ਕਿਸਾਨ ਸੰਸਦ ਵਿਚ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ

ਨਵੀਂ ਦਿੱਲੀ: ਇਥੇ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਵਿਚ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਪਾਸ ਕੀਤਾ ਗਿਆ। ਇਹ ਮਤਾ ਇਸ ਗੱਲ ‘ਤੇ ਆਧਾਰਿਤ ਸੀ ਕਿ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰ ਵੱਲੋਂ ਅਨੇਕਾਂ ਕਿਸਾਨ ਵਿਰੋਧੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਬੇਭਰੋਸਗੀ ਮਤੇ ਵਿਚ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰੌਲਾ-ਰੱਪਾ ਪਾਇਆ ਸੀ ਪਰ ਇਸ ਦਿਸ਼ਾ ਵਿਚ ਕੋਈ ਵੀ ਠੋਸ ਕੰਮ ਨਹੀਂ ਕੀਤਾ ਹੈ। ਮਤੇ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਭਾਜਪਾ ਤੇ ਪ੍ਰਧਾਨ ਮੰਤਰੀ ਸੀ-2+50 ਫੀਸਦ ਐਮ.ਐਸ.ਪੀ. ਦੇਣ ਦੇ ਆਪਣੇ ਵਾਅਦਿਆਂ ਤੋਂ ਵਾਰ-ਵਾਰ ਭਗੌੜੇ ਸਾਬਤ ਹੋਏ ਹਨ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿਚ ਵੀ ਕਿਸਾਨਾਂ ਨੂੰ ਧੋਖਾ ਦਿੱਤਾ ਗਿਆ ਹੈ ਜਿਥੇ ਸਰਕਾਰ ਦਾ ਖਰਚਾ ਵਧਿਆ, ਕਿਸਾਨਾਂ ਦੀ ਕਵਰੇਜ ਘਟੀ ਤੇ ਕਾਰਪੋਰੇਸ਼ਨਾਂ ਨੂੰ ਲਾਭ ਹੋਇਆ ਹੈ।
ਮਤੇ ‘ਚ ਇਹ ਵੀ ਕਿਹਾ ਹੈ ਕਿ ਭਾਰਤ ਦੀ ਬਰਾਮਦ ‘ਚ ਗਿਰਾਵਟ ਦਰਜ ਹੋਈ ਹੈ ਜਦਕਿ ਦਰਾਮਦ ਵਿਚ ਵਾਧਾ ਹੋਇਆ ਹੈ। ਇਸ ਨਾਲ ਦੋਵਾਂ ਵਿਚ ਹੀ ਪਾੜਾ ਵਧ ਰਿਹਾ ਹੈ। ਮਤੇ ਮੁਤਾਬਕ ਜਦੋਂ ਵੀ ਕੁਦਰਤੀ ਆਫਤਾਂ ਦੌਰਾਨ ਕਿਸਾਨਾਂ ਨੂੰ ਸਰਕਾਰੀ ਸਹਾਇਤਾ ਦੇਣ ਦੀ ਗੱਲ ਤੁਰਦੀ ਹੈ, ਤਾਂ ਇਹ ਇਕ ਵੱਡੀ ਅਸਫਲਤਾ ਸਾਬਤ ਹੁੰਦੀ ਹੈ। ਮੋਦੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਕਾਰਪੋਰੇਟ ਪੱਖੀ, ਕਿਸਾਨ ਵਿਰੋਧੀ ਕਾਨੂੰਨ ਨਾ ਲਿਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਸਾਰੇ ਕਿਸਾਨਾਂ ਨੂੰ ਸਾਰੀਆਂ ਜਿਣਸਾਂ ਦੇ ਲਾਭਕਾਰੀ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਕਾਨੂੰਨ ਲਾਗੂ ਕਰੇ। ਬਹਿਸ ‘ਚ ਹਿੱਸਾ ਲੈਂਦਿਆਂ ਕਿਸਾਨ ਮੈਂਬਰਾਂ ਨੇ ਰੋਜ਼ੀ-ਰੋਟੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਬਹੁਤ ਸਾਰੇ ਮੁੱਦੇ ਉਠਾਏ।
___________________________________________
ਕਿਸਾਨਾਂ ਨਾਲ ਵਾਰਤਾ ਲਈ ਸਰਕਾਰ ਹਮੇਸ਼ਾ ਤਿਆਰ: ਤੋਮਰ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਇਥੇ ਜੰਤਰ-ਮੰਤਰ ‘ਤੇ ਜਾਰੀ ‘ਕਿਸਾਨ ਸੰਸਦ‘ ਦੌਰਾਨ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਇਸ ਮਸਲੇ ਦੇ ਹੱਲ ਲਈ ਕਿਸਾਨਾਂ ਨਾਲ ਵਾਰਤਾ ਲਈ ਹਮੇਸ਼ਾ ਤਿਆਰ ਹੈ। ਰਾਜ ਸਭਾ ‘ਚ ਇਕ ਸਵਾਲ ਦੇ ਲਿਖਤੀ ਜਵਾਬ ‘ਚ ਸ੍ਰੀ ਤੋਮਰ ਨੇ ਦੱਸਿਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਸਰਕਾਰ ਨੇ ਸਰਗਰਮੀ ਨਾਲ ਅਤੇ ਲਗਾਤਾਰ ਕਿਸਾਨ ਯੂਨੀਅਨਾਂ ਨਾਲ ਕੰਮ ਕੀਤਾ ਹੈ ਅਤੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ 11 ਗੇੜ ਦੀ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੋਂ ਇਲਾਵਾ ਕਦੇ ਵੀ ਕਾਨੂੰਨਾਂ ਦੀਆਂ ਮੱਦਾਂ ‘ਤੇ ਵਾਰਤਾ ਲਈ ਰਾਜ਼ੀ ਨਹੀਂ ਹੋਈਆਂ।
________________________________________________
ਮਿਸ਼ਨ 2022: ਚੜੂਨੀ ਨੇ ਸਰਗਰਮੀਆਂ ਵਧਾਈਆਂ
ਜਲੰਧਰ: ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੋਆਬੇ ਵਿਚ ਪੰਜ ਮੀਟਿੰਗਾਂ ਕੀਤੀਆਂ, ਜਿਸ ਵਿਚ ਕਿਸਾਨ, ਮਜ਼ਦੂਰ ਤੇ ਬਹੁਜਨ ਸਮਾਜ ਦੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਗੁਰਨਾਮ ਸਿੰਘ ਚੜੂਨੀ ਨੇ ਇਥੇ ਡਾ. ਅੰਬੇਡਕਰ ਭਵਨ ਬੂਟਾ ਮੰਡੀ ਵਿਚ ਵੱਖ-ਵੱਖ ਦੇਸ਼ਾਂ ਤੋਂ ਆਏ ਪਰਵਾਸੀ ਪੰਜਾਬੀਆਂ ਨਾਲ ਚਾਰ ਘੰਟੇ ਤੱਕ ਗੱਲਬਾਤ ਕੀਤੀ।
ਇਨ੍ਹਾਂ ਮੀਟਿੰਗਾਂ ਵਿਚ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੂਬਾਈ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਤੇ ਪੱਛੜੀਆਂ ਸ਼੍ਰੇਣੀਆਂ ਦੇ ਆਗੂ ਸੁਖਬੀਰ ਸਿੰਘ ਸ਼ਾਲੀਮਾਰ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ‘ਮਿਸ਼ਨ ਪੰਜਾਬ‘ ਦੀ ਰਸਮੀ ਸ਼ੁਰੂਆਤ ਦੋਆਬਾ ਖਿੱਤੇ ‘ਚੋਂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜੇਕਰ ਕਿਸਾਨ, ਮਜ਼ਦੂਰ ਤੇ ਬਹੁਜਨ ਸਮਾਜ ਇਕਜੁੱਟ ਹੋ ਜਾਵੇ ਤਾਂ ਉਨ੍ਹਾਂ ਦੀ ਆਪਣੀ ਸਰਕਾਰ ਬਣ ਸਕਦੀ ਹੈ ਤੇ ਮਸਲੇ ਹੱਲ ਹੋ ਸਕਦੇ ਹਨ। ਪੰਜਾਬ `ਚ ਚੋਣਾਂ ਲੜਨ ਬਾਰੇ ਪੁੱਛੇ ਸੁਆਲ ਦੇ ਜੁਆਬ ਵਿਚ ਚੜੂਨੀ ਨੇ ਕਿਹਾ ਕਿ ਉਹ ‘ਮਿਸ਼ਨ ਪੰਜਾਬ‘ ਤਹਿਤ ਸਾਰੇ ਵਰਗਾਂ ਦੀ ਰਾਇ ਲੈ ਰਹੇ ਹਨ।
ਕਿਸਾਨਾਂ, ਮਜ਼ਦੂਰਾਂ, ਬਹੁਜਨ ਸਮਾਜ, ਸਾਬਕਾ ਫੌਜੀਆਂ, ਮੁਲਾਜ਼ਮਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਇਕੱਠ ਕਰਕੇ ਉਨ੍ਹਾਂ ਦੀ ਸਲਾਹ ਲੈ ਰਹੇ ਹਨ ਤੇ ਜਿਹੜੀ ਵੀ ਰਾਏ ਬਣੇਗੀ, ਉਸ ਮੁਤਾਬਕ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਜਨੀਤੀ ਨੂੰ ਹੱਥ ਪਾਇਆ ਤਾਂ ਫਿਰ ਪੱਕੇ ਪੈਰੀਂ ਹੋ ਕੇ ਪਾਇਆ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਦੋਆਬੇ ‘ਚ ਦੋ ਦਿਨਾਂ ਦੇ ਦੌਰੇ ਦੌਰਾਨ ਗੜ੍ਹਸ਼ੰਕਰ, ਨਵਾਂਸ਼ਹਿਰ, ਖਟਕੜ ਕਲਾਂ, ਟਰੱਕ ਯੂਨੀਅਨ ਬੰਗਾ, ਉੜਾਪੜ ਤੇ ਜਲੰਧਰ ਵਿਚ ਮੀਟਿੰਗਾਂ ਕੀਤੀਆਂ।