ਨਵੀਂ ‘ਸਿੱਟ’ ਦੀਆਂ ਸਰਗਰਮੀਆਂ ਨੇ ਬਾਦਲਾਂ ਦੀਆਂ ਮੁਸ਼ਕਿਲਾਂ ਵਧਾਈਆਂ

ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ (2015) ਦੀ ਪੜਤਾਲ ਲਈ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀਆਂ ਸਰਗਰਮੀਆਂ ਨੇ ਬਾਦਲ ਪਰਿਵਾਰ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ। ਜਾਂਚ ਟੀਮ ਨੇ ਪਿਛਲੇ ਕੁਝ ਦਿਨਾਂ ਤੋਂ ਪੜਤਾਲ ਦਾ ਰੁਖ ਬਾਦਲ ਪਰਿਵਾਰ ਵੱਲ ਕੀਤਾ ਹੋਇਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਿੱਟ ਨੇ ਸੁਖਬੀਰ ਬਾਦਲ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੋਂ ਚੰਡੀਗੜ੍ਹ ਦੇ ਸੈਕਟਰ-32 ਸਥਿਤ ‘ਪੰਜਾਬ ਪੁਲਿਸ ਆਫੀਸਰਜ਼ ਇੰਸਟੀਚਿਊਟ` ਵਿਚ ਪੁੱਛ-ਪੜਤਾਲ ਕੀਤੀ। ਟੀਮ ਦੇ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਤੋਂ ਤਕਰੀਬਨ ਚਾਰ ਘੰਟੇ ਪੁੱਛ-ਪੜਤਾਲ ਕੀਤੀ।

ਹਾਲਾਂਕਿ ਜਾਂਚ ਟੀਮ ਵੱਲੋਂ ਪੁੱਛੇ ਗਏ ਸਵਾਲਾਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਸੂਤਰਾਂ ਅਨੁਸਾਰ ਜਾਂਚ ਟੀਮ ਨੇ ਗੋਲੀ ਚਲਾਉਣ ਦੇ ਹੁਕਮ ਦੇਣ ਬਾਰੇ ਤੇ ਮਾਮਲੇ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਪੁੱਛਗਿੱਛ ਕੀਤੀ ਹੈ।
14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਇਕ ਘੰਟਾ ਪਹਿਲਾਂ ਫਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫਤਰ ਵਿਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ। ਸੂਤਰਾਂ ਅਨੁਸਾਰ ਇਨ੍ਹਾਂ ਵਿਚੋਂ ਕੁਝ ਫੋਨ ਸੁਖਬੀਰ ਸਿੰਘ ਬਾਦਲ ਨੂੰ ਵੀ ਕੀਤੇ ਗਏ ਸਨ। ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਕੋਟਕਪੂਰਾ ਗੋਲੀਕਾਂਡ ਵਾਪਰ ਗਿਆ ਸੀ। ਜਾਂਚ ਟੀਮ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਜਦੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਧਰਨੇ ‘ਤੇ ਬੈਠੇ ਅੰਦੋਲਨਕਾਰੀਆਂ ਨੂੰ ਸ਼ਾਂਤੀ ਨਾਲ ਉਠਾਇਆ ਜਾਵੇ ਤਾਂ ਫਿਰ ਸਿੱਖ ਸੰਗਤਾਂ ਉੱਪਰ ਗੋਲੀ ਕਿਸ ਦੇ ਹੁਕਮਾਂ ਨਾਲ ਚਲਾਈ ਗਈ। ਵਿਸ਼ੇਸ਼ ਜਾਂਚ ਟੀਮ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਸਮੇਤ ਇਕ ਦਰਜਨ ਉਚ ਪੁਲਿਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕਰ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਹੋਣ ਮਗਰੋਂ ਸਪੱਸ਼ਟ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਦੀ ਕੋਟਕਪੂਰਾ ਗੋਲੀਕਾਂਡ ਵਿੱਚ ਵੱਡੀ ਭੂਮਿਕਾ ਸੀ। ਹੁਣ ਜਾਂਚ ਟੀਮ ਇਸ ਮਾਮਲੇ ਵਿਚ ਜਾਣਨਾ ਚਾਹੁੰਦੀ ਹੈ ਕਿ ਕੋਟਕਪੂਰਾ ਗੋਲੀਕਾਂਡ ਲਈ ਗ੍ਰਹਿ ਵਿਭਾਗ ਨੇ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਕੀਤਾ ਸੀ ਕਿ ਨਹੀਂ ਅਤੇ ਪਰਮਰਾਜ ਸਿੰਘ ਉਮਰਾਨੰਗਲ ਕੋਟਕਪੂਰਾ ਕਿਵੇਂ ਪਹੁੰਚ ਗਏ, ਜਦੋਂ ਕਿ ਰਿਕਾਰਡ ਮੁਤਾਬਕ ਉਨ੍ਹਾਂ ਨੂੰ ਕਿਸੇ ਨੇ ਕੋਟਕਪੂਰਾ ਭੇਜਿਆ ਹੀ ਨਹੀਂ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ 11 ਵਜੇ ਸਿੱਟ ਅੱਗੇ ਹਾਜ਼ਰ ਹੋਏ। ਉਨ੍ਹਾਂ ਦੀ ਕਾਰ ਬਿਕਰਮ ਸਿੰਘ ਮਜੀਠੀਆ ਚਲਾ ਰਹੇ ਸਨ। ਉਹ ਪੁੱਛ-ਪੜਤਾਲ ਤੋਂ ਬਾਅਦ 3.10 ‘ਤੇ ਬਾਹਰ ਨਿਕਲੇ। ਉਨ੍ਹਾਂ ਨੇ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਪਾਰਟੀ ਵਰਕਰਾਂ ਦਾ ਮਗਰੋਂ ਹੱਥ ਹਿਲਾ ਕੇ ਧੰਨਵਾਦ ਕੀਤਾ। ਉਸ ਤੋਂ ਬਾਅਦ ਬਾਦਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀ ਪਾਰਟੀ ਵਰਕਰਾਂ ਦਾ ਸਤਿਕਾਰ ਦੇਣ ਲਈ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣੀ ਨਵੀਂ ਜਾਂਚ ਟੀਮ ਵੱਲੋਂ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਹੇਠ ਐਮ.ਐਲ.ਏ. ਫਲੈਟਸ ਵਿਚਲੀ ਬਾਦਲ ਦੀ ਰਿਹਾਇਸ਼ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਉਸ ਤੋਂ ਪਹਿਲਾਂ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਸਾਬਕਾ ਡੀ.ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਰਣਬੀਰ ਸਿੰਘ ਖੱਟੜਾ ਸਣੇ ਹੋਰਨਾਂ ਪੁਲਿਸ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
____________________________________________
ਸੱਤਾ ‘ਚ ਆਉਣ ‘ਤੇ ਦੋਸ਼ੀਆਂ ਨੂੰ ਦਿਆਂਗੇ ਸਜ਼ਾ: ਅਸ਼ਵਨੀ
ਪਠਾਨਕੋਟ: ਭਾਰਤੀ ਜਨਤਾ ਪਾਰਟੀ ਨੇ ਜਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ ਹੇਠ ਸਾਲ 1975 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ ਐਮਰਜੈਂਸੀ ਵਿਰੁੱਧ ਕਾਲਾ ਦਿਵਸ ਮਨਾਇਆ। ਇਸ ਮੌਕੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ 25 ਜੂਨ ਨੂੰ ਇਤਿਹਾਸਕ ਕਾਲਾ ਦਿਨ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਲੋਕਤੰਤਰੀ ਪ੍ਰਕਿਰਿਆ ਵਿਚ ਕਦੇ ਵੀ ਵਿਸ਼ਵਾਸ ਨਹੀਂ ਹੈ। ਬੇਅਦਬੀ ਕਾਂਡ ‘ਤੇ ਬੋਲਦਿਆਂ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਉਪਰੰਤ ਸੱਤਾ ਵਿਚ ਆਉਣ ਬਾਅਦ ਭਾਜਪਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਏਗੀ ਕਿਉਂਕਿ ਇਤਿਹਾਸ ਗਵਾਹ ਹੈ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਵੀ ਸਜ਼ਾ ਭਾਜਪਾ ਨੇ ਹੀ ਦਿਵਾਈ ਸੀ।