ਕਿਸਾਨ ਜਥੇਬੰਦੀਆਂ ਵੱਲੋਂ ਪੱਤਰ ਰਾਹੀਂ ਮੋਦੀ ਸਰਕਾਰ ਨੂੰ ਚਿਤਾਵਨੀ

ਨਵੀਂ ਦਿੱਲੀ: ਤਿੰਨਾਂ ਖੇਤੀ ਕਾਨੂੰਨਾਂ ਖਿਲਾਫ ਅਤੇ ਹੋਰ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਹੀਨੇ ਤੋਂ ਦਿੱਲੀ ਵਿਚ ਲਾਏ ਗਏ ਮੋਰਚਿਆਂ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ ਤੋੜਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿਚ ਮੋਰਚੇ ਨੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ ਤੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਕਿਹਾ ਜੇਕਰ ਮੋਦੀ ਸਰਕਾਰ ਨੇ ਹੁੰਗਾਰਾ ਨਾ ਭਰਿਆ ਤਾਂ ਕਿਸਾਨਾਂ ਵੱਲੋਂ ਅੰਦੋਲਨ ਦੇ ਅਗਲੇ ਪੜਾਅ ਬਾਰੇ ਗੰਭੀਰਤਾ ਨਾਲ ਸੋਚਿਆ ਜਾਵੇਗਾ।

ਪੱਤਰ ਵਿੱਚ ਕਿਸਾਨ ਆਗੂਆਂ ਨੇ ਲਿਖਿਆ, ‘ਜੇਕਰ ਤੁਹਾਡੀ ਸਰਕਾਰ ਵੱਲੋਂ ਕੋਈ ਠੋਸ ਤੇ ਸਕਾਰਾਤਮਕ ਹੁੰਗਾਰਾ ਨਹੀਂ ਮਿਲਦਾ ਤਾਂ ਕੌਮੀ ਪੱਧਰ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਅਗਲੇ ਪੜਾਅ ਬਾਰੇ ਐਲਾਨ ਕਰਨ ਦੇ ਪਾਬੰਦ ਹੋਵਾਂਗੇ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੋਰਚਾ ਸਰਕਾਰ ਦਾ ਧਿਆਨ ਭਟਕਾਉਣਾ ਨਹੀਂ ਚਾਹੁੰਦਾ ਹਾਲਾਂਕਿ ਕਿਸਾਨ ਰੋਜ਼ਾਨਾ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਭ ਤੋਂ ਵਿਲੱਖਣ ਤੇ ਲੰਮੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਲਈ ਦ੍ਰਿੜ੍ਹ ਹਨ। ਮਹਾਮਾਰੀ `ਚ ਖ਼ਤਰਨਾਕ ਵਾਧੇ ਦੇ ਬਾਵਜੂਦ ਅੰਨਦਾਤਾ ਸੜਕਾਂ `ਤੇ ਰਹਿਣ ਲਈ ਮਜਬੂਰ ਹੈ। ਉਹ ਸੰਘਰਸ਼ ਨਹੀਂ ਛੱਡ ਸਕਦੇ ਕਿਉਂਕਿ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਊਣ-ਮਰਨ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 470 ਸਾਥੀ ਕਿਸਾਨ ਗੁਆ ਚੁੱਕੇ ਹਨ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ 11 ਗੇੜਾਂ ਦੀ ਗੱਲਬਾਤ ਕਰਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢ ਸਕੀ ਤੇ 22 ਜਨਵਰੀ 2021 ਮਗਰੋਂ ਗੱਲਬਾਤ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ। ਸੰਯੁਕਤ ਕਿਸਾਨ ਮੋਰਚੇ ਨੇ ਇਸ ਚਿੱਠੀ ਵਿੱਚ ਮੁੱਖ ਤੌਰ `ਤੇ ਕਿਸਾਨੀ-ਅੰਦੋਲਨ ਉਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਤੋਂ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦੇ ਮੱਦੇਨਜਰ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਤੇ ਕਿਸਾਨਾਂ ਦੀਆਂ ਮੰਗਾਂ `ਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿੱਤੇ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਦੇਸ਼ ਦੀਆਂ ਲੋਕਤੰਤਰੀ ਤੇ ਮਨੁੱਖੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰੱਖਦਾ ਹੈ ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ। ਮੋਰਚੇ ਵੱਲੋਂ ਵਾਤਾਵਰਨ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਤੇ ਕਿਸਾਨ ਆਗੂ ਬਾਬਾ ਗੌੜਾ ਪਾਟਿਲ ਦੇ ਦੇਹਾਂਤ `ਤੇ ਅਫਸੋਸ ਪ੍ਰਗਟ ਕੀਤਾ ਗਿਆ।
____________________________________
‘ਆਪ` ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਦਿਆਂ 6 ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਤੇ 450 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕਿਸਾਨਾਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਸਿੱਟਾ ਨਹੀਂ ਨਿਕਲਿਆ। ‘ਆਪ` ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਖੇਤੀ ਖੇਤਰ ਨਾਲ ਸਬੰਧਤ ਤਿੰਨੋਂ ਕਾਨੂੰਨ ਵਾਪਸ ਲਵੇ।