ਚੰਨੀ ਨੂੰ ਕਪਤਾਨ ਬਣਾ ਕੇ ਹਾਈਕਮਾਨ ਵੱਲੋਂ ਇਕ ਤੀਰ ਨਾਲ ਕਈ ਨਿਸ਼ਾਨੇ

ਚੰਡੀਗੜ੍ਹ: ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਚਰਨਜੀਤ ਸਿੰੰਘ ਚੰਨੀ ਨੂੰ ਸਰਹੱਦੀ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਪਾਰਟੀ ਹਾਈਕਮਾਨ ਨੇ ਇਕ ਤੀਰ ਨਾਲ ਕਈ ਨਿਸ਼ਾਨੇ ਸਾਧੇ ਹਨ। ਪਾਰਟੀ ਹਾਈ ਕਮਾਨ ਨੇ ਚਰਨਜੀਤ ਚੰਨੀ ਦੇ ਨਾਂ ਦਾ ਐਲਾਨ ਕਰਕੇ ਦਲਿਤ ਪੱਤਾ ਖੇਡਣ ਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਵਜੋਂ ਸਿੱਖ ਚਿਹਰਾ ਵੀ ਦਿੱਤਾ ਹੈ।

ਪੰਜਾਬ ਵਿਚ ਕਰੀਬ 34 ਫੀਸਦੀ ਤੋਂ ਵੱਧ ਦਲਿਤ ਭਾਈਚਾਰੇ ਦਾ ਵੋਟ ਬੈਂਕ ਹੈ ਤੇ 34 ਰਾਖਵੇਂ ਹਲਕੇ ਹਨ। ਚੇਤੇ ਰਹੇ ਭਾਜਪਾ ਨੇ ਪਹਿਲਾਂ ਹੀ ਅਗਲੀਆਂ ਚੋਣਾਂ ਵਿਚ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਹੁਜਨ ਸਮਾਜ ਪਾਰਟੀ ਨਾਲ ਸਿਆਸੀ ਗਠਜੋੜ ਕਰਕੇ ਡਿਪਟੀ ਮੁੱਖ ਮੰਤਰੀ ਕਿਸੇ ਦਲਿਤ ਨੂੰ ਬਣਾਏ ਜਾਣ ਦਾ ਫੈਸਲਾ ਕੀਤਾ ਹੈ। ਕਾਂਗਰਸ ਪਾਰਟੀ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਸਿਆਸੀ ਝਟਕਾ ਦੇਣ ਦੀ ਕੋਸ਼ਿਸ਼ ਕੀਤੀ ਹੈ।
ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਕੁੱਲ ਹਿੰਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਕੋਟੇ ਵਿਚੋਂ ਮੁੱਖ ਮੰਤਰੀ ਬਣੇ ਹਨ ਤੇ ਇਸ ਨੂੰ ਰਾਹੁਲ ਗਾਂਧੀ ਵੱਲੋਂ ਨਵੇਂ ਚਿਹਰਿਆਂ ਨੂੰ ਅੱਗੇ ਲਿਆਂਦੇ ਜਾਣ ਦੀ ਕਵਾਇਦ ਦਾ ਹੀ ਹਿੱਸਾ ਮੰਨਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਸਭ ਤੋਂ ਪਹਿਲੇ ਮੰਤਰੀ ਚਰਨਜੀਤ ਸਿੰਘ ਚੰਨੀ ਹੀ ਸਨ, ਉਨ੍ਹਾਂ ਦੇ ਪਿਛਲੇ ਸਾਲ ਕੈਬਨਿਟ ਮੀਟਿੰਗ ‘ਚ ਐਕਸਾਈਜ ਨੀਤੀ ਨੂੰ ਲੈ ਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨਾਲ ਮਤਭੇਦ ਪੈਦਾ ਹੋ ਗਏ ਸਨ, ਜੋ ਕੈਪਟਨ ਨਾਲ ਟਕਰਾਅ ਦਾ ਕਾਰਨ ਬਣੇ।
ਬਾਅਦ ‘ਚ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਕਰਨ ਵਾਲੇ ਮੰਤਰੀਆਂ ਤੇ ਵਿਧਾਇਕਾਂ ਦੇ ਧੜੇ ‘ਚ ਚਰਨਜੀਤ ਸਿੰਘ ਚੰਨੀ ਅੱਗੇ ਹੋ ਕੇ ਚੱਲਦੇ ਰਹੇ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਰਾਮਦਾਸੀਆ ਸਿੱਖ ਸਮਾਜ ਨਾਲ ਸਬੰਧ ਰੱਖਦੇ ਹਨ ਤੇ ਉਹ ਲਗਾਤਾਰ ਤੀਸਰੀ ਵਾਰ ਵਿਧਾਇਕ ਬਣੇ ਹਨ ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ।
ਕਾਂਗਰਸ ‘ਚ ਸਭ ਤੋਂ ਘੱਟ ਉਮਰ ਦੇ ਤੇ ਪਹਿਲੇ ਦਲਿਤ ਮੁੱਖ ਮੰਤਰੀ ਬਣਨ ਜਾ ਰਹੇ ਚਰਨਜੀਤ ਸਿੰੰਘ ਚੰਨੀ (48) ਪਾਰਟੀ ਲਈ ਦਲਿਤ, ਸਿੱਖ ਤੇ ਨੌਜਵਾਨ ਚਿਹਰਾ ਬਣ ਕੇ ਉਭਰੇ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਵਲੋਂ ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਦਲਿਤ ਕਾਰਡ ਖੇਡਦੇ ਹੋਏ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਅਜਿਹਾ ਕਰਕੇ ਕਾਂਗਰਸ ਹਾਈਕਮਾਨ ਨੇ ਆਪਣੀ ਸਿਆਸੀ ਸੂਝਬੂਝ ਦਾ ਸਬੂਤ ਦਿੰਦੇ ਹੋਏ ਵਿਰੋਧੀ ਪਾਰਟੀਆਂ ਨੂੰ ਵੀ ਚਿੱਤ ਕਰਨ ਦਾ ਯਤਨ ਕੀਤਾ ਹੈ। ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗਠਜੋੜ ਕਾਰਨ ਇਹ ਸਮਝਿਆ ਜਾ ਰਿਹਾ ਸੀ ਕਿ ਦਲਿਤ ਵੋਟ ਬੈਂਕ ਦਾ ਵੱਡਾ ਹਿੱਸਾ ਗਠਜੋੜ ਦੇ ਹਿੱਸੇ ‘ਚ ਚਲਾ ਜਾਵੇਗਾ, ਪਰ ਕਾਂਗਰਸ ਹਾਈਕਮਾਨ ਨੇ ਇਸ ਤਰ੍ਹਾਂ ਕਰਕੇ ਚਰਨਜੀਤ ਸਿੰਘ ਚੰਨੀ ਦੇ ਰੂਪ ‘ਚ ਨਾ ਕੇਵਲ ਇਸ ਗੱਠਜੋੜ ਦਾ ਤੋੜ ਲੱਭਿਆ ਬਲਕਿ ਵਿਧਾਨ ਸਭਾ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੂੰ ਸਿਆਸੀ ਤੌਰ ‘ਤੇ ਮਾਤ ਦੇਣ ਦਾ ਯਤਨ ਕੀਤਾ ਹੈ। ਇਥੇ ਹੀ ਬੱਸ ਨਹੀਂ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਕਿਸੇ ਦਲਿਤ ਆਗੂ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕਰਕੇ ਦਲਿਤ ਭਾਈਚਾਰੇ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਵੀ ਕਾਂਗਰਸ ਹਾਈਕਮਾਨ ਰੋਕਣ ‘ਚ ਹਾਲ ਦੀ ਘੜੀ ਕਾਮਯਾਬ ਹੋਈ ਦਿਖਾਈ ਦੇ ਰਹੀ ਹੈ।
ਕੇਂਦਰ ‘ਚ ਸੱਤਾ ਉਤੇ ਕਾਬਜ ਭਾਜਪਾ ਅੰਦਰ ਵੀ ਸੂਬੇ ‘ਚ ਦਲਿਤ ਵੋਟ ਬੈਂਕ ਦੀ ਅਹਿਮੀਅਤ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਦੀ ਵਾਗਡੋਰ ਕਿਸੇ ਦਲਿਤ ਆਗੂ ਨੂੰ ਦੇਣ ‘ਤੇ ਚਰਚਾ ਚੱਲਦੀ ਰਹੀ ਹੈ। ਦੱਸਣਯੋਗ ਹੈ ਕਿ ਸੂਬੇ ਅੰਦਰ 34 ਫੀਸਦੀ ਦੇ ਕਰੀਬ ਦਲਿਤ ਵੋਟਰ ਹਨ ਤੇ ਸੂਬੇ ‘ਚ ਸਰਕਾਰ ਬਣਾਉਣ ‘ਚ ਦਲਿਤ ਭਾਈਚਾਰੇ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ। ਇਹ ਵੀ ਕਿਹਾ ਜਾਂਦਾ ਰਿਹਾ ਹੈ ਕਿ ਬਹੁ-ਗਿਣਤੀ ਦਲਿਤ ਵਸੋਂ ਵਾਲੇ ਦੁਆਬਾ ਖੇਤਰ ‘ਚ ਵੱਧ ਸੀਟਾਂ ਹਾਸਲ ਕਰਨ ਵਾਲੀ ਪਾਰਟੀ ਦੀ ਹੀ ਸਰਕਾਰ ਬਣਦੀ ਰਹੀ ਹੈ। ਉਧਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਤੁਰਤ ਬਾਅਦ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ, ਉਸ ਤੋਂ ਸਾਫ ਹੋ ਗਿਆ ਸੀ ਕਿ ਹਾਈਕਮਾਨ ਸਿੱਧੂ ਨੂੰ ਹਾਲ ਦੀ ਘੜੀ ਮੁੱਖ ਮੰਤਰੀ ਬਣਾਉਣ ਦੀ ਜੋਖਮ ਨਹੀਂ ਉਠਾਉਣਾ ਚਾਹੇਗੀ ਤੇ ਉਨ੍ਹਾਂ ਨੂੰ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।
___________________________________________
ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ: ਰਾਹੁਲ ਗਾਂਧੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਕੇ ਨਵੇਂ ਮੁੱਖ ਮੰਤਰੀ ਵਜੋਂ ਨਾਮਜ਼ਦ ਚਰਨਜੀਤ ਸਿੰਘ ਚੰਨੀ ਨੂੰ ਨਵੀਂ ਭੂਮਿਕਾ ਲਈ ਵਧਾਈ ਦਿੱਤੀ। ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਮਹੱਤਵਪੂਰਨ ਹੈ। ਸੰਸਦ ਮੈਂਬਰ ਮੁਨੀਸ਼ ਤਿਵਾੜੀ ਤੋਂ ਇਲਾਵਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਚੰਨੀ ਨੂੰ ਮੁਬਾਰਕਾਂ ਦਿੱਤੀਆਂ ਹਨ। ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਬ੍ਰਹਮ ਮਹਿੰਦਰਾ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਵਧਾਈ ਦਿੱਤੀ।