ਕਿਸਾਨ ਸੰਸਦ ਦੀ ਸਫਲਤਾ ਨੇ ਸਰਕਾਰ ਨੂੰ ਸੋਚੀਂ ਪਾਇਆ

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ‘ਚ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਕਾਰਪੋਰੇਟ ਘਰਾਣਿਆਂ ਦੇ ਦਫਤਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਤੇ ਦਫਤਰਾਂ ਸਣੇ ਸਵਾ ਸੌ ਕੁ ਥਾਵਾਂ ‘ਤੇ ਚੱਲ ਰਹੇ ਕਿਸਾਨ ਧਰਨਿਆਂ ‘ਚ ਉਤਸ਼ਾਹ ਬਰਕਰਾਰ ਹੈ। ਦਿੱਲੀ ‘ਚ ਜੰਤਰ-ਮੰਤਰ ‘ਤੇ ਚੱਲ ਰਹੀ ਕਿਸਾਨ ਸੰਸਦ ਨੇ ਵੀ ਪੰਜਾਬ ਦੇ ਕਿਸਾਨਾਂ ‘ਚ ਨਵਾਂ ਜੋਸ਼ ਭਰ ਦਿੱਤਾ ਹੈ। ‘ਕਿਸਾਨ ਸੰਸਦ‘ ਨੂੰ ਮਿਲੀ ਸਫਲਤਾ ਨੇ ਕੇਂਦਰ ਸਰਕਾਰ ਨੂੰ ਸੋਚੀਂ ਪਾ ਦਿੱਤਾ ਹੈ।

ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਧਰਨਿਆਂ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਦੇ ਨਿਵੇਕਲੇ ਤੇ ਵਿਲੱਖਣ ਰੂਪ ਸਾਹਮਣੇ ਲਿਆ ਕੇ ਸੁਚੱਜੀ ਲੀਡਰਸ਼ਿਪ ਦਾ ਸਬੂਤ ਦਿੱਤਾ ਹੈ। ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਦੇ ਵੱਖਰੇ ਰੂਪ ਨੇ ਸਰਕਾਰ ਨੂੰ ਫਿਕਰਾਂ ‘ਚ ਪਾ ਦਿੱਤਾ ਹੈ। ਉਧਰ, ਕਿਸਾਨਾਂ ਦੀ ਅੰਦੋਲਨ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਮਜ਼ਬੂਤ ਕਰਨ ਦੀ ਤਜਵੀਜ਼ ਨੇ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ। ਕਿਸਾਨ ਆਗੂਆਂ ਨੇ ਪਟਿਆਲਾ ਵਿਚ ਪੱਕੀਆਂ ਨੌਕਰੀਆਂ ਦੀ ਮੰਗ ਕਰਦੇ ਕੱਚੇ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਮੁਜਾਹਰਾਕਾਰੀਆਂ ਦੀ ਕੁੱਟਮਾਰ ਦੀ ਨਿਖੇਧੀ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਵਿਚ ਕਾਬਜ਼ ਮੋਦੀ ਸਰਕਾਰ ਲਗਾਤਾਰ ਲੋਕ ਵਿਰੋਧੀ ਫੈਸਲੇ ਲੈ ਰਹੀ ਹੈ। ਦੇਸ਼ ਦਾ ਅੰਨਦਾਤਾ ਕਈ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਉਹ ਆਪਣੇ ਹੋਰਨਾਂ ਹੱਕਾਂ ਲਈ ਵੀ ਲੜਨਾ ਜਾਣਦਾ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਜਾਤੀਵਾਤ ਦੇ ਨਾਮ ‘ਤੇ ਵੰਡਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਫਸਲਾਂ ਦੀ ਐਮ.ਐਸ.ਪੀ. ‘ਤੇ ਖਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਕਿਸਾਨ ਅੰਦੋਲਨ ਚੱਲਦਾ ਰਹੇਗਾ। ਹਰਿਆਣਾ ਦੇ ਕਿਸਾਨਾਂ ਵੱਲੋਂ ਸੂਬੇ ਵਿਚ ਭਾਜਪਾ ਅਤੇ ਜੇ.ਜੇ.ਪੀ. ਆਗੂਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਸੂਬੇ ਤੋਂ ਵੱਡੀ ਗਿਣਤੀ ਵਿਚ ਕਿਸਾਨ ਰੋਜ਼ ਦਿੱਲੀ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਝੱਜਰ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਇਆ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਘਰ ਵਾਪਸੀ ਨਹੀਂ ਹੋਵੇਗੀ।
_____________________________________________
ਸਿਆਸੀ ਧਿਰਾਂ ਦੀਆਂ ਸਾਜ਼ਿਸ਼ਾਂ ਫੇਲ੍ਹ ਕਰਨ ਦਾ ਸੱਦਾ
ਚੰਡੀਗੜ੍ਹ: ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਬੁਲਾਰਿਆਂ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਸਿਆਸੀ ਜਮਾਤਾਂ ਵੱਲੋਂ ਜਥੇਬੰਦਕ ਏਕੇ ਨੂੰ ਕਮਜ਼ੋਰ ਕਰਨ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਸੂਬੇ ਵਿਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੇ ਘਰਾਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਟੌਲ ਪਲਾਜ਼ਿਆਂ, ਅੰਬਾਨੀ ਅਤੇ ਅਡਾਨੀ ਟਿਕਾਣਿਆਂ, ਪੈਟਰੋਲ ਪੰਪਾਂ ਸਮੇਤ ਕਰੀਬ ਸਵਾ ਸੌ ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕੋਈ ਵੀ ਚਾਲ ਕਿਸਾਨੀ ਅੰਦੋਲਨ ਨੂੰ ਮੱਠਾ ਨਹੀਂ ਪਾ ਸਕੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਇਕ ਵੱਡੀ ਜਿੱਤ ਇਹ ਵੀ ਹੈ ਕਿ ਭਾਜਪਾ ਪੱਖੀ ਮੀਡੀਆ ਦੇ ਕੁਝ ਚੈਨਲ ਵੀ ‘ਕਿਸਾਨ ਸੰਸਦ‘ ਦੀ ਕਾਰਵਾਈ ਦਿਖਾਉਣ ਲਈ ਮਜਬੂਰ ਹੋਏ ਹਨ।
____________________________________________
ਨੌਜਵਾਨਾਂ ਨੂੰ ਮੋਦੀ ਸਰਕਾਰ ਖਿਲਾਫ ਅੱਗੇ ਆਉਣ ਦਾ ਹੋਕਾ
ਪੁਣੇ: ਮਹਾਰਾਸ਼ਟਰ ਕਾਂਗਰਸ ਦੇ ਮੁਖੀ ਨਾਨਾ ਪਟੋਲੇ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਕੇਂਦਰ ਦੀਆਂ ਗਲਤ ਨੀਤੀਆਂ ਖਿਲਾਫ ਲੜਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਆਜ਼ਾਦੀ ਦੀ ਨਵੀਂ ਜੰਗ ਹੋਵੇਗੀ। ਲੋਕਮਾਨਿਆ ਤਿਲਕ ਦੀ ਬਰਸੀ ਮੌਕੇ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਟੋਲੇ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਲੋਕਾਂ ਦੀ ਆਜ਼ਾਦੀ ਨੂੰ ਖੋਹ ਰਹੀ ਹੈ ਅਤੇ ਭਾਜਪਾ ਨੇ ਕਦੇ ਵੀ ਆਜ਼ਾਦੀ ਲਈ ਸੰਘਰਸ਼ ‘ਚ ਯੋਗਦਾਨ ਨਹੀਂ ਪਾਇਆ ਸੀ।