ਕਰੋਨਾ ਦਾ ਸਹਿਮ: ਪੰਜਾਬ ਵਿਚ ਮੁੜ ਸਖਤ ਹੋਈਆਂ ਪਾਬੰਦੀਆਂ

ਚੰਡੀਗੜ੍ਹ: ਪੰਜਾਬ ਵਿਚ ਕਰੋਨਾ ਦੇ ਵਧਦੇ ਕਹਿਰ ਦੇ ਮੱਦੇਨਜ਼ਰ ਮੁੜ ਪਾਬੰਦੀਆਂ ਸਖਤ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਦਾ ਸਰਟੀਫਿਕੇਟ ਜਾਂ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕਰਾਰ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਾਸ ਕਰਕੇ ਹਿਮਾਚਲ ਪ੍ਰਦੇਸ਼ ਤੇ ਜੰਮੂ ਤੋਂ ਆਉਣ ਵਾਲੇ ਲੋਕਾਂ ‘ਤੇ ਨਿਗਰਾਨੀ ਦੀ ਜ਼ਰੂਰਤ ਹੈ ਕਿਉਂਕਿ ਪਹਾੜੀ ਸੂਬਿਆਂ ਵਿਚ ਪਿਛਲੇ ਦਿਨਾਂ ਤੋਂ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ‘ਚ ਇਕਦਮ ਵਾਧਾ ਹੋਇਆ ਹੈ।

ਸਕੂਲਾਂ ਵਿਚ ਕੋਵਿਡ ਦੇ ਮਾਮਲੇ ਮਿਲਣ ਦੀਆਂ ਰਿਪੋਰਟਾਂ ਵਿਚਾਲੇ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੜ੍ਹਾਉਣ ਦੀ ਇਜਾਜ਼ਤ ਸਿਰਫ ਮੁਕੰਮਲ ਟੀਕਾਕਰਨ ਵਾਲੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ, ਜਾਂ ਜੋ ਹਾਲ ਹੀ ਵਿਚ ਕੋਵਿਡ ਤੋਂ ਸਿਹਤਯਾਬ ਹੋਏ ਹਨ, ਨੂੰ ਹੋਵੇਗੀ। ਉਨ੍ਹਾਂ ਟੀਕਾਕਰਨ ਲਈ ਅਧਿਆਪਕਾਂ ਅਤੇ ਗੈਰ-ਅਧਿਆਪਨ ਅਮਲੇ ਨੂੰ ਤਰਜੀਹ ਦੇਣ ਦੇ ਆਦੇਸ਼ ਵੀ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿਚ ਪਿਛਲੇ ਹਫਤੇ ਦੌਰਾਨ ਪਾਜ਼ੀਟੀਵਿਟੀ ਦਰ ਵੀ 0.2 ਫੀਸਦੀ ਤੱਕ ਦਾ ਮਾਮੂਲੀ ਵਾਧਾ ਹੋਣ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਦੇ ਅਧਿਐਨ ‘ਚ ਭਵਿੱਖਬਾਣੀ ਕੀਤੀ ਗਈ ਹੈ ਕਿ ਅਗਲੇ 64 ਦਿਨਾਂ ਵਿਚ ਕੇਸ ਦੁੱਗਣੇ ਹੋਣ ਦੀ ਸੰਭਾਵਨਾ ਹੈ, ਇਸ ਲਈ ਸਾਵਧਾਨੀ ਵਜੋਂ ਅਗਾਊਂ ਪਾਬੰਦੀਆਂ ਐਲਾਨੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਅਤੇ ਸਟਾਫ ਦੇ ਘੱਟੋ-ਘੱਟ 10,000 ਟੈਸਟ ਪ੍ਰਤੀ ਦਿਨ ਕਰਨ ਲਈ ਕਿਹਾ। ਉਨ੍ਹਾਂ 0.2 ਪ੍ਰਤੀਸ਼ਤ ਤੋਂ ਉੱਪਰ ਪਾਜ਼ੀਟਿਵਿਟੀ ਦਰ ਵਾਲੇ ਜ਼ਿਲ੍ਹਿਆਂ ‘ਚ ਸੁਧਾਰ ਹੋਣ ਤੱਕ ਚੌਥੀ ਅਤੇ ਇਸ ਤੋਂ ਹੇਠਲੀਆਂ ਕਲਾਸਾਂ ਲਈ ਸਕੂਲ ਬੰਦ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਅਤੇ ਆਰ.ਟੀ-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਾ ਨਿਯਮ ਉਨ੍ਹਾਂ ਸਾਰਿਆਂ ‘ਤੇ ਲਾਗੂ ਹੋਵੇਗਾ, ਜੋ ਪੰਜਾਬ ਵਿਚ ਸੜਕੀ, ਰੇਲ ਜਾਂ ਹਵਾਈ ਮਾਰਗ ਰਾਹੀਂ ਦਾਖਲ ਹੋਣਗੇ।
__________________________________________
ਪੰਜਾਬ ਲਈ ਕੋਵਿਡ ਟੀਕਿਆਂ ਦੀ ਵੰਡ ‘ਚ 25 ਫੀਸਦੀ ਵਾਧੇ ਦੇ ਹੁਕਮ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਲਈ ਕੋਵੀਸ਼ੀਲਡ ਟੀਕਿਆਂ ਦੀ ਵੰਡ ‘ਚ ਵਾਧੇ ਅਤੇ ਡੀ.ਏ.ਪੀ. ਖਾਦ ਦਾ ਮਾਮਲਾ ਉਠਾਇਆ। ਕੇਂਦਰੀ ਸਿਹਤ ਮੰਤਰੀ ਨੇ ਫੌਰੀ ਪੰਜਾਬ ਨੂੰ ਟੀਕਿਆਂ ਦੀ ਵੰਡ ‘ਚ 25 ਫੀਸਦੀ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਅਗਾਮੀ ਤਿਉਹਾਰਾਂ ਦੇ ਮੱਦੇਨਜ਼ਰ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਵੱਲੋਂ ਕੋਵੀਸ਼ੀਲਡ ਦੇ ਦੂਜੇ ਟੀਕੇ ਲਈ ਉਡੀਕ ਕਰ ਰਹੇ 26 ਲੱਖ ਲੋਕਾਂ ਦੀ ਗਿਣਤੀ ਦਾ ਹਵਾਲਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕੇਂਦਰ ਤੋਂ ਕੋਵਿਡ ਟੀਕਿਆਂ ਦੀਆਂ 55 ਲੱਖ ਖੁਰਾਕਾਂ ਦੀ ਮੰਗ ਕੀਤੀ ਸੀ। ਕੇਂਦਰੀ ਮੰਤਰੀ ਮਾਂਡਵੀਆ ਨੇ 31 ਅਕਤੂਬਰ ਤੱਕ ਪੰਜਾਬ ਦੀ ਲੋੜ ਪੂਰੀ ਕਰ ਦੇਣ ਦਾ ਭਰੋਸਾ ਦਿੱਤਾ ਅਤੇ ਸੂਬੇ ਦਾ ਕੋਟਾ ਵਧਾਉਣ ਲਈ ਹੁਕਮ ਦਿੱਤੇ।
___________________________________________
ਵੈਕਸੀਨ ਦੀ ਮੁਕੰਮਲ ਵਰਤੋਂ ਲਈ ਤਿਆਰੀਆਂ ਦੇ ਹੁਕਮ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਆਉਣ ਵਾਲੀ ਵਾਧੂ ਸਪਲਾਈ ਨੂੰ ਮੁਕੰਮਲ ਵਰਤੋਂ ਵਿਚ ਲਿਆਉਣ ਲਈ ਪੁਖਤਾ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ਵਿਚ ਟੀਕਾਕਰਨ ਲਈ ਯੋਗ ਆਬਾਦੀ ਵਿਚੋਂ ਅੱਧੀ ਤੋਂ ਵੱਧ ਵਸੋਂ ਦੇ ਇਕ ਖੁਰਾਕ ਲੱਗ ਜਾਣ ਤੇ ਮੌਜੂਦਾ ਸਟਾਕ ਨੂੰ ਬਿਨਾਂ ਕਿਸੇ ਬਰਬਾਦੀ ਤੋਂ ਵਰਤੋਂ ਵਿਚ ਲਿਆਂਦੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਫਤੇ ਦੀ ਸ਼ੁਰੂਆਤ ਵਿਚ ਕੇਂਦਰੀ ਸਿਹਤ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਯੋਗ ਵਸੋਂ ਦੇ ਟੀਕਾਕਰਨ ਲਈ ਤੁਰਤ 55 ਲੱਖ ਖੁਰਾਕਾਂ ਦੀ ਸਪਲਾਈ ਮੰਗੀ ਸੀ।
_________________________________________
ਸਕੂਲਾਂ ‘ਚ ਰੋਜ਼ਾਨਾ 10,000 ਕੋਵਿਡ ਟੈਸਟ ਕਰਨ ਦੇ ਹੁਕਮ
ਚੰਡੀਗੜ੍ਹ: ਮੁੱਖ ਸਕੱਤਰ ਵਿਨੀ ਮਹਾਜਨ ਨੇ ਸੂਬੇ ਵਿਚ ਕੋਵਿਡ ਮਹਾਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈੱਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈੱਸਟ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।