ਜੰਮੂ ਕਸ਼ਮੀਰ `ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦਾ ਮੁੱਦਾ ਭਖਿਆ

ਅੰਮ੍ਰਿਤਸਰ: ਜੰਮੂ ਕਸ਼ਮੀਰ `ਚ 4 ਸਿੱਖ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਮੁਸਲਿਮ ਬਣਾਏ ਜਾਣ ਦਾ ਮਾਮਲਾ ਭਖ ਗਿਆ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਉਤੇ ਡਾਢਾ ਇਤਰਾਜ਼ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਘੱਟ-ਗਿਣਤੀਆਂ ਦੀਆਂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦੀਆਂ ਘਟਨਾਵਾਂ ਪਾਕਿਸਤਾਨ `ਚ ਤਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ ਪਰ ਭਾਰਤੀ ਕਸ਼ਮੀਰ ਵਿਚ ਅਜਿਹੀ ਘਟਨਾ ਦਾ ਵਾਪਰਨਾ ਸਭ ਨੂੰ ਹੈਰਾਨ ਕਰਦਾ ਹੈ। ਸਿੱਖ ਜਥੇਬੰਦੀਆਂ ਨੇ ਇਸ ਲਈ ਕੇਂਦਰ ਤੱਕ ਪਹੁੰਚ ਕੀਤੀ ਹੈ।

ਦੂਜੇ ਬੰਨੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਸਭ ਭਾਰਤੀ ਜਨਤਾ ਪਾਰਟੀ ਦੀ ਚਾਲ ਹੈ ਜੋ ਅਜਿਹੇ ਮੁੱਦਿਆਂ ਨੂੰ ਹਵਾ ਦੇ ਕੇ ਅਤੇ ਲੋਕਾਂ ਨੂੰ ਮੁਸਲਮਾਨਾਂ ਖਿਲਾਫ ਭੜਕਾ ਕੇ ਸੂਬੇ ਵਿਚ ਚੋਣ ਲਾਹਾ ਲੈਣਾ ਚਾਹੁੰਦੀ ਹੈ।
ਹਵਾਰਾ ਕਮੇਟੀ ਨੇ ਕਸ਼ਮੀਰ ਵਾਦੀ ਵਿਚ ਸਿੱਖ ਲੜਕੀਆਂ ਨਾਲ ਧੱਕੇਸ਼ਾਹੀ `ਤੇ ਡੂੰਘੀ ਸਾਜ਼ਿਸ਼ ਦਾ ਦੋਸ਼ ਲਾਇਆ ਹੈ। ਹਵਾਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸਿੱਖ ਲੜਕੀਆਂ ਨੂੰ ਅਗਵਾ ਕਰਕੇ ਨਿਕਾਹ ਕਰਨ ਅਤੇ ਅਦਾਲਤ ਵਿਚ ਪੇਸ਼ ਕਰਨ ਤੱਕ ਪੂਰੀ ਕਾਰਵਾਈ ਵਿਚ ਲੜਕੀ ਦੇ ਪਰਿਵਾਰ ਨੂੰ ਪ੍ਰਸ਼ਾਸਨ ਅਤੇ ਅਦਾਲਤ ਤੋਂ ਦੂਰ ਰੱਖਿਆ ਗਿਆ। ਦੂਜੇ ਪਾਸੇ ਕੁਝ ਜਥੇਬੰਦੀਆਂ ਦਾ ਦੋਸ਼ ਹੈ ਕਿ ਮੁਸਲਿਮ ਭਾਈਚਾਰੇ ਦੀ ਸਿੱਖਾਂ ਨਾਲ ਵਧ ਰਹੀ ਸਾਂਝ ਕਈ ਸਰਕਾਰੀ ਅਤੇ ਗੈਰ ਸਰਕਾਰੀ ਧਿਰਾਂ ਨੂੰ ਹਜ਼ਮ ਨਹੀਂ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਸਿੱਖ ਵੋਟਰਾਂ ਨੂੰ ਮੁਸਲਿਮ ਭਾਈਚਾਰੇ ਵੱਲ ਜਾਣ ਤੋਂ ਰੋਕਣ ਦੇ ਮੰਤਵ ਨਾਲ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਇਸ ਮਾਮਲੇ ਦੀ ਨਿਖੇਧੀ ਕਰਦਿਆਂ ਕਸ਼ਮੀਰ ਪ੍ਰਸ਼ਾਸਨ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਕਾਰਵਾਈ ਕਰਕੇ ਸਿੱਖ ਭਾਈਚਾਰੇ ਨੂੰ ਇਨਸਾਫ ਦਿਵਾਉਣ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ ਤੇ ਕਸ਼ਮੀਰ ਦੇ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਆਪਸੀ ਸਦਭਾਵਨਾ ਕਾਇਮ ਰੱਖਦਿਆਂ ਪੂਰੀ ਘਟਨਾ ਦੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਉਣ। ਅਕਾਲ ਤਖਤ ਦੇ ਜਥੇਦਾਰ ਨੇ ਇਸ ਮੁੱਦੇ ਉਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।