ਦੇਸ਼-ਭਗਤੀ ਦਾ ਸਾਰਾ ਠੇਕਾ ਲੈ ਕੇ ਚੱਲ ਰਹੀ ਹੈ ਭਾਜਪਾ

ਜਤਿੰਦਰ ਪਨੂੰ
ਰਾਸ਼ਟਰੀ ਸੋਇਮਸੇਵਕ ਸੰਘ ਵੱਲੋਂ ਪਿੱਛੇ ਬੈਠ ਕੇ ਭਾਜਪਾ ਆਗੂ ਨਰਿੰਦਰ ਮੋਦੀ ਰਾਹੀਂ ਚਲਾਈ ਜਾਂਦੀ ਭਾਰਤ ਦੀ ਸਰਕਾਰ ਨੇ ਦੇਸ਼ ਦੇ ਸਭ ਤੋਂ ਵੱਡੇ ਖੇਡ ਐਵਾਰਡ ‘ਰਾਜੀਵ ਗਾਂਧੀ ਖੇਡ ਰਤਨ ਐਵਾਰਡ’ ਦਾ ਨਾਂ ਬਦਲ ਕੇ ‘ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ’ ਕਰ ਦਿੱਤਾ ਹੈ। ਇਸ ਦੀ ਹਮਾਇਤ ਅਤੇ ਵਿਰੋਧ ਦੀਆਂ ਦਲੀਲਾਂ ਦੇਣ ਵਾਲਿਆਂ ਦੀ ਲੜੀ ਬਹੁਤ ਲੰਮੀ ਜਾਪਦੀ ਹੈ। ਬਹੁਤਾ ਕਰ ਕੇ ਦੋਵੇਂ ਧਿਰਾਂ ਦੇ ਲੋਕ ਇੱਕ ਜਾਂ ਦੂਸਰੀ ਰਾਜਨੀਤੀ ਨਾਲ ਜੋੜ ਕੇ ਇਸ ਖੇਡ ਐਵਾਰਡ ਦਾ ਮੁੱਦਾ ਚੁੱਕ ਰਹੇ ਹਨ। ਸੱਚਾਈ ਇਹ ਹੈ ਕਿ ਜਦੋਂ ਕਾਂਗਰਸ ਦੀ ਚੜ੍ਹਤ ਸੀ, ਉਨ੍ਹਾਂ ਨੇ ਨਹਿਰੂ-ਗਾਂਧੀ ਪਰਿਵਾਰ ਦੀ ਚਾਪਲੂਸੀ ਵਿਚ ਸਿਖਰ ਛੋਹ ਰੱਖਿਆ ਸੀ ਤੇ ਲਗਭਗ ਹਰ ਨਵੀਂ ਗੱਲ ਨਾਲ ਉਸੇ ਟੱਬਰ ਦਾ ਨਾਂ ਜੋੜਨਾ ਜ਼ਰੂਰੀ ਹੋ ਗਿਆ ਸੀ।

ਉਦੋਂ ਦੀਆਂ ਉਸ ਇੱਕੋ ਪਰਿਵਾਰ ਨਾਲ ਜੋੜੀਆਂ ਥਾਂਵਾਂ ਵਿਚੋਂ ਕਿਸੇ ਇੱਕ ਦਾ ਨਾਂ ਬਦਲ ਕੇ ਨਰਿੰਦਰ ਮੋਦੀ ਨੇ ਝਟਕਾ ਦਿੱਤਾ ਹੈ ਤਾਂ ਕਈ ਲੋਕ ਖੁਸ਼ ਹਨ। ਉਂਜ ਹਾਕੀ ਖਿਡਾਰੀ ਧਿਆਨ ਚੰਦ ਦਾ ਸਤਿਕਾਰ ਕਰਨਾ ਸੀ ਤੇ ਕਰਨਾ ਵੀ ਬਣਦਾ ਸੀ ਤਾਂ ਇਸ ਤੋਂ ਵੱਡਾ ਨਵਾਂ ਐਵਾਰਡ ਉਸ ਦੇ ਨਾਂ ਨਾਲ ਚਾਲੂ ਕਰ ਕੇ ਕੀਤਾ ਜਾ ਸਕਦਾ ਸੀ। ਸੋ ਸਪਸ਼ਟ ਹੈ ਕਿ ਇਰਾਦਾ ਧਿਆਨ ਚੰਦ ਦਾ ਸਨਮਾਨ ਕਰਨ ਦਾ ਘੱਟ ਅਤੇ ਨਹਿਰੂ-ਗਾਂਧੀ ਪਰਿਵਾਰ ਦਾ ਅਪਮਾਨ ਕਰਨ ਦਾ ਵੱਧ ਸੀ ਤੇ ਕਰ ਦਿੱਤਾ ਹੈ। ਕੁਝ ਲੋਕ ਇਹ ਕਹਿ ਰਹੇ ਹਨ ਕਿ ਜੇ ਰਾਜੀਵ ਗਾਂਧੀ ਦਾ ਨਾਂ ਖੇਡ ਐਵਾਰਡ ਨਾਲ ਲਾਉਣਾ ਗਲਤ ਸੀ ਤਾਂ ਜਿਉਂਦੇ-ਜਾਗਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਸੰਸਾਰ ਭਰ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਨਾਲੋਂ ਅਤੇ ਮਰਹੂਮ ਭਾਜਪਾ ਨੇਤਾ ਅਰੁਣ ਜੇਤਲੀ ਦਾ ਨਾਂ ਦਿੱਲੀ ਵਿਚਲੇ ਕ੍ਰਿਕਟ ਸਟੇਡੀਅਮ ਨਾਲੋਂ ਵੀ ਕੱਟ ਦੇਣਾ ਚਾਹੀਦਾ ਹੈ। ਭਾਜਪਾ ਲੀਡਰ ਇਸ ਲਈ ਕਦੀ ਨਹੀਂ ਮੰਨ ਸਕਦੇ।
ਨਰਿੰਦਰ ਮੋਦੀ ਤੇ ਉਸ ਦੇ ਪਿੱਛੇ ਖੜ੍ਹੀ ਢਾਣੀ ਇਹ ਮੰਨ ਕੇ ਚੱਲਦੀ ਹੈ ਕਿ ਜਦੋਂ ਤੱਕ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ ਦਾ ਨਾਂ ਲੋਕਾਂ ਦੇ ਮਨਾਂ ਤੋਂ ਕੱਢਿਆ ਨਹੀਂ ਜਾਂਦਾ, ਰਾਜਨੀਤਕ ਪੱਖੋਂ ‘ਕਾਂਗਰਸ ਮੁਕਤ ਭਾਰਤ’ ਬਣਾਉਣ ਦੀ ਸੋਚ ਸਿਰੇ ਨਹੀਂ ਚੜ੍ਹ ਸਕਦੀ। ਇਸ ਧਾਰਨਾ ਨੂੰ ਸਿਰੇ ਚੜ੍ਹਾਉਣ ਲਈ ਉਹ ਹੌਲੀ-ਹੌਲੀ ਕਾਂਗਰਸੀ ਨੁਸਖਾ ਅਪਨਾਉਣ ਤੇ ਕਾਂਗਰਸੀ ਆਗੂਆਂ ਦੀ ਥਾਂ ਓਸੇ ਤਰ੍ਹਾਂ ਹਰ ਪਾਸੇ ਆਪਣੇ ਮੌਜੂਦਾ ਅਤੇ ਮਰਹੂਮ ਨੇਤਾਵਾਂ ਦੇ ਨਾਂ ਲਿਖਣ ਦੇ ਰਾਹ ਪੈ ਚੁਕੇ ਹਨ। ਇਹ ਕੰਮ ਮੱਠੀ ਚਾਲੇ ਹੋ ਰਿਹਾ ਹੈ ਅਤੇ ਹੁੰਦਾ ਰਹਿਣਾ ਹੈ। ਦੇਸ਼ ਦੇ ਲੋਕਾਂ ਨੂੰ ਨਾ ਹਰ ਪਾਸੇ ਕਾਂਗਰਸੀਆਂ ਦੇ ਮੋਹਰੀ ਪਰਿਵਾਰ ਦੇ ਨਾਂ ਲਿਖੇ ਚੁਭਦੇ ਸਨ ਤੇ ਨਾ ਭਾਜਪਾ ਵਾਲਿਆਂ ਦੇ ਨਾਂ ਕੋਈ ਗਹੁ ਨਾਲ ਪੜ੍ਹਦਾ ਹੈ, ਆਮ ਲੋਕਾਂ ਕੋਲ ਏਦਾਂ ਦੀਆਂ ਗੱਲਾਂ ਬਾਰੇ ਸੋਚਣ ਦਾ ਵਕਤ ਹੀ ਨਹੀਂ ਹੁੰਦਾ, ਕਿਉਂਕਿ ਦੋ ਡੰਗ ਦੀ ਰੋਟੀ ਦੀ ਚਿੰਤਾ ਕਾਂਗਰਸੀ ਰਾਜ ਦੇ ਵਕਤ ਵੀ ਖਹਿੜਾ ਨਹੀਂ ਸੀ ਛੱਡਦੀ ਤੇ ਭਾਜਪਾ ਰਾਜ ਵਿਚ ਵੀ ਨਹੀਂ। ਆਮ ਆਦਮੀ ਲਈ ਰਾਜਨੀਤੀ ਦੀਆਂ ਇਨ੍ਹਾਂ ਤਿਕੜਮਾਂ ਬਾਰੇ ਸੋਚਣ ਦਾ ਕੀ, ਬੀਤੇ ਤਜਰਬੇ ਵਿਚ ਝਾਕਣ ਦਾ ਵੀ ਵਕਤ ਨਹੀਂ ਹੁੰਦਾ, ਵਰਨਾ ਮੌਕੇ ਦੀਆਂ ਸਰਕਾਰਾਂ ਦੇ ਕਿਰਦਾਰ ਬਾਰੇ ਵੀ ਸੌਖਾ ਸਮਝ ਸਕਦੇ।
ਅੱਜ ਜਿਸ ਪੜਾਅ ਵਿਚੋਂ ਭਾਰਤ ਲੰਘ ਰਿਹਾ ਹੈ, ਉਥੇ ਦੇਸ਼-ਭਗਤੀ ਦਾ ਸਭ ਤੋਂ ਵੱਡਾ ਸਰਟੀਫਿਕੇਟ ਭਾਜਪਾ ਜਾਂ ਆਰ. ਐੱਸ. ਐੱਸ. ਨਾਲ ਜੁੜਿਆ ਹੋਣਾ ਮੰਨਿਆ ਜਾਂਦਾ ਹੈ। ਉਹ ਦੇਸ਼ ਦੀ ਆਜ਼ਾਦੀ ਦੀ ਲਹਿਰ ਬਾਰੇ ਵੀ ਉਦੋਂ ਦੇ ਸ਼ਹੀਦਾਂ ਤੇ ਸੰਗਰਾਮੀਆਂ ਨੂੰ ਆਪਣੀ ਸੋਚ ਦੇ ਚੌਖਟੇ ਵਿਚ ਫਿੱਟ ਕਰਨ ਦਾ ਯਤਨ ਕਰਦੇ ਹਨ ਤੇ ਜਿਹੜੇ ਫਿੱਟ ਨਾ ਆਉਂਦੇ ਹੋਣ, ਉਨ੍ਹਾਂ ਦੇ ਖਿਲਾਫ ਭੰਡੀ-ਪ੍ਰਚਾਰ ਸ਼ੁਰੂ ਕਰ ਸਕਦੇ ਹਨ। ਸਰਕਾਰੀ ਸਰਪ੍ਰਸਤੀ ਹੋਣ ਕਾਰਨ ਭਾਜਪਾ ਦੀ ਹਰ ਗੱਲ ਜਾਇਜ਼ ਠਹਿਰਾਉਣ ਵਾਲਿਆਂ ਨੂੰ ਕੋਈ ਇਹ ਵੀ ਯਾਦ ਨਹੀਂ ਕਰਾਉਂਦਾ ਕਿ ਦੇਸ਼ ਨੂੰ ਆਜ਼ਾਦੀ ਮਿਲਣ ਵੇਲੇ ਆਰ. ਐੱਸ. ਐੱਸ. ਨੇ ਉਸ ਤਿਰੰਗੇ ਝੰਡੇ ਨੂੰ ਸਨਮਾਨ ਨਾ ਦੇਣ ਦਾ ਸੱਦਾ ਦਿੱਤਾ ਸੀ, ਜਿਸ ਤਿਰੰਗੇ ਨੂੰ ਅੱਜ ਉਹੋ ਲੋਕ ਸਭ ਤੋਂ ਵੱਧ ਉੱਚਾ ਚੁੱਕਣ ਦੀਆਂ ਗੱਲਾਂ ਕਰਦੇ ਹਨ। ਸੰਘ ਪਰਿਵਾਰ ਦਾ ਬੁਲਾਰਾ ਅੰਗਰੇਜ਼ੀ ਮੈਗਜ਼ੀਨ ‘ਆਰਗੇਨਾਈਜ਼ਰ’ ਆਜ਼ਾਦੀ ਮਿਲਣ ਦੇ ਸਾਲ 1947 ਵਿਚ ਸ਼ੁਰੂ ਹੋਇਆ ਸੀ ਅਤੇ ਇਸ ਦੇ 17 ਜੁਲਾਈ 1947 ਨੂੰ ਛਪੇ ਤੀਸਰੇ ਅੰਕ ਵਿਚ ਸੰਪਾਦਕੀ ਲੇਖ ਵਿਚ ਹੀ ਤਿਰੰਗੇ ਝੰਡੇ ਨੂੰ ਮਾਨਤਾ ਦੇਣ ਦਾ ਤਿੱਖਾ ਵਿਰੋਧ ਕਰਦੇ ਹੋਏ ਲਿਖ ਦਿੱਤਾ ਗਿਆ ਸੀ ਕਿ ਸਮਾਂ ਆਵੇਗਾ, ਜਦੋਂ ਇਸ ਦੇਸ਼ ਵਿਚ ਤਿਰੰਗਾ ਨਹੀਂ, ਸਿਰਫ ਭਗਵਾ ਝੰਡਾ ਲਹਿਰਾਇਆ ਕਰੇਗਾ। ਉਸ ਤੋਂ ਬਾਅਦ ਕਈ ਸਾਲਾਂ ਤੱਕ ਇਸ ਸੰਗਠਨ ਨੇ ਆਪਣੇ ਨਾਗਪੁਰ ਵਾਲੇ ਮੁੱਖ ਦਫਤਰ ਉੱਤੇ ਤਿਰੰਗਾ ਝੰਡਾ ਨਹੀਂ ਸੀ ਲਾਇਆ, ਪਰ ਭਾਰਤ ਉੱਤੇ ਰਾਜ ਕਰਨ ਦਾ ਸੁਫਨਾ ਸਿਰੇ ਚੜ੍ਹਾਉਣ ਲਈ ਇੱਕ ਮਜਬੂਰੀ ਵਿਚ ਲਾਇਆ ਜਾਣ ਲੱਗਾ ਹੈ। ਆਜ਼ਾਦੀ ਮਿਲਣ ਵੇਲੇ ਆਰ. ਐੱਸ. ਐੱਸ. ਦੇ ਉਦੋਂ ਦੇ ਮੁਖੀ ਗੋਲਵਾਲਕਰ ਨੇ ਆਖਿਆ ਸੀ ਕਿ ਕੁਦਰਤ ਦੀ ਕਿੱਕ ਨਾਲ ਸੱਤਾ ਵਿਚ ਆਏ ਆਗੂ ਸਾਡੇ ਹੱਥ ਤਿਰੰਗਾ ਫੜਾ ਸਕਦੇ ਹਨ, ਪਰ ਇਹ ਝੰਡਾ ਕਦੇ ਵੀ ਹਿੰਦੂਆਂ ਵੱਲੋਂ ਨਾ ਸਤਿਕਾਰਿਆ ਜਾਵੇਗਾ ਅਤੇ ਨਾ ਅਪਨਾਇਆ ਜਾਵੇਗਾ। ਇਸ ਤੋਂ ਅੱਗੇ ਵਧ ਕੇ ਇਹ ਵੀ ਲਿਖਿਆ ਗਿਆ ਕਿ ਤਿੰਨ ਦਾ ਨੰਬਰ ਹੀ ਆਪਣੇ ਆਪ ਵਿਚ ਬੁਰਾਈ ਹੈ ਅਤੇ ਇਹ ਤਿੰਨ ਰੰਗਾਂ ਵਾਲਾ ਝੰਡਾ ਦੇਸ਼ ਦੀ ਮਾਨਸਕਿਤਾ ਉੱਤੇ ਬੁਰਾ ਅਸਰ ਪਾਵੇਗਾ ਅਤੇ ਉਸ ਨੂੰ ਜ਼ਖਮੀ ਕਰੇਗਾ।
ਸਾਨੂੰ ਇਹ ਗੱਲ ਪਤਾ ਹੈ ਕਿ ਰਾਜ-ਸੁਖ ਦੀ ਭੁੱਖ ਦੀਆਂ ਸਤਾਈਆਂ ਕੁਝ ਧਿਰਾਂ ਦੀ ਮਦਦ ਨਾਲ ਗੱਠਜੋੜ ਬਣਾ ਕੇ ਦੇਸ਼ ਦੀ ਵਾਗ ਇੱਕ ਵਾਰ ਸਾਂਭ ਚੁੱਕੀ ਭਾਜਪਾ ਕੋਲ ਇਸ ਵੇਲੇ ਏਨੀ ਤਾਕਤ ਹੈ ਕਿ ਜੋ ਮਰਜ਼ੀ ਭੰਨ-ਤੋੜ ਕਰੀ ਜਾਵੇ, ਕੋਈ ਰੋਕ ਸਕਣ ਵਾਲੀ ਤਾਕਤ ਸਾਹਮਣੇ ਨਹੀਂ ਦਿੱਸਦੀ, ਪਰ ਹਾਲਾਤ ਸਦਾ ਇੱਕੋ ਰਹਿਣ ਦੀ ਗਾਰੰਟੀ ਨਹੀਂ ਹੁੰਦੀ। ਨਰਿੰਦਰ ਮੋਦੀ ਦੀ ਅਗਵਾਈ ਹੇਠ ਜੋ ਮੁਹਿੰਮ ਇਸ ਵਕਤ ਚੱਲ ਰਹੀ ਹੈ, ਉਹ ਆਪਣੇ ਵਿਰੋਧ ਦੀਆਂ ਧਿਰਾਂ ਖੁਦ ਪੈਦਾ ਕਰਨ ਤੱਕ ਜਾ ਸਕਦੀ ਹੈ। ਘੱਟ-ਗਿਣਤੀਆਂ ਨੂੰ ਸਤਾਉਣ ਅਤੇ ਪੁਰਾਣੇ ਪ੍ਰਤੀਕਾਂ ਨੰ ਢਾਹੁਣ ਨਾਲ ਜਿੱਦਾਂ ਦੇ ਹਾਲਾਤ ਬਣ ਸਕਦੇ ਹਨ, ਭਾਜਪਾ ਲੀਡਰਸਿ਼ਪ ਉਨ੍ਹਾਂ ਬਾਰੇ ਨਹੀਂ ਸੋਚ ਰਹੀ। ਸ਼ਾਇਦ ਉਹ ਸੋਚਣਾ ਵੀ ਨਹੀਂ ਚਾਹੁੰਦੀ। ਉਹ ਲੋਕ ਥੋੜ੍ਹੇ ਨਹੀਂ, ਜਿਹੜੇ ਹਰ ਤਰ੍ਹਾਂ ਦੇ ਹਾਲਾਤ ਵਿਚ ਵਿਰੋਧ ਕਰਨ ਦੀ ਹਿੰਮਤ ਕਰ ਸਕਦੇ ਹਨ ਤੇ ਜਦੋਂ ਏਦਾਂ ਦੀ ਹਿੰਮਤ ਦਾ ਕੋਈ ਠੋਸ ਮੁੱਢ ਇੱਕ ਵਾਰੀ ਬੱਝ ਗਿਆ, ਫਿਰ ਰੇਤ ਦੀ ਬੋਰੀ ਵਾਂਗ ਹੀ ਕੇਰਾ ਲੱਗਦਾ ਹੁੰਦਾ ਹੈ ਤੇ ਰੁਕਦਾ ਨਹੀਂ ਹੁੰਦਾ।