ਸਕਣ।