ਕਿਸਾਨੀ ਰੋਹ ਨੇ ਪੰਜਾਬ ਦੀਆਂ ਸਿਆਸੀ ਧਿਰਾਂ ਅੱਗੇ ਲਾਈਆਂ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ‘ਚ ਸੰਵਾਦ ਨੂੰ ਜਮਹੂਰੀਅਤ ਵੱਲ ਇਕ ਨਵੇਂ ਕਦਮ ਵਜੋਂ ਦੇਖਿਆ ਜਾ ਰਿਹਾ ਹੈ ਜਿਸ ਵਿਚ ਇਕ ਅੰਦੋਲਨਕਾਰੀ ਧਿਰ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਵਿਚਾਰ ਰੱਖਣ ਲਈ ਬੁਲਾਇਆ।

ਇਸ ਤੋਂ ਪਹਿਲਾਂ ਅੰਦੋਲਨਕਾਰੀ ਆਗੂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਮਿਲਣ ਜਾਂਦੇ ਰਹੇ ਹਨ ਪਰ ਸਿਆਸੀ ਪਾਰਟੀਆਂ ਆਪਣਾ ਪੱਖ ਰੱਖਣ ਲਈ ਚੱਲ ਕੇ ਅੰਦੋਲਨਕਾਰੀ ਧਿਰ ਕੋਲ ਪਹੁੰਚੀਆਂ। ਇਸ ਦੌਰਾਨ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਨਾਲ ਹੋਈ ਲੰਮੀ ਵਿਚਾਰ ਚਰਚਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨੂੰ ਸਿਆਸੀ ਸਮਾਗਮ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਸਿਆਸੀ ਧਿਰਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਦੌਰਾਨ ਖ਼ਦਸ਼ਾ ਪ੍ਰਗਟਾਇਆ ਹੈ ਕਿ ਕਿਸਾਨਾਂ ਅਤੇ ਰਾਜਨੀਤਕ ਪਾਰਟੀਆਂ ਦੇ ਵਰਕਰਾਂ ਦਰਮਿਆਨ ਟਕਰਾਅ ਪੈਦਾ ਕਰਕੇ ‘ਬਦਅਮਨੀ` ਦੇ ਬਹਾਨੇ ਕੇਂਦਰ ਸਰਕਾਰ ਸੂਬੇ ਵਿਚ ਰਾਸ਼ਟਰਪਤੀ ਰਾਜ ਲਾ ਸਕਦੀ ਹੈ।
ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੂਬੇ ਅੰਦਰ ਪਿਛਲੇ ਤਕਰੀਬਨ ਸਾਢੇ ਗਿਆਰਾਂ ਮਹੀਨਿਆਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਪਹਿਲੀ ਵਾਰ ਚਰਚਾ ਲਈ ਆਹਮੋ-ਸਾਹਮਣੇ ਆਈਆਂ ਹਨ। ਦਿਲਚਸਪ ਪਹਿਲੂ ਇਹ ਰਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਬਸਪਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਨੁਮਾਇੰਦੇ ਕਿਸਾਨ ਆਗੂਆਂ ਨਾਲ ਗੱਲਬਾਤ ਲਈ ਆਪੋ-ਆਪਣੀ ਵਾਰੀ ਦੀ ਉਡੀਕ ਕਰ ਰਹੇ ਸਨ। ਭਾਜਪਾ ਨੂੰ ਕਿਸਾਨ ਜਥੇਬੰਦੀਆਂ ਨੇ ਇਸ ਵਿਚਾਰ ਚਰਚਾ ਲਈ ਸੱਦਾ ਨਹੀਂ ਦਿੱਤਾ ਸੀ। ਸੂਬੇ ਦੀਆਂ 30 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪਾਰਟੀਆਂ ਦੇ ਆਗੂਆਂ ਦੇ ਵਿਚਾਰ ਸੁਣੇ।
ਸਿਆਸੀ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਿਆਸੀ ਆਗੂਆਂ ਜਾਂ ਪਾਰਟੀਆਂ ਦੇ ਸਮਾਜਿਕ ਸਮਾਗਮਾਂ ‘ਚ ਸ਼ਮੂਲੀਅਤ ਦਾ ਵਿਰੋਧ ਨਹੀਂ ਕੀਤਾ ਜਾਵੇਗਾ ਪਰ ਜੇਕਰ ਕੋਈ ਪਾਰਟੀ ਸਿਆਸੀ ਸਮਾਗਮ ਕਰਦੀ ਹੈ ਤਾਂ ਇਸ ਨੂੰ ਕਿਸਾਨ ਵਿਰੋਧੀ ਕਦਮ ਮੰਨਿਆ ਜਾਵੇਗਾ। ਉਨ੍ਹਾਂ ਦਲੀਲ ਦਿੱਤੀ ਕਿ ਇਸ ਸਮੇਂ ਪੰਜਾਬ ਦੇ ਵੱਡੀ ਗਿਣਤੀ ਕਿਸਾਨ ਸੰਘਰਸ਼ ਦੇ ਰਾਹ ਪਏ ਹੋਏ ਹਨ ਅਤੇ ਜੇਕਰ ਪਾਰਟੀਆਂ ਰਾਜਸੀ ਸਮਾਗਮ ਕਰਦੀਆਂ ਹਨ ਤਾਂ ਉਸ ਨਾਲ ਕਿਸਾਨ ਮੋਰਚੇ ਦੇ ਸੰਘਰਸ਼ ਨੂੰ ਢਾਹ ਲੱਗੇਗੀ। ਸ੍ਰੀ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਵਿਕਾਸ ਕਾਰਜਾਂ ਲਈ ਸਮਾਗਮ ਕਰਨ ਦੀ ਖੁੱਲ੍ਹ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੀ ਵੱਡੇ ਇਕੱਠ ਨਾ ਕਰੇ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵਿਧਾਨ ਸਭਾ ਚੋਣਾਂ ਦਾ ਅਮਲ ਸ਼ੁਰੂ ਹੋਣ ਦੇ ਕੁੱਝ ਦਿਨ ਪਹਿਲਾਂ ਹੀ ਸਿਆਸੀ ਗਤੀਵਿਧੀਆਂ ਸ਼ੁਰੂ ਹੁੰਦੀਆਂ ਹਨ ਪਰ ਇਸ ਵਾਰ ਪਾਰਟੀਆਂ ਅਗੇਤਾ ਪ੍ਰਚਾਰ ਕਰਨ ਲਈ ਬਜ਼ਿੱਦ ਹਨ।
ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜੇਕਰ ਬਦਅਮਨੀ ਪੈਦਾ ਹੁੰਦੀ ਹੈ ਤਾਂ ਇਸ ਦਾ ਲੋਕਾਂ ਸਮੇਤ ਸਿਆਸੀ ਧਿਰਾਂ ਨੂੰ ਵੀ ਨੁਕਸਾਨ ਝੱਲਣਾ ਪਵੇਗਾ। ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਕਿਸਾਨ ਅੰਦੋਲਨ ਦੇ ਪੱਖ ਵਿਚ ਪਾਰਲੀਮੈਂਟ ਦੇ ਮੂਹਰੇ ਧਰਨਾ ਦੇਣਾ ਚਾਹੀਦਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ਸਿਆਸੀ ਸਰਗਰਮੀਆਂ ਮੁਲਤਵੀ ਕਰਨ ਸਬੰਧੀ ਆਪਣੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਦੱਸਣ ਲਈ ਕਿਹਾ ਹੈ ਜਦੋਂ ਕਿ ਬਾਕੀ ਧਿਰਾਂ ਨੇ ਕਿਸਾਨ ਜਥੇਬੰਦੀਆਂ ਦੀ ਗੱਲ ਮੰਨਣ ਦੀ ਹਾਮੀ ਭਰੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਇਹ ਵੀ ਕਿਹਾ ਹੈ ਕਿ ਕੇਂਦਰ ਵੱਲੋਂ ਫਸਲਾਂ ਦੀ ਅਦਾਇਗੀ ਲਈ ਜ਼ਮੀਨਾਂ ਦੀਆਂ ਫਰਦਾਂ ਮੰਗਣ ਖਿਲਾਫ਼ ਉਹ ਸਰਕਾਰਾਂ ‘ਤੇ ਦਬਾਅ ਪਾਉਣ। ਕਾਂਗਰਸ ਵੱਲੋਂ ਗੱਲਬਾਤ ਕਰਨ ਲਈ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪਾਰਟੀ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਪਹੁੰਚੇ ਸਨ। ਸ੍ਰੀ ਸਿੱਧੂ ਨੇ ਕਿਸਾਨੀ ਅੰਦੋਲਨ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦੀ ਗੱਲ ਕਹੀ। ਪਰਗਟ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੂੰ ਅਜਿਹਾ ਮਾਹੌਲ ਨਹੀਂ ਬਣਾਉਣਾ ਚਾਹੀਦਾ ਹੈ ਜਿਸ ਨਾਲ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਉਣ ਦਾ ਮੌਕਾ ਮਿਲ ਜਾਵੇ।
ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਨਾਲ ਟਕਰਾਅ ਨਹੀਂ ਚਾਹੁੰਦਾ ਹੈ ਅਤੇ ਸਿਰਫ ਅਕਾਲੀ ਦਲ ਨੂੰ ਹੀ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਘਾਪੁਰਾਣਾ ਅਤੇ ਕਾਂਗਰਸ ਨੇ ਖੇਮਕਰਨ ਵਿਚ ਰੈਲੀ ਕੀਤੀ ਪਰ ਕੋਈ ਵੀ ਕਿਸਾਨ ਇਨ੍ਹਾਂ ਸਮਾਗਮਾਂ ‘ਚ ਵਿਘਨ ਪਾਉਣ ਲਈ ਅੱਗੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਪੰਜਾਬ ਤੱਕ ਸੀਮਤ ਕਰਕੇ ਸੂਬੇ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਫਿਰਾਕ ‘ਚ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸੇ ਵੀ ਸੂਬੇ ਵਿਚ ਕਿਸਾਨ ਅੰਦੋਲਨ ਕਾਰਨ ਸਿਆਸੀ ਸਰਗਰਮੀਆਂ ਸੀਮਤ ਨਹੀਂ ਕੀਤੀਆਂ ਗਈਆਂ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਲੋਕਾਂ ‘ਚ ਜਾਣਾ ਉਨ੍ਹਾਂ ਦਾ ਹੱਕ ਹੈ ਅਤੇ ਇਸ ‘ਤੇ ਰੋਕ ਨਹੀਂ ਲਗਾਈ ਜਾਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਵੱਲੋਂ ਮੀਟਿੰਗ ਲਈ ਪਹੁੰਚੇ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਹਰ ਫੈਸਲਾ ਪ੍ਰਵਾਨ ਹੋਵੇਗਾ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ। ਢੀਂਡਸਾ ਨੇ ਕਿਹਾ ਕਿ ਪਾਰਟੀ ਸ਼ੁਰੂ ਤੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ।
____________________________________________________
ਜਥੇਬੰਦੀਆਂ ਦੇ ਫੈਸਲੇ ਮੰਨਣ ਲਈ ਵਚਨਬੱਧ: ਢੀਂਡਸਾ
ਮੁਹਾਲੀ: ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਦੀ ਸੱਦੀ ਗਈ ਮੀਟਿੰਗ ‘ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਹਾਜਰੀ ਲੁਆਈ ਗਈ। ਇਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਕਾਫੀ ਸਕਾਰਾਤਮਕ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਭਵਿੱਖ ‘ਚ ਵੀ ਉਨ੍ਹਾਂ ਵਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ‘ਚ ਇਸੇ ਤਰ੍ਹਾਂ ਸ਼ਮੂਲੀਅਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਤੱਕ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਪਾਰਟੀ ਜਿਉਂ ਦਾ ਤਿਉਂ ਮੰਨਦੀ ਆ ਰਹੀ ਹੈ ਤੇ ਅੱਗੇ ਵੀ ਇਸ ਸਬੰਧੀ ਕਿਸਾਨਾਂ ਦੇ ਹਰੇਕ ਫੈਸਲੇ ਦਾ ਸਮਰਥਨ ਕਰਦੀ ਰਹੇਗੀ।