ਬਾਦਲ ਪਰਿਵਾਰ ਦੇ ਬਚਾਅ ਲਈ ਨਿੱਤਰਿਆ ਸ਼੍ਰੋਮਣੀ ਅਕਾਲੀ ਦਲ

ਅੰਮ੍ਰਿਤਸਰ: ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਲਈ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਬਾਦਲ ਪਰਿਵਾਰ ਤੋਂ ਪੁੱਛਗਿੱਛ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਬਾਦਲ ਪਰਿਵਾਰ ਦੇ ਬਚਾਅ ਲਈ ਨਿੱਤਰ ਆਇਆ ਹੈ।

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਕੋਟਕਪੂਰਾ ਗੋਲੀ ਮਾਮਲੇ ਦੀ ਮੁੜ ਹੋ ਰਹੀ ਜਾਂਚ ਵਿਚ ਸਿਆਸੀ ਦਖਲ ਦੇ ਕੇ ਇਸ ਮਾਮਲੇ ਵਿਚ ਬਾਦਲਾਂ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਨੇ ਐਲਾਨ ਕੀਤਾ ਕਿ ਪਾਰਟੀ ਵੱਲੋਂ ਇਸ ਮਾਮਲੇ ਵਿਚ ਦਖਲਅੰਦਾਜੀ ਕਰਨ ਅਤੇ ਜਾਅਲੀ ਕੇਸ ਦਰਜ ਕਰਵਾਉਣ ਲਈ ਸਾਜਿਸ਼ ਰਚਣ ਦੇ ਦੋਸ਼ ਹੇਠ ਕਾਂਗਰਸੀ ਆਗੂ ਰਾਹੁਲ ਗਾਂਧੀ, ਸੁਨੀਲ ਜਾਖੜ, ਐਸ.ਆਈ.ਟੀ. ਮੈਂਬਰਾਂ, ਵਿਜੀਲੈਂਸ ਡਾਇਰੈਕਟਰ, ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਤੇ ਹੋਰ ਅਧਿਕਾਰੀਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਚੰਡੀਗੜ੍ਹ ਵਿਚ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ।
ਮਜੀਠੀਆ ਨੇ ਦਾਅਵਾ ਕੀਤਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਕਿ ਰਾਹੁਲ ਗਾਂਧੀ ਨੇ ਬੇਅਦਬੀ ਕੇਸ ਵਿਚ ਬਾਦਲ ਪਰਿਵਾਰ ਨੂੰ ਫਸਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਹੈ। ਉਨ੍ਹਾਂ ਇਸ ਸਬੰਧੀ ਵੀਡੀਓ ਵੀ ਮੀਡੀਆ ਨੂੰ ਦਿਖਾਈ। ਉਨ੍ਹਾਂ ਦਾਅਵਾ ਕੀਤਾ ਕਿ ਵਿਜੀਲੈਂਸ ਵਿਭਾਗ ਹੀ ਐਸ.ਆਈ.ਟੀ. ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿਛ ਲਈ ਵੀ ਕੁਝ ਸਾਬਕਾ ਅਧਿਕਾਰੀ ਭੇਜੇ ਗਏ ਸਨ ਜੋ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਬਾਅ ਹੇਠ ਅਜਿਹਾ ਕਰ ਰਹੀ ਹੈ ਕਿਉਂਕਿ ਕਾਂਗਰਸੀਆਂ ਦਾ ਮੰਨਣਾ ਹੈ ਕਿ ਉਹ ਸਿਰਫ ਬਾਦਲ ਪਰਿਵਾਰ ਨੂੰ ਫਸਾ ਕੇ ਹੀ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕਦੇ ਹਨ। ਇਹੀ ਕਾਰਨ ਹੈ ਕਿ ਹੁਣ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਫਸਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੰਗ ਕੀਤੀ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ-ਨਾਲ ‘ਆਪ` ਆਗੂਆਂ ਦਾ ਵੀ ਲਾਈ ਡਿਟੈਕਟਰ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਉਨ੍ਹਾਂ ਕਿੰਨੀ ਵਾਰ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਨਾਲ ਗੱਲਬਾਤ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸੀ.ਸੀ.ਟੀ.ਵੀ. ਫੁਟੇਜ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਰਿਕਾਰਡ ਵੀ ਤਲਬ ਕੀਤਾ ਜਾਵੇ ਤਾਂ ਕਿ ਪਤਾ ਲੱਗ ਸਕੇ ਕਿ ਇਹ ਸਾਬਕਾ ਪੁਲਿਸ ਅਧਿਕਾਰੀ ਕਿੰਨੀ ਵਾਰ ਮੁੱਖ ਮੰਤਰੀ ਦੀ ਰਿਹਾਇਸ਼ `ਤੇ ਗਿਆ ਸੀ ਅਤੇ ਉਸ ਵੇਲੇ ਉਥੇ ਕੌਣ-ਕੌਣ ਸੀ।
_________________________________________
‘ਬਾਦਲਾਂ ਦੀ ਗ੍ਰਿਫਤਾਰੀ ਨਾਲ ਸਿਆਸੀ ਲਾਹਾ ਚਾਹੁੰਦੀ ਹੈ ਕਾਂਗਰਸ’
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਕਿਹਾ ਕਿ ‘ਸਿੱਟ` ਆਪਣਾ ਦਾਇਰਾ ਵਧਾ ਕੇ ਪਿਛਲੀ ਸਰਕਾਰ ਨੂੰ ਬਦਨਾਮ ਕਰਨ ਲਈ ਕਾਂਗਰਸ ਅਤੇ ‘ਆਪ` ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਸਾਜਿਸ਼ ਤਹਿਤ ਲਾਹਾ ਲੈਣ ਵਾਲਿਆਂ ਦੇ ਨਾਰਕੋ ਟੈਸਟ ਕਰਾਏ ਜਾਣ। ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਹਾਈਕਮਾਨ ਵੱਲੋਂ ‘ਸਿੱਟ` ਦੀ ਜਾਂਚ ਮੁਕੰਮਲ ਕਰਨ ਲਈ ਸਮਾਂ ਸੀਮਾ ਤੈਅ ਕੀਤੇ ਜਾਣ ਦੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਹੁਣ ‘ਸਿੱਟ` ਕਿਸ ਦੇ ਹੁਕਮ ਮੰਨੇਗੀ, ਹਾਈ ਕੋਰਟ ਦੇ ਜਾਂ ਫਿਰ ਕਾਂਗਰਸ ਹਾਈ ਕਮਾਂਡ ਦੇ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੀ ‘ਸਿੱਟ` ਨੂੰ ਰਬੜ ਦੀ ਮੋਹਰ ਦੀ ਤਰ੍ਹਾਂ ਵਰਤਿਆ। ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਇਹ ਮੰਨ ਕੇ ਚੱਲ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫਤਾਰੀ ਹੀ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਕਰਾ ਸਕਦੀ ਹੈ।