ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ

ਸ੍ਰੀ ਆਨੰਦਪੁਰ ਸਾਹਿਬ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਖਿਲਾਫ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੀ ਲਗਾਤਾਰ ਹਮਾਇਤ ਦਾ ਐਲਾਨ ਕਰਦਿਆਂ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਇਹ ਯੋਜਨਾ ਉਨ੍ਹਾਂ ਦੇ ਗਰੀਬੀ ਮੁਕਤ ਸੁਪਨੇ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ, 2017 ਨੂੰ ਉਨ੍ਹਾਂ ਦੇ ਸਹਿਕਾਰੀ ਕਰਜ਼ਿਆਂ ‘ਤੇ ਬਣਦੀ ਅਸਲ ਰਕਮ ਅਤੇ 6 ਮਾਰਚ, 2019 ਤੱਕ ਉਪਰੋਕਤ ਰਕਮ ‘ਤੇ ਸਾਲਾਨਾ 7 ਫੀਸਦੀ ਆਮ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੀ ਵੰਡੇ।
ਕੈਪਟਨ ਨੇ ਕਿਹਾ,’’ਮੇਰਾ ਦਿਲ ਦਿੱਲੀ ਦੀਆਂ ਸਰਹੱਦਾਂ ‘ਤੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਦੇ ਨਾਲ ਹੈ। ਮੈਂ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਪ੍ਰਤੀ ਅਪਣਾਏ ਗਏ ਰੁਖ਼ ਨਾਲ ਸਹਿਮਤ ਨਹੀਂ ਹਾਂ।“ ਉਨ੍ਹਾਂ ਸਵਾਲ ਕੀਤਾ ਕਿ 127 ਵਾਰ ਸੰਵਿਧਾਨ ਵਿਚ ਸੋਧ ਹੋ ਚੁੱਕੀ ਹੈ ਤਾਂ ਕਿਸਾਨਾਂ ਲਈ ਅਜਿਹਾ ਕਿਉਂ ਨਹੀਂ ਕਰ ਸਕਦੇ ਹਾਂ? ‘ਭਾਰਤ ਸਰਕਾਰ ਖੇਤੀ ਕਾਨੂੰਨਾਂ ਨੂੰ ਇੱਜ਼ਤ ਦਾ ਸਵਾਲ ਬਣਾ ਕੇ ਕਿਉਂ ਅੜੀ ਹੋਈ ਹੈ?‘ ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਪੱਸ਼ਟ ਆਖ ਚੁੱਕੇ ਹਨ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ,’’ਇਹ ਛੋਟੇ ਕਿਸਾਨ ਆਪਣੇ ਲਈ ਨਹੀਂ ਸਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਲੜ ਰਹੇ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦਾ ਦਰਦ ਨਜ਼ਰ ਕਿਉਂ ਨਹੀਂ ਆ ਰਿਹਾ ਹੈ।“ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਅਜਿਹੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਮਦਦ ਦੇ ਰਹੀ ਹੈ ਜਿਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 200 ਨੂੰ ਤਾਂ ਨਿਯੁਕਤੀ ਪੱਤਰ ਮਿਲ ਵੀ ਚੁੱਕੇ ਹਨ। ਕੈਪਟਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਨੇ ਹੁਣ ਤੱਕ 16 ਹਜ਼ਾਰ ਤੋਂ ਜ਼ਿਆਦਾ ਪੰਜਾਬੀਆਂ ਦੀਆਂ ਜਾਨਾਂ ਲਈਆਂ ਹਨ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਭਰਪੂਰ ਫਸਲ ਪੈਦਾ ਕਰ ਕੇ ਸੂਬੇ ਦੇ ਅਰਥਚਾਰੇ ਵਿਚ ਆਪਣਾ ਯੋਗਦਾਨ ਪਾਇਆ ਹੈ। ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਕੋਵਿਡ ਮਹਾਮਾਰੀ ਦੌਰਾਨ ਛੋਟੇ ਵਪਾਰੀਆਂ ਅਤੇ ਸ਼ਹਿਰੀ ਦੁਕਾਨਦਾਰਾਂ ਦੀ ਹਾਲਤ ‘ਤੇ ਪ੍ਰਗਟਾਈ ਗਈ ਚਿੰਤਾ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਲੋਕਾਂ ਦੀ ਭਲਾਈ ਲਈ ਵੀ ਕਦਮ ਚੁੱਕੇ ਜਾਣਗੇ ਅਤੇ ਹੋਰ ਲੌਕਡਾਊਨ ਨਹੀਂ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਯੂਥ ਕਲੱਬਾਂ ਲਈ ਇਕ ਕਰੋੜ ਰੁਪਏ ਦੀ ਰਕਮ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੀ ਕਰਜ਼ਾ ਰਾਹਤ ਯੋਜਨਾ ਨੂੰ ਰਾਜੀਵ ਗਾਂਧੀ ਦੀ ਸੋਚ ਪੂਰੀ ਕਰਨ ਵੱਲ ਇਕ ਇਤਿਹਾਸਕ ਕਦਮ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੂੰ ਵਿਕਾਸਪੁਰਸ਼ ਅਤੇ ਸੂਬੇ ਦੇ ਹੱਕਾਂ ਦਾ ਰਾਖਾ ਕਹਿੰਦੇ ਹੋਏ ਵੇਰਕਾ ਨੇ ਕਿਹਾ ਕਿ ਸ਼ੁਰੂ ਕੀਤੀ ਗਈ ਸਕੀਮ ‘ਖੁਸ਼ਹਾਲ ਪੰਜਾਬ` ਵੱਲ ਪਹਿਲਾ ਕਦਮ ਹੈ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਕਿਸਤਾਨ ਅਤੇ ਆਈ.ਐਸ.ਆਈ. ਦੀ ਵਧਦੀ ਦਖਲਅੰਦਾਜ਼ੀ ਤੇ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਚੰਗੀ ਤਰ੍ਹਾਂ ਚਲਾਇਆ ਹੈ ਅਤੇ ਕੋਵਿਡ ਸੰਕਟ ਦਾ ਸਾਹਮਣਾ ਕਰਨ ਵਿੱਚ ਸ਼ਲਾਘਾਯੋਗ ਅਗਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰਸ਼ਾਸਨ ਸਿਰਫ ਤਕਰੀਰਾਂ ਅਤੇ ਝੂਠੇ ਵਾਅਦਿਆਂ ਨਾਲ ਨਹੀਂ ਸਗੋਂ ਤਜਰਬੇ ਨਾਲ ਚਲਦਾ ਹੈ ਜੋ ਕੈਪਟਨ ਅਮਰਿੰਦਰ ਸਿੰਘ ਕੋਲ ਹੈ।