ਸੰਘਰਸ਼ੀ ਅਖਾੜਿਆਂ ਵਿਚ ਮੋਗਾ ਲਾਠੀਚਾਰਜ ਦਾ ਮੁੱਦਾ ਭਖਿਆ

ਚੰਡੀਗੜ੍ਹ: ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਖਿਲਾਫ ਵੱਖ-ਵੱਖ ਜਥੇਬੰਦੀਆਂ ਵਿਚ ਭਾਰੀ ਰੋਸ ਹੈ। ਪੰਜਾਬ ਵਿਚ 32 ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ 11 ਮਹੀਨਿਆਂ ਦੇ ਵੱਧ ਸਮੇਂ ਤੋਂ ਸਵਾ ਸੌ ਥਾਵਾਂ ‘ਤੇ ਚੱਲ ਰਹੇ ਧਰਨਿਆਂ ਦੌਰਾਨ ਮੋਗਾ ਦੇ ਪੁਲਿਸ ਲਾਠੀਚਾਰਜ ਦਾ ਮੁੱਦਾ ਭਾਰੂ ਰਿਹਾ। ਬੁਲਾਰਿਆਂ ਨੇ ਪੰਜਾਬ ਪੁਲਿਸ ਵੱਲੋਂ ਮੋਗਾ ‘ਚ ਕਿਸਾਨਾਂ ‘ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹਰਿਆਣਾ ਪੁਲਿਸ ਵੱਲੋਂ ਅੰਨ੍ਹੇਵਾਹ ਕੀਤੇ ਗਏ ਲਾਠੀਚਾਰਜ ਮਗਰੋਂ ਪੰਜਾਬ ਪੁਲਿਸ ਵੀ ਉਹੀ ਵਰਤਾਰਾ ਦੁਹਰਾ ਰਹੀ ਹੈ।

ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਡਾਇਰ ਕਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਉਸੇ ਰਾਹ ‘ਤੇ ਚੱਲ ਪਏ ਹਨ। ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ, ਅਕਾਲੀ ਹੋਣ ਜਾਂ ਭਾਜਪਾ, ਸਾਰੀਆਂ ਸਿਆਸੀ ਪਾਰਟੀਆਂ ਦੀ ਨੀਤੀ ਇਕੋ ਹੀ ਹੈ। ਸਾਰੇ ਹੀ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੇ ਸਿਧਾਂਤ ਦੇ ਪੈਰੋਕਾਰ ਹਨ ਅਤੇ ਕਾਰਪੋਰੇਟਾਂ ਦੇ ਹਿੱਤਾਂ ਦੇ ਰਖਵਾਲੇ ਹਨ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਜੋ ਨਵੇਂ ਮਾਪਦੰਡ ਤੈਅ ਕੀਤੇ ਹਨ, ਉਸ ਅਨੁਸਾਰ ਝੋਨੇ ਦੀ ਇਕ ਢੇਰੀ ਵੀ ਵੇਚਣੀ ਮੁਸ਼ਕਲ ਹੋ ਜਾਵੇਗੀ। ਝੋਨੇ ਵਿਚ ਨਮੀ, ਟੋਟੇ ਤੇ ਬਦਰੰਗ ਦਾਣਿਆਂ ਦੀ ਪ੍ਰਤੀਸ਼ਤਤਾ ਬਾਰੇ ਮਾਪਦੰਡ ਪਹਿਲਾਂ ਹੀ ਬਹੁਤ ਸਖਤ ਹਨ, ਜਿਨ੍ਹਾਂ ਨੂੰ ਸਰਕਾਰ ਹੋਰ ਸਖਤ ਕਰਨ ਦੀ ਤਜਵੀਜ਼ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦਾ ਇਹ ਫਰਮਾਨ ਲਾਗੂ ਨਹੀਂ ਹੋਣ ਦੇਣਗੇ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮੋਗਾ ਵਿੱਚ ਸੁਖਬੀਰ ਬਾਦਲ ਦੀ ਸਿਆਸੀ ਰੈਲੀ ਮੌਕੇ ਸਵਾਲ ਪੁੱਛਣ ਜਾ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ, ਪੱਗਾਂ ਲਾਹੁਣ ਅਤੇ ਝੂਠੇ ਕੇਸ ਦਰਜ ਕਰਨ ਤੋਂ ਇਲਾਵਾ ਇਸ ਧੱਕੇਸ਼ਾਹੀ ਦੀ ਕਵਰੇਜ ਕਰ ਰਹੇ ਮੀਡੀਆ ਕਰਮੀਆਂ ਨੂੰ ਵੀ ਧੱਕਾ-ਮੁੱਕੀ ਕਰਨ ਦੀ ਸਖਤ ਨਿਖੇਧੀ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਗੇ ਵਿਚ ਕਿਸਾਨਾਂ ਦੇ ਰੋਸ ਵਿਖਾਵੇ ਤੋਂ ਬੁਖਲਾਏ ਅਕਾਲੀਆਂ ਵੱਲੋਂ ਕਿਸਾਨਾਂ ‘ਤੇ ਹਮਲਾ ਅਤੇ ਪੁਲਿਸ ਵੱਲੋਂ ਹਮਲਾਵਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਲਈ ਇਕੱਠੇ ਹੋਏ ਕਿਸਾਨਾਂ ‘ਤੇ ਬੇਤਹਾਸ਼ਾ ਲਾਠੀਚਾਰਜ ਨਾਗਰਿਕਾਂ ਦੇ ਜਮਹੂਰੀ ਹੱਕ ਦਾ ਘਾਣ ਹੈ। ਉਨ੍ਹਾਂ ਪੁਲਿਸ ਕਰਮਚਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮੋਗਾ ‘ਚ ਪੁਲਿਸ ਵੱਲੋਂ ਕਿਸਾਨਾਂ ‘ਤੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਰਨਾਲ ਕਾਂਡ ਦੇ ਮੋਗਾ ‘ਚ ਦੁਹਰਾਓ ਨੇ ਸਰਮਾਏਦਾਰਾਂ ਤੇ ਸਿਆਸਤਦਾਨਾਂ ਦੀ ਆਪਸੀ ਸਾਂਝ ਨੂੰ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਗਾ ‘ਚ ਸ਼ਾਂਤੀਪੂਰਵਕ ਰੋਸ ਪ੍ਰਗਟਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਵਹਿਸ਼ੀ ਜ਼ੁਲਮ ਢਾਹਿਆ। ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਮੁੱਚੇ ਰਾਜਨੀਤਕ ਦਲ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰ ਕੇ, ਕਿਸਾਨੀ ਘੋਲ ‘ਚ ਕਿਸਾਨਾਂ ਦਾ ਸਾਥ ਦੇਣ। ਆਗੂਆਂ ਨੇ ਸਰਕਾਰ ਤੋਂ ਮੋਗਾ ਘਟਨਾ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਕਿਸੇ ਵੀ ਤਰ੍ਹਾਂ ਦਾ ਜਬਰ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਮੋਗਾ ਵਿਚ ਪੁਰਅਮਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਕਾਰਵਾਈ ਨੂੰ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਵਾਲ ਕਰਦੇ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਅਤੇ ਅੰਨ੍ਹੇਵਾਹ ਲਾਠੀਚਾਰਜ ਸੁਪਰੀਮ ਕੋਰਟ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਕਾਨੂੰਨੀ ਅਤੇ ਜਾਇਜ਼ ਠਹਿਰਾਉਣ ਦੇ ਦਿੱਤੇ ਫੈਸਲਿਆਂ ਦਾ ਉਲੰਘਣ ਹੈ। ਉਨ੍ਹਾਂ ਕਿਸਾਨਾਂ ‘ਤੇ ਤਸ਼ੱਦਦ ਕਰਨ ਵਾਲੇ ਪੁਲਿਸ ਕਰਮਚਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।