ਸੰਘਰਸ਼ੀ ਅਖਾੜਿਆਂ ਤੋਂ ਹਕੂਮਤ ਦੇ ਲੋਕ ਵਿਰੋਧੀ ਵਤੀਰੇ ਖਿਲਾਫ ਏਕੇ ਦਾ ਸੱਦਾ

ਚੰਡੀਗੜ੍ਹ: ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਅੱਗੇ ਧਰਨੇ ਸਮੇਤ ਸਵਾ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰੀ ਹਕੂਮਤ ਤੇ ਰਾਜ ਸਰਕਾਰ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਅੰਦੋਲਨਕਾਰੀ ਲੋਕਾਂ ਨੂੰ ਮਿਸ਼ਨ ਤੋਂ ਪਿਛਾਂਹ ਨਹੀਂ ਧੱਕ ਸਕਦੀਆਂ।

ਉਨ੍ਹਾਂ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਸਮੇਤ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਹਨ ਤੇ ਇਹ ਸੰਘਰਸ਼ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਡੱਕਿਆ ਨਹੀਂ ਜਾ ਸਕਦਾ। ਕੇਂਦਰੀ ਅਤੇ ਰਾਜ ਸਰਕਾਰਾਂ ਵੱਲੋਂ ਮੜੀਆਂ ਜਾ ਰਹੀਆਂ ਪਾਬੰਦੀਆਂ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਜਬਰੀ ਥੋਪੀ ਤਾਲਾਬੰਦੀ ਕਾਰਨ ਸ਼ਹਿਰੀ ਕਾਰੋਬਾਰੀਆਂ, ਮਜ਼ਦੂਰਾਂ ਅਤੇ ਪੇਂਡੂ ਲੋਕਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਕਰੋਨਾ ਵਾਇਰਸ ਨੂੰ ਰੋਕਣ ਲਈ ਵਿਗਿਆਨਕ ਢੰਗ ਅਪਨਾਉਣ, ਲੋੜੀਂਦੀਆਂ ਮੈਡੀਕਲ ਸਹੂਲਤਾਂ ਦੇਣ ਦੀ ਥਾਂ ਲੋਕਾਂ ਨੂੰ ਘਰਾਂ ਅੰਦਰ ਕੈਦ ਕਰਨ ਲਈ ਜਬਰੀ ਪਾਬੰਦੀਆਂ ਲਾਉਣ ਵਾਲੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਸਮੇਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਰਾਹੀਂ ਇਲਾਜ ਦੀ ਲੋੜ ਹੈ ਨਾ ਕਿ ਜਬਰੀ ਤਾਲਾਬੰਦੀ ਦੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਸੇਵਾਦਾਰ ਨਾ ਹੋ ਕੇ ਕਾਰਪੋਰੇਟ ਦੇ ਸੇਵਾਦਾਰ ਸਾਬਤ ਹੋਏ ਹਨ ਅਤੇ ਸਰਕਾਰ ਖੇਤੀ ਖੇਤਰ ਨੂੰ ਖੁੱਲ੍ਹੀ ਮੰਡੀ ਦੇ ਹਵਾਲੇ ਕਰਨ ‘ਤੇ ਬਜਿੱਦ ਹੈ। ਉਨ੍ਹਾਂ ਕਿਹਾ ਕਿ ਸਮੂਹ ਵਰਗਾਂ ਦਾ ਏਕਾ ਹੀ ਸਰਕਾਰ ਨੂੰ ਲੋਕ ਵਿਰੋਧੀ ਫੈਸਲੇ ਲੈਣ ਤੋਂ ਰੋਕ ਸਕਦਾ ਹੈ। ਆਗੂਆਂ ਨੇ ਕਿਹਾ ਕਿ ਸੰਘਰਸ਼ਸ਼ੀਲ ਲੋਕਾਂ ਕੋਲ ਅੜੀਅਲ ਹਕੂਮਤ ਖਿਲਾਫ ਲੜਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਇਸ ਲਈ ਇਹ ਲੜਾਈ ਜ਼ਮੀਨਾਂ ਦੇ ਨਾਲ-ਨਾਲ ਸਾਡਾ ਸੱਭਿਆਚਾਰ ਤੇ ਜੀਵਨ-ਜਾਂਚ ਬਚਾਉਣ ਦੀ ਵੀ ਲੜਾਈ ਹੈ।
ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਲਿਾਫ ਲੜੇ ਜਾ ਰਹੇ ਕਿਸਾਨ ਸੰਘਰਸ਼ ਦੀ ਇਹ ਅਹਿਮ ਪ੍ਰਾਪਤੀ ਹੈ ਕਿ ਇਸ ਨੇ ਸਰਕਾਰ ਦੇ ਨਾਲ-ਨਾਲ ਪੂੰਜੀਪਤੀਆਂ ਨੂੰ ਨਿਸ਼ਾਨੇ ‘ਤੇ ਲੈ ਆਂਦਾ ਹੈ ਅਤੇ ਉਹ ਵੀ ਲੋਕ ਰੋਹ ਦਾ ਸੇਕ ਝੱਲ ਰਹੇ ਹਨ, ਖਾਸ ਕਰਕੇ ਮੋਦੀ ਸਰਕਾਰ ਦੇ ਨੇੜਲੇ ਜੋਟੀਦਾਰ ਘਰਾਣੇ ਅੰਬਾਨੀ ਤੇ ਅਡਾਨੀ ਦੇ ਕਾਰੋਬਾਰ ਕਿਸਾਨ ਸੰਘਰਸ਼ ਦੇ ਰੋਹ ਦੀ ਮਾਰ ਹੇਠ ਆਏ ਹੋਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਪੰਜਾਬ ਤੋਂ ਲਗਾਤਾਰ ਜਥੇ ਭੇਜੇ ਜਾਣਗੇ। ਉਨ੍ਹਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਇਕਜੁੱਟ ਹੁੰਦਿਆਂ ਦਿੱਲੀ ਅੰਦੋਲਨ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਲੋਕ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਗਏ ਹਨ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ‘ਤੇ ਡਟੇ ਰਹਿਣਗੇ। ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਖੇਤੀ ਕਾਨੂੰਨ ਸਮੇਤ ਹੋਰ ਮੰਗਾਂ ਪੂਰੀਆਂ ਹੋਣ ਮਗਰੋਂ ਹੀ ਘਰ ਪਰਤਣਗੇ।