ਕਾਂਗਰਸ ਸਰਕਾਰ ਵੱਲੋਂ ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਮਝੌਤੇ ਤੇ ਖੇਤੀ ਕਾਨੂੰਨ ਮੁੱਢੋਂ ਰੱਦ ਕਰਨ ਦਾ ਮਨ ਬਣਾ ਲਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਅਤੇ ਕਾਲੇ ਖੇਤੀ ਕਾਨੂੰਨ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਢੋਂ ਰੱਦ ਕਰ ਦਿੱਤੇ ਜਾਣਗੇ।

ਸਿੱਧੂ ਨੇ ‘ਪੰਜਾਬ ਮਾਡਲ` ਦੀ ਲੋੜ ਉਤੇ ਜੋਰ ਦਿੰਦਿਆਂ ਕਿਹਾ, ‘ਲੋਕ ਹਿੱਤਾਂ ਤੇ ਵਿਕਾਸ ਤੋਂ ਬਿਨਾਂ ਰਾਜਨੀਤੀ ਮੇਰੇ ਲਈ ਕੋਈ ਮਾਅਨੇ ਨਹੀਂ ਰੱਖਦੀ। ਉਹ ਆਪਣੇ 10 ਸਾਲ ਦੇ ਪਹਿਲਾਂ ਦੇ ਏਜੰਡੇ `ਤੇ ਕਾਇਮ ਹਨ। ਨੀਤੀ `ਤੇ ਕੰਮ ਨਾ ਕਰਨ ਵਾਲੀ ਰਾਜਨੀਤੀ ਮਹਿਜ਼ ਨਕਾਰਾਤਮਿਕ ਪ੍ਰਚਾਰ ਹੈ ਤੇ ਲੋਕਪੱਖੀ ਏਜੰਡੇ ਤੋਂ ਸੱਖਣੇ ਲੀਡਰ ਰਾਜਨੀਤੀ ਸਿਰਫ ਧੰਦੇ ਲਈ ਹੀ ਕਰਦੇ ਹਨ।` ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਚੋਣਾਂ ਮਗਰੋਂ ਕਾਂਗਰਸ ਸਰਕਾਰ ਬਣੇਗੀ ਤੇ ਸੂਬੇ `ਚ ਮਾਫੀਆ ਰਾਜ ਖਤਮ ਕਰ ਦਿੱਤਾ ਜਾਵੇਗਾ।
ਸ੍ਰੀ ਸਿੱਧੂ ਨੇ ਠੇਕਾ ਮੁਲਾਜ਼ਮਾਂ, ਸਿਹਤ ਕਾਮਿਆਂ, ਕਿਸਾਨਾਂ, ਈ.ਟੀ.ਟੀ. ਅਧਿਆਪਕਾਂ ਨੂੰ ਕਲਾਵੇ ਵਿਚ ਲੈਂਦਿਆਂ ਕਿਹਾ, ‘ਅੱਜ, ਮੈਂ ਮੁੜ ਜ਼ੋਰ ਦੇ ਕੇ ਕਹਿ ਰਿਹਾ ਹਾਂ ਕਿ ਸਾਨੂੰ ਪੰਜਾਬ ਦੇ ਵਿਕਾਸ ਲਈ ‘ਪੰਜਾਬ ਮਾਡਲ` ਦੀ ਲੋੜ ਹੈ। ਜਿਥੇ ਲੋਕਾਂ ਦਾ ਪਸੀਨਾ ਡੁੱਲ੍ਹੇਗਾ, ਉੱਥੇ ਸਿੱਧੂ ਦਾ ਖੂਨ ਵਹੇਗਾ ਅਤੇ ਪੰਜਾਬ ਵਿਚ ਇਹ ਕਿਸਾਨ ਮਾਰੂ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਕਿਸਾਨੀ ਅਤੇ ਸਮੁੱਚੇ ਪੰਜਾਬ ਲਈ ਮਾਰੂ ਸਿੱਧ ਹੋਣ ਵਾਲੇ ਇਹ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ, ਭਾਵੇਂ ਉਨ੍ਹਾਂ ਨੂੰ ਕੋਈ ਵੀ ਲੜਾਈ ਕਿਉਂ ਨਾ ਲੜਨੀ ਪਵੇ।` ਉਨ੍ਹਾਂ ਕਿਹਾ ਕਿ ਜਿਹੜੇ ਬੇਅਦਬੀ ਦੇ ਦੋਸ਼ੀ ਹਨ, ਉਨ੍ਹਾਂ ਨੂੰ ਮਿਸਾਲੀ ਸਜ਼ਾ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ 3 ਲੱਖ ਕਰੋੜ ਦਾ ਕਰਜ਼ਾਈ ਹੈ। ਪਿਛਲੀ ਸਰਕਾਰ ਨੇ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰੱਜ ਕੇ ਲੁੱਟ ਕੀਤੀ। ਪੰਜਾਬ ਵਿਚ 1,100 ਕਿਲੋਮੀਟਰ ਦਰਿਆਈ ਖੇਤਰ ਹੈ ਪਰ ਪਿਛਲੀ ਸਰਕਾਰ ਵੱਲੋਂ ਰੇਤੇ ਦੇ ਪ੍ਰਤੀ ਮਹੀਨਾ ਸਿਰਫ 3 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਏ ਜਾਂਦੇ ਸਨ, ਜੋ ਕਿ ਹੁਣ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ 300 ਕਰੋੜ ਰੁਪਏ ਕਰਵਾਏ ਜਾ ਰਹੇ ਹਨ। ਪੰਜਾਬ ਵਿਚੋਂ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਮਾਫੀਆ ਨੂੰ ਖਤਮ ਕੀਤਾ ਜਾ ਰਿਹਾ ਹੈ। ਸਿੱਧੂ ਨੇ ਦਾਅਵੇ ਨਾਲ ਕਿਹਾ ਕਿ ਉਨ੍ਹਾਂ ਨੇ ਅੱਜ ਤੱਕ ਕਦੇ ਵੀ ਆਪਣੀ ਕੁਰਸੀ ਦੀ ਪ੍ਰਵਾਹ ਨਹੀਂ ਕੀਤੀ ਅਤੇ ਭਵਿੱਖ ਵਿਚ ਵੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਹਰ ਤਰ੍ਹਾਂ ਦੇ ਮਾਫੀਆ ਰਾਜ ਨੂੰ ਖਤਮ ਕਰਕੇ ਹੀ ਸਾਹ ਲੈਣਗੇ। ਇਸੇ ਦੌਰਾਨ ਉਨ੍ਹਾਂ ਬਿਨਾਂ ਨਾਂ ਲਏ ‘ਆਪ` ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਦਿੱਲੀ ਆਪਣੀ ਬਿਜਲੀ ਖੁਦ ਪੈਦਾ ਨਹੀਂ ਕਰਦੀ ਅਤੇ ਇਸ ਦੀ ਵੰਡ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਹੈ। ਜਦਕਿ ਪੰਜਾਬ ਬਿਜਲੀ ਆਪ ਪੈਦਾ ਕਰਦਾ ਹੈ ਅਤੇ ਬਿਜਲੀ ਪੂਰਤੀ ਰਾਜ ਦੀ ਕਾਰਪੋਰੇਸ਼ਨ ਰਾਹੀਂ ਕਰਦਿਆਂ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਵੀ ਦਿੰਦਾ ਹੈ। ਦਿੱਲੀ ਮਾਡਲ ਦਾ ਮਤਲਬ ਬਾਦਲਾਂ ਤੋਂ ਵੀ ਵੱਡੇ ਮਗਰਮੱਛ ਕਾਰਪੋਰੇਟਾਂ ਨੂੰ ਸੱਦਾ ਦੇਣਾ ਹੈ।
________________________________________________________
ਨਵਜੋਤ ਸਿੱਧੂ ‘ਤੇ ਸ਼ਰਾਬ ਮਾਫੀਆ ਦੀ ਪੁਸ਼ਤਪਨਾਹੀ ਦੇ ਦੋਸ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਸ਼ਰਾਬ ਮਾਫੀਆ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਾਏ ਹਨ। ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੈਂਕੜੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਵੱਲੋਂ ਘਨੌਰ ਹਲਕੇ ਦੇ ਦਾਗੀ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਵਿਰੋਧ ਦੇ ਬਾਵਜੂਦ ਸਿੱਧੂੁ, ਜਲਾਲਪੁਰ ਲਈ ਪੂਰਨ ਹਮਾਇਤ ਦਾ ਐਲਾਨ ਕਰ ਕੇ ਰੇਤ ਤੇ ਸ਼ਰਾਬ ਮਾਫੀਆ ਦਾ ਬਚਾਅ ਕਰਨ ਵਿਚ ਸਭ ਤੋਂ ਮੋਹਰੀ ਹੋ ਗਏ ਹਨ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਕਰ ਕੇ ਨਵਜੋਤ ਸਿੱਧੂ ਨੇ ਆਪਣਾ ਅਸਲ ਕਿਰਦਾਰ ਦਿਖਾ ਦਿੱਤਾ ਹੈ।