ਕਿਸਾਨਾਂ ਵੱਲੋਂ ਭਾਜਪਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਘੇਰਾਬੰਦੀ ਦੀ ਤਿਆਰੀ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕਰ ਦਿੱਤਾ ਹੈ ਕਿ ਕਿਸਾਨ 5 ਜੂਨ ਨੂੰ ਭਾਜਪਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਦਫਤਰਾਂ ਅੱਗੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨ ਦੀਆਂ ਕਾਪੀਆਂ ਸਾੜ ਕੇ ‘ਸੰਪੂਰਨ ਕ੍ਰਾਂਤੀ ਦਿਵਸ` ਮਨਾਉਣਗੇ।

ਪਿਛਲੇ ਸਾਲ ਇਸ ਦਿਨ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ। ਸਤੰਬਰ ਵਿਚ ਸੰਸਦ ਦੇ ਦੋਵਾਂ ਸਦਨਾਂ ‘ਚ ਪਾਸ ਹੋਣ ਮਗਰੋਂ ਰਾਸ਼ਟਰਪਤੀ ਦੀ ਮਨਜ਼ੂਰੀ ਮਗਰੋਂ ਇਹ ਕਾਨੂੰਨ ਬਣ ਗਏ ਸਨ। ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨਵੰਬਰ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ। ਕਿਸਾਨ ਮੋਰਚਾ ਨੇ ਕਿਹਾ ਕਿ ਜੇਪੀ ਨਾਰਾਇਣ ਨੇ 5 ਜੂਨ 1974 ਨੂੰ ‘ਸੰਪੂਰਨ ਕ੍ਰਾਂਤੀ‘ ਦਾ ਐਲਾਨ ਕੀਤਾ ਸੀ ਅਤੇ ਤਤਕਾਲੀ ਕੇਂਦਰ ਸਰਕਾਰ ਖਲਿਾਫ ਸੰਘਰਸ਼ ਚਲਾਇਆ ਸੀ।
ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ‘ਸੰਯੁਕਤ ਕਿਸਾਨ ਮੋਰਚੇ` ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਹਠ ਤਿਆਗਣਾ ਹੀ ਪੈਣਾ ਹੈ ਕਿਉਂਕਿ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ `ਤੇ ਬੈਠੇ ਦੇਸ਼ ਭਰ ਦੇ ਕਿਸਾਨ ਮੋਰਚਾ ਜਿੱਤੇ ਬਗੈਰ ਘਰਾਂ ਨੂੰ ਪਰਤਣ ਵਾਲੇ ਨਹੀਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮੋਰਚੇ ਨੂੰ ਤਾਰਪੀਡੋ ਕਰਨ ਲਈ ਹਰ ਤਰ੍ਹਾਂ ਦੇ ਯਤਨ ਕਰਕੇ ਵੇਖ ਲਏ ਹਨ ਪਰ ਹੁਣ ਜਦੋਂ ਇਹ ਮੋਰਚਾ ਨਿੱਤ ਦਿਨ ਮਜ਼ਬੂਤ ਹੋ ਰਿਹਾ ਹੈ ਤਾਂ ਸਰਕਾਰ ਬੁਖਲਾ ਗਈ ਹੈ। ਪਹਿਲਾਂ ਸਰਕਾਰ ਇਸ ਅੰਦੋਲਨ ਨੂੰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਦੱਸਦੀ ਸੀ।
ਉਨ੍ਹਾਂ ਆਖਿਆ ਕਿ ਕੇਂਦਰ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੇ ਵੀ ਕਿਸਾਨਾਂ ‘ਤੇ ਕਰੋਨਾ ਫੈਲਾਉਣ ਦੇ ਦੋਸ਼ ਲਾਏ। ਆਗੂਆਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਹੁੰਦਾ ਤਾਂ ਹੁਣ ਤੱਕ ਇਹ ਮੋਰਚਾ ਲਾਸ਼ਾਂ ‘ਚ ਤਬਦੀਲ ਹੋ ਜਾਂਦਾ। ਕਿਸਾਨ ਧਰਨੇ ਅਤੇ ਰਹਿਣ ਸਹਿਣ ਦੌਰਾਨ ਕਰੋਨਾ ਤੋਂ ਬਚਾਅ ਲਈ ਪੂਰੀਆਂ ਸਾਵਧਾਨੀਆਂ ਵਰਤਦੇ ਹਨ। ਜਿਸ ਕਰਕੇ ਉਨ੍ਹਾਂ ਦਾ ਕਰੋਨਾ ਤੋਂ ਪੂਰਾ ਬਚਾਅ ਹੈ। ਅਸਲ ‘ਚ ਕਰੋਨਾ ਤੋਂ ਬਚਾਅ ਲਈ ਕੇਂਦਰ ਅਤੇ ਇਹ ਦੋਵੇਂ ਰਾਜ ਸਰਕਾਰਾਂ ਕਰੋਨਾ ਤੋਂ ਬਚਾਅ ਲਈ ਢੁਕਵੇਂ ਪ੍ਰਬੰਧ ਕਰਨ ‘ਚ ਬੁਰੀ ਤਰ੍ਹਾਂ ਫੇਲ੍ਹ ਸਿੱਧ ਹੋ ਚੁੱਕੀਆਂ ਹਨ, ਜਿਸ ਕਰਕੇ ਆਪਣੇ ਬਚਾਅ ਲਈ ਉਹ ਕਰੋਨਾ ਫੈਲਣ ਦਾ ਠੀਕਰਾ ਕਿਸਾਨਾਂ ਦੇ ਸਿਰ ਭੰਨ੍ਹ ਰਹੇ ਹਨ।
ਸਰਕਾਰ ਵੱਲੋਂ ਕਿਸਾਨਾਂ ‘ਤੇ ਗੱਲਬਾਤ ਤੋਂ ਭੱਜਣ ਦੇ ਲਾਏ ਜਾ ਰਹੇ ਦੋਸ਼ਾਂ ਦਾ ਉਨ੍ਹਾਂ ਖੰਡਨ ਕੀਤਾ। ਸ੍ਰੀ ਰਾਜੇਵਾਲ ਨੇ ਆਖਿਆ ਕਿ ਉਨ੍ਹਾਂ ਨੇ ਸਰਕਾਰ ਨੂੰ ਬਾਕਾਇਦਾ ਪੱਤਰ ਲਿਖਿਆ ਹੈ। ਜਦੋਂ ਉਨ੍ਹਾਂ ਨੂੰ ਸਰਕਾਰ ਵੱਲੋਂ ਇਸ ਪੱਤਰ ‘ਤੇ ਸਿਰਫ ਨੌਂ ਆਗੂਆਂ ਦੇ ਹੀ ਦਸਤਖਤ ਹੋਣ ਦੀ ਗੱਲ ਆਖਣ ਬਾਰੇ ਪੁੱਛਿਆ, ਤਾਂ ਉਨ੍ਹਾਂ ਆਖਿਆ ਕਿ ਇਹ ਉਨ੍ਹਾਂ ਦੀ ਨੌਂ ਮੈਂਬਰੀ ਕਮੇਟੀ ਹੈ, ਜੋ ਅਜਿਹਾ ਪੱਤਰ ਲਿਖਣ ਦਾ ਅਧਿਕਾਰ ਰੱਖਦੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਜਿਹੜੇ ਮਰਜ਼ੀ ਹੱਥਕੰਡੇ ਵਰਤ ਲਵੇ, ਪਰ ਇਕ ਦਿਨ ਉਸ ਨੂੰ ਇਹ ਕਾਨੂੰਨ ਰੱਦ ਕਰਨੇ ਹੀ ਪੈਣੇ ਹਨ।
_________________________________________________
‘ਮਨ ਕੀ ਬਾਤ ਨਾਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਮੋਦੀ`
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ` ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਪ੍ਰਧਾਨ ਮੰਤਰੀ ਵੱਲੋਂ ਇਸ ਪ੍ਰੋਗਰਾਮ ਵਿਚ ਕਿਸਾਨਾਂ ਦਾ ਜਿਕਰ ਕੀਤੇ ਜਾਣ ਬਾਰੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ, ‘’ਸ੍ਰੀ ਮੋਦੀ ਨੇ ਸਾਰੀਆਂ ਫਸਲਾਂ `ਤੇ ਐਮ.ਐਸ.ਪੀ. ਦੇਣ ਬਾਰੇ ਚੁੱਪ ਧਾਰੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ` ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹ ਆਪਣੇ ਮਨ ਕੀ ਬਾਤ ਹੀ ਸੁਣਾਉਂਦੇ ਹਨ, ਪਰ ਉਨ੍ਹਾਂ ਕਦੇ ਕਿਸਾਨਾਂ ਦੇ ‘ਮਨ ਕੀ ਬਾਤ` ਨਹੀਂ ਸੁਣੀ। ਪ੍ਰਧਾਨ ਮੰਤਰੀ ਤਿੰਨ ਨਵੇਂ ਖੇਤੀ ਕਾਨੂੰਨਾਂ ਅਤੇ ਸਾਰੀਆਂ ਫਸਲਾਂ `ਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਦੇ ਸਵਾਲ `ਤੇ ਚੁੱਪ ਹਨ ਤੇ ਉਨ੍ਹਾਂ ਨੂੰ ਇਹ ਚੁੱਪੀ ਤੋੜਨੀ ਚਾਹੀਦੀ ਹੈ।