ਕਿਸਾਨੀ ਸੰਘਰਸ਼: ਪੰਜਾਬ ਵਿਚ ਭਾਜਪਾ ਆਗੂਆਂ ਦੀ ਆਈ ਸ਼ਾਮਤ

ਰਾਜਪੁਰਾ: ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਭਾਜਪਾ ਦਰਮਿਆਨ ਜਾਰੀ ਰੇੜਕੇ ਦਰਮਿਆਨ ਰਾਜਪੁਰਾ ਵਿਚ ਤਣਾਅ ਵਾਲੇ ਹਾਲਾਤ ਬਣ ਗਏ ਹਨ। ਪਟਿਆਲਾ ਵਾਸੀ ਭਾਜਪਾ ਦੇ ਸੂਬਾਈ ਆਗੂ ਭੁਪੇਸ਼ ਅਗਰਵਾਲ ਸਮੇਤ ਕੁਝ ਹੋਰ ਆਗੂਆਂ ਨੂੰ ਅੱਧੀ ਰਾਤ ਤੱਕ ਸੈਂਕੜੇ ਕਿਸਾਨਾਂ ਨੇ ਰਾਜਪੁਰਾ ਵਿਚਲੀ ਕੋਠੀ ਵਿਚ ਬੰਦੀ ਬਣਾਈ ਰੱਖਿਆ ਤੇ ਹਾਈਕੋਰਟ ਦੇ ਦਖਲ ਪਿੱਛੋਂ ਬਾਹਰ ਕੱਢਿਆ ਗਿਆ। ਇਥੇ ਸੈਂਕੜੇ ਪੁਲਿਸ ਮੁਲਾਜ਼ਮ ਵੀ ਤਾਇਨਾਤ ਸਨ। ਪੰਜਾਬ ‘ਚ ਕਿਸਾਨਾਂ ਵੱਲੋਂ ਭਾਵੇਂ ਕਈ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਚੁੱਕਾ ਹੈ, ਪਰ ਰਾਜਪੁਰਾ ਸ਼ਹਿਰ ਵਿਚਲੀ ਇਹ ਘਟਨਾ ਹੋਰ ਵੀ ਵੱਡੀ ਤੇ ਘਾਤਕ ਮੰਨੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰਾਜਪੁਰਾ ਦੀ ਵਾਰਡ ਨੰਬਰ 15 ‘ਚ ਭਾਜਪਾ ਦੇ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ‘ਚ ਦਿਨ ਵੇਲੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਵਿੱਕੀ ਦੀ ਅਗਵਾਈ ਹੇਠਾਂ ਜ਼ਿਲ੍ਹਾ ਪੱਧਰੀ ਮੀਟਿੰਗ ਚੱਲ ਰਹੀ ਸੀ। ਮੀਟਿੰਗ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਕਿਸਾਨਾਂ ਨੇ ਭਾਜਪਾ ਆਗੂਆਂ ਦਾ ਘਿਰਾਓ ਕਰ ਲਿਆ। ਪੁਲਿਸ ਨੇ ਭਾਵੇਂ ਮੌਕੇ ‘ਤੇ ਪੁੱਜ ਕੇ ਇਨ੍ਹਾਂ ਭਾਜਪਾ ਆਗੂਆਂ ਨੂੰ ਬਾਹਰ ਕੱਢਿਆ, ਪਰ ਇਸ ਦੌਰਾਨ ਰੋਹ ‘ਚ ਆਏ ਕਿਸਾਨਾਂ ਨੇ ਇਕ ਕੌਂਸਲਰ ਸਮੇਤ ਕੁਝ ਕੁ ਹੋਰ ਭਾਜਪਾ ਕਾਰਕੁਨਾਂ ਦੀ ਖਿੱਚਧੂਹ ਵੀ ਕੀਤੀ। ਇਸ ਮਗਰੋਂ ਭਾਜਪਾ ਆਗੂ ਭੁਪੇਸ਼ ਅਗਰਵਾਲ ਤੇ ਹੋਰਾਂ ਨੇ ਰਾਜਪੁਰਾ ਵਿਚਲੇ ਹੀ ਲਾਇਨਜ ਕਲੱਬ ਵਿਚ ਪ੍ਰੈੱਸ ਕਾਨਫਰੰਸ ਕਰ ਕੇ ਇਸ ਘਟਨਾ ਪਿੱਛੇ ਕਾਂਗਰਸ, ‘ਆਪ‘ ਤੇ ਅਕਾਲੀ ਦਲ ਦਾ ਹੱਥ ਦੱਸਿਆ। ਉਨ੍ਹਾਂ ਨੇ ਪੁਲਿਸ ‘ਤੇ ਵੀ ਸਰਕਾਰ ਦੇ ਇਸ਼ਾਰੇ ‘ਤੇ ਭਾਜਪਾ ਖਿਲਾਫ ਗੁੰਡਾਗਰਦੀ ਕਰਨ ਵਾਲਿਆਂ ਦੀ ਖੁੱਲ੍ਹੇਆਮ ਹਮਾਇਤ ਕਰਨ ਦੇ ਦੋਸ਼ ਲਾਏ। ਇਸ ਦੌਰਾਨ ਕਿਸਾਨ ਲਾਇਨਜ ਕਲੱਬ ਆਣ ਪੁੱਜੇ ਅਤੇ ਨਾਅਰੇਬਾਜ਼ੀ ਕਰਨ ਲੱਗੇ। ਇਸ ਮੌਕੇ ਭਾਜਪਾ ਆਗੂ ਭੁਪੇਸ਼ ਅਗਰਵਾਲ ਨੇ ਕਿਸਾਨਾਂ ਨੂੰ ਕਥਿਤ ਚੁਣੌਤੀ ਦਿੱਤੀ ਕਿ ‘ਉਹ ਹੁਣ ਮੀਟਿੰਗ ਕਰਨ ਜਾ ਰਿਹਾ ਹੈ, ਹਿੰਮਤ ਹੈ ਤਾਂ ਉਸ ਨੂੰ ਆ ਕੇ ਰੋਕ ਲੈਣ।‘ ਇਸ ਮਗਰੋਂ ਭੁਪੇਸ਼ ਅਗਰਵਾਲ ਜਦੋਂ ਆਪਣੇ ਕੁਝ ਸਾਥੀਆਂ ਸਮੇਤ ਰਾਜਪੁਰਾ ਦੀ ਅਰਜਨ ਕਲੋਨੀ ਸਥਿਤ ਭਾਜਪਾ ਕਾਰਕੁਨ ਦੀ ਕੋਠੀ ‘ਚ ਗਿਆ, ਤਾਂ ਜਲਦੀ ਹੀ ਸੈਂਕੜੇ ਕਿਸਾਨਾਂ ਨੇ ਉਨ੍ਹਾਂ ਦੀ ਘੇਰਾਬੰਦੀ ਕਰ ਲਈ। ਜਲਦੀ ਹੀ ਇਥੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਖੁਦ ਡੀ.ਆਈ.ਜੀ. ਵਿਕਰਮਜੀਤ ਦੁੱਗਲ ਨੇ ਮੌਕੇ ‘ਤੇ ਪੁੱਜ ਕੇ ਕਿਸਾਨ ਨੇਤਾ ਪ੍ਰੇਮ ਸਿੰਘ ਭੰਗੂ ਤੇ ਹੋਰਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਭਾਜਪਾ ਆਗੂ ਕਥਿਤ ਗਾਲ ਕੱਢਣ ਅਤੇ ਕਿਸਾਨਾਂ ਨੂੰ ਚੁਣੌਤੀ ਦੇਣ ਸਬੰਧੀ ਮੁਆਫੀ ਮੰਗੇ, ਜਿਸ ਮਗਰੋਂ ਉਹ ਇਥੋਂ ਧਰਨਾ ਚੁੱਕਣਗੇ।
___________________________________________________
ਕਾਂਗਰਸ ਮਾਹੌਲ ਖਰਾਬ ਕਰ ਰਹੀ: ਸੁਭਾਸ਼ ਸ਼ਰਮਾ
ਕਿਸਾਨਾਂ ਦੇ ਘਿਰਾਓ ਕਰਕੇ ਕੋਠੀ ਵਿਚ ਤੜੇ ਭਾਜਪਾ ਆਗੂਆਂ ‘ਚ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸੂਬਾਈ ਆਗੂ ਭੁਪੇਸ਼ ਅਗਰਵਾਲ ਸਮੇਤ ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਅਤੇ ਵਿਕਾਸ ਸ਼ਰਮਾ ਪ੍ਰਮੁੱਖ ਹਨ। ਕੋਠੀ ਦੇ ਅੰਦਰੋਂ ਹੀ ਬਣਾ ਕੇ ਭੇਜੀ ਵੀਡੀਓ ਵਿਚ ਭਾਜਪਾ ਆਗੂਆਂ ਨੇ ਪੰਜਾਬ ਕਾਂਗਰਸ ‘ਤੇ ਸੂਬੇ ਦੇ ਹਾਲਾਤ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ‘ਚ ਅਤਿਵਾਦ ਨਾਲੋਂ ਵੀ ਮਾੜੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜ ਛੇ ਸੌ ਦੀ ਭੀੜ ਨੇ ਉਨ੍ਹਾਂ ਨੂੰ ਕੋਠੀ ਅੰਦਰ ਬੰਦੀ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹੱਥਾਂ ‘ਚ ਭਾਵੇਂ ਝੰਡੇ ਕਿਸਾਨੀ ਦੇ ਹਨ, ਪਰ ਇਹ ਲੋਕ ਕਾਂਗਰਸ ਦੇ ਗੁੰਡੇ ਹਨ।