ਕੇਂਦਰ ਸਰਕਾਰ ਵੱਲੋਂ ਗੱਲਬਾਤ ਤੋਂ ਭੱਜਣ ਦੇ ਦੋਸ਼ ਕਿਸਾਨਾਂ ਸਿਰ ਮੜ੍ਹਨ ਦੀ ਕੋਸ਼ਿਸ਼

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਗੱਲਬਾਤ ਤੋਂ ਭੱਜਣ ਦੇ ਦੋਸ਼ ਕਿਸਾਨਾਂ ਸਿਰ ਮੜ੍ਹਨ ਦੀਆਂ ਕੋਸ਼ਿਸ਼ ਕੀਤੀ ਹੈ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪ੍ਰ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਕਿਹਾ ਕਿ ਉਹ ਖੇਤੀ ਕਾਨੂੰਨਾਂ ਵਿਚਲੀਆਂ ਵਿਵਸਥਾਵਾਂ ਨੂੰ ਲੈ ਕੇ ਆਪਣੇ ਇਤਰਾਜ਼ਾਂ/ਉਜਰਾਂ ਬਾਰੇ ਠੋਸ ਤਰਕ ਲੈ ਕੇ ਆਉਣ।

ਸਰਕਾਰ ਤੇ ਕਿਸਾਨ ਯੂਨੀਅਨਾਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11 ਗੇੜਾਂ ਦੀ ਗੱਲਬਾਤ ਕਰ ਚੁੱਕੀਆਂ ਹਨ। ਦੋਵਾਂ ਧਿਰਾਂ ਦਰਮਿਆਨ ਬਣੇ ਜਮੂਦ ਨੂੰ ਤੋੜਨ ਤੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਵਾਉਣ ਲਈ ਆਖਰੀ ਗੇੜ ਦੀ ਮੀਟਿੰਗ 22 ਜਨਵਰੀ ਨੂੰ ਹੋਈ ਸੀ। ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ਸਮੇਤ ਦਿੱਲੀ ਦੇੇ ਵੱਖ-ਵੱਖ ਹਿੱਸਿਆਂ ਵਿਚ ਹੋਈ ਹਿੰਸਾ ਮਗਰੋਂ ਗੱਲਬਾਤ ਮੁੜ ਸ਼ੁਰੂ ਨਹੀਂ ਹੋ ਸਕੀ। ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂੰਹਾਂ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਤੋਮਰ ਨੇ ਸਾਉਣੀ ਸੀਜਨ 2021-22 ਲਈ 14 ਫਸਲਾਂ ਦੀ ਐਮ.ਐਸ.ਪੀ. ਐਲਾਨੇ ਜਾਣ ਲਈ ਸੱਦੀ ਮੀਟਿੰਗ ਦੌਰਾਨ ਕਿਹਾ, ‘’ਮੁਲਕ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਿਆਉਣ ਦੀਆਂ ਇੱਛੁਕ ਸਨ, ਪਰ ਇਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਹਿੰਮਤ ਕੋਈ ਨਹੀਂ ਜੁਟਾ ਸਕਿਆ। ਮੋਦੀ ਸਰਕਾਰ ਨੇ ਕਿਸਾਨ ਹਿੱਤਾਂ ਵਿਚ ਵੱਡਾ ਕਦਮ ਪੁੱਟਦਿਆਂ ਇਹ ਖੇਤੀ ਸੁਧਾਰ ਲਿਆਂਦੇ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਦਾ ਲਾਭ ਮਿਲਿਆ। ਇਸ ਦਰਮਿਆਨ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ।“ ਸ੍ਰੀ ਤੋਮਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧ ਰਹੇਗੀ। ਉਨ੍ਹਾਂ ਐਮ.ਐਸ.ਪੀ. ਦੀ ਗੱਲ ਕਰਦਿਆਂ ਕਿਹਾ, ‘’ਅਸੀਂ ਹਮੇਸ਼ਾ ਕਿਹਾ ਹੈ ਕਿ ਐਮ.ਐਸ.ਪੀ. ਸੀ ਤੇ ਰਹੇਗੀ`। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਤੱਕ ਕਿਸਾਨਾਂ ਨਾਲ 11 ਗੇੜਾਂ ਦੀ ਗੱਲਬਾਤ ਕਰ ਚੁੱਕੀ ਹੈ। ਕਿਸਾਨ ਯੂਨੀਅਨਾਂ ਤੋਂ ਕਾਨੂੰਨਾਂ ਸਬੰਧੀ ਉਨ੍ਹਾਂ ਦੇ ਇਤਰਾਜ਼ ਮੰਗੇ ਗਏ ਸੀ। ਕਿਸਾਨਾਂ ਨੂੰ ਪੁੱਛਿਆ ਗਿਆ ਸੀ ਕਿ ਖੇਤੀ ਕਾਨੂੰਨਾਂ ਵਿਚਲੀਆਂ ਕਿਹੜੀਆਂ ਵਿਵਸਥਾਵਾਂ ਕਿਸਾਨ ਵਿਰੋਧੀ ਹਨ। ਤੋਮਰ ਨੇ ਕਿਹਾ, ‘ਕਿਸੇ ਵੀ ਕਿਸਾਨ ਆਗੂ ਜਾਂ ਫਿਰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੇ ਸਦਨ ਵਿਚ ਇਸ ਦਾ ਜਵਾਬ ਨਹੀਂ ਦਿੱਤਾ। ਤੇ ਇਹੀ ਵਜ੍ਹਾ ਹੈ ਕਿ ਗੱਲਬਾਤ ਅੱਗੇ ਨਹੀਂ ਤੁਰ ਸਕੀ।“ ਖੇਤੀ ਮੰਤਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਵਚਨਬੱਧ ਹੈ ਤੇ ਕਿਸਾਨਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ, ‘’ਲਿਹਾਜ਼ਾ, ਕਿਸਾਨ ਜਦੋਂ ਵੀ ਗੱਲਬਾਤ ਕਰਨੀ ਚਾਹੁਣ, ਭਾਰਤ ਸਰਕਾਰ ਇਸ ਲਈ ਤਿਆਰ ਹੈ। ਪਰ ਅਸੀਂ ਵਾਰ ਵਾਰ ਉਨ੍ਹਾਂ ਨੂੰ ਇਹ ਗੱਲ ਆਖੀ ਹੈ ਕਿ ਉਹ ਖੇਤੀ ਕਾਨੂੰਨਾਂ ਵਿਚਲੀਆਂ ਵਿਵਸਥਾਵਾਂ ਬਾਰੇ ਆਪਣੇ ਇਤਰਾਜ਼ਾਂ/ਉਜਰਾਂ ਸਬੰਧੀ ਠੋਸ ਤਰਕ ਪੇਸ਼ ਕਰਨ। ਅਸੀਂ ਉਨ੍ਹਾਂ ਦੀ ਗੱਲ ਸੁਣਾਂਗੇ ਤੇ ਇਸ ਮਸਲੇ ਦਾ ਹੱਲ ਕੱਢਾਂਗੇ।`