ਅਫਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਅਫ਼ਗਾਨਿਸਤਾਨ ਵਿਚ ਬਣੇ ਹਿੰਸਕ ਮਾਹੌਲ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਅਜਿਹੀ ਸਥਿਤੀ ਵਿਚ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਜੋ ਸਿੱਖ ਅਫ਼ਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਲਈ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਪ੍ਰਬੰਧ ਕਰਨੇ ਚਾਹੀਦੇ ਹਨ। ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ‘ਚ ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਮੌਜੂਦਾ ਹਾਲਾਤ ਵਿਚ ਸਿੱਖ ਭੈਭੀਤ ਹਨ ਅਤੇ ਉਹ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਅਫ਼ਗਾਨਿਸਤਾਨ ਵਿਚ ਸੁਰੱਖਿਆ ਲਈ ਤੁਰਤ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਜੇ ਇਹ ਸਿੱਖ ਭਾਰਤ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਕਦੇ ਅਫ਼ਗਾਨਿਸਤਾਨ ਵਿਚ ਵੱਡੀ ਗਿਣਤੀ ‘ਚ ਸਿੱਖ ਵੱਸਦੇ ਸਨ ਪਰ ਦੁੱਖ ਦੀ ਗੱਲ ਹੈ ਕਿ ਅੱਜ ਸਿਰਫ ਕੁਝ ਸਿੱਖ ਪਰਿਵਾਰ ਹੀ ਉਥੇ ਰਹਿ ਰਹੇ ਹਨ ਅਤੇ ਉਹ ਵੀ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਸਿੱਖਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ।
ਦੱਸ ਦਈਏ ਕਿ ਅਫ਼ਗਾਨਿਸਤਾਨ ਵਿਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਨੇ ਅਫ਼ਗਾਨੀ ਸਿੱਖਾਂ ਦਾ ਫਿਕਰ ਵਧਾ ਦਿੱਤਾ ਹੈ। ਲੁਧਿਆਣਾ ਵਿਚ ਆ ਕੇ ਵੱਸੇ ਪਰਿਵਾਰਾਂ ਦਾ ਕਹਿਣਾ ਹੈ ਕਿ ਅਫ਼ਗਾਨਿਸਤਾਨ ਵਿਚ ਪਹਿਲਾਂ ਹੀ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਅਮਰੀਕੀ ਫੌਜਾਂ ਦੀ ਵਾਪਸੀ ਮਗਰੋਂ ਹੁਣ ਤਾਲਿਬਾਨੀਆਂ ਨੇ ਅਫ਼ਗਾਨਿਸਤਾਨ ਵਿਚ ਮੁੜ ਆਪਣਾ ਜ਼ੁਲਮ ਸ਼ੁਰੂ ਕਰ ਦਿੱਤਾ ਹੈ। ਤਾਲਿਬਾਨੀਆਂ ਵੱਲੋਂ ਘੱਟ ਗਿਣਤੀਆਂ ਦੇ ਧਾਰਮਿਕ ਸਥਾਨਾਂ ਮੰਦਰਾਂ ਤੇ ਗੁਰਦੁਆਰਿਆਂ ‘ਤੇ ਹਮਲੇ ਕੀਤੇ ਜਾ ਰਹੇ ਹਨ।
ਇਥੇ ਵੱਸੇ ਅਫਗਾਨੀ ਸਿੱਖ ਪਰਿਵਾਰਾਂ ਨੇ ਦੱਸਿਆ ਕਿ ਉਹ ਸਾਲ 2012 ਵਿਚ ਅਫ਼ਗਾਨਿਸਤਾਨ ਤੋਂ ਕਾਬੁਲ ਪਰਤ ਆਏ ਸਨ ਅਤੇ ਹੁਣ ਉਥੇ ਹਾਲਾਤ ਹੋਰ ਵੀ ਖਰਾਬ ਹੋ ਗਏ ਹਨ, ਕਿਉਂਕਿ ਤਾਲਿਬਾਨੀਆਂ ਵੱਲੋਂ ਘੱਟ ਗਿਣਤੀਆਂ ‘ਤੇ ਜ਼ੁਲਮ ਢਾਹਿਆ ਜਾ ਰਿਹਾ ਹੈ। ਇਸ ਤੋਂ ਬਾਅਦ ਉਹ ਲੁਧਿਆਣਾ ਵਿਚ ਆ ਗਏ।
ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਗੁਰਦੁਆਰਿਆਂ ‘ਤੇ ਹਮਲੇ ਹੋ ਰਹੇ ਹਨ ਅਤੇ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਨ੍ਹਾਂ ਵਿਚ ਉਹ ਆਪਣੇ ਕਈ ਰਿਸ਼ਤੇਦਾਰ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਈ ਰਿਸ਼ਤੇਦਾਰ ਹਾਲੇ ਵੀ ਅਫ਼ਗਾਨਿਸਤਾਨ ਵਿਚ ਫਸੇ ਹੋਏ ਹਨ, ਜਿਨ੍ਹਾਂ ਦੀ ਸੁਰੱਖਿਆ ਬਾਰੇ ਉਹ ਕਾਫੀ ਫਿਕਰਮੰਦ ਹਨ। ਕਾਬੁਲ ਤੋਂ ਆਏ ਸ਼ਾਮ ਸਿੰਘ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਨੂੰ ਵੀ ਅਫ਼ਗਾਨਿਸਤਾਨ ਵਿਚੋਂ ਸੁਰੱਖਿਅਤ ਕੱਢ ਕੇ ਭਾਰਤ ਦੀ ਨਾਗਰਿਕਤਾ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਉਥੇ ਤਾਂ ਉਨ੍ਹਾਂ ਨੂੰ ਹਰ ਵੇਲੇ ਜਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਾਵੇਂ ਹੁਣ ਭਾਰਤ ਦੀ ਨਾਗਰਿਕਤਾ ਮਿਲ ਗਈ ਹੈ, ਪਰ ਹਾਲੇ ਤੱਕ ਆਧਾਰ ਕਾਰਡ ਨਹੀਂ ਬਣੇ ਹਨ ਤੇ ਨਾ ਹੀ ਸਰਕਾਰ ਵੱਲੋਂ ਕੋਈ ਸਹੂਲਤ ਮਿਲੀ ਹੈ। ਬੱਚੇ ਵੀ ਪੜ੍ਹ ਨਹੀਂ ਰਹੇ। ਰਿਕਸ਼ਾ ਤੇ ਆਟੋ ਚਲਾ ਕੇ ਉਹ ਆਪਣਾ ਗੁਜ਼ਾਰਾ ਕਰਦੇ ਹਨ, ਕੋਈ ਗਲੀਆਂ ਵਿਚ ਕੱਪੜੇ ਵੇਚ ਕੇ ਜ਼ਿੰਦਗੀ ਬਸਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਮਦਦ ਕੀਤੀ ਜਾਵੇ ਤੇ ਲੁਧਿਆਣਾ ਵਿਚ ਵੀ ਮਦਦ ਕੀਤੀ ਜਾਵੇ।
___________________________________________
ਹਿੰਦੂਆਂ ਤੇ ਸਿੱਖਾਂ ਨੂੰ ਸੁਰੱਖਿਅਤ ਲਿਆਉਣ ਦੀ ਅਪੀਲ
ਨਵੀਂ ਦਿੱਲੀ: ‘ਵਰਲਡ ਪੰਜਾਬੀ ਆਰਗੇਨਾਈਜੇਸ਼ਨ` ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਕਾਬੁਲ ਵਿਚੋਂ 257 ਅਫ਼ਗਾਨ ਹਿੰਦੂ ਤੇ ਸਿੱਖ ਪਰਿਵਾਰਾਂ ਨੂੰ ਜਲਦੀ ਕੱੱਢਿਆ ਜਾਵੇ। ਸੰਗਠਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਅਫ਼ਗਾਨ ਮੂਲ ਦੇ ਸਿੱਖਾਂ ਤੇ ਹਿੰਦੂਆਂ ਨੂੰ ਸੁਰੱਖਿਅਤ ਭਾਰਤ ਲਿਆਂਦਾ ਜਾਵੇ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਇਸ ਵੇਲੇ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਇਨ੍ਹਾਂ ਦੇ ਪੁਨਰਵਾਸ ਲਈ ਹਰ ਸੰਭਵ ਯਤਨ ਕਰੇਗਾ। ਸਾਹਨੀ ਨੇ ਪਹਿਲਾਂ ਹੀ ਭਾਰਤ ਆ ਚੁੱਕੇ ਅਜਿਹੇ ਸ਼ਰਨਾਰਥੀਆਂ ਨੂੰ ਲੰਮੀ ਮਿਆਦ ਦੇ ਵੀਜ਼ੇ ਦੇਣ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਇਨ੍ਹਾਂ ਨੂੰ ਜਲਦੀ ਨਾਗਰਿਕਤਾ ਵੀ ਦਿੱਤੀ ਜਾਵੇ।