ਨਵੇਂ ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਆਵਾਜ਼ ਬੁਲੰਦ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਸੂਬੇ ਵਿਚ ਜਾਂ ਤਾਂ ਭ੍ਰਿਸ਼ਟਾਚਾਰ ਰਹੇਗਾ ਜਾਂ ਫਿਰ ਉਹ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਿਹੜੀਆਂ ਭ੍ਰਿਸ਼ਟਾਚਾਰ ਦੀਆਂ ਜੋਕਾਂ ਚਿੰਬੜੀਆਂ ਹੋਈਆਂ ਹਨ, ਉਨ੍ਹਾਂ ਨੂੰ ਲਾਹ ਕੇ ਰਹਿਣਗੇ।

ਉਹ ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਚ ਡਾ. ਬੀ.ਆਰ. ਅੰਬੇਦਕਰ ਦੇ ਨਾਂ ‘ਤੇ 150 ਕਰੋੜ ਦੀ ਲਾਗਤ ਨਾਲ ਬਣ ਰਹੇ ਅਜਾਇਬ ਘਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਵਾਲੇ ਵੀ ਭ੍ਰਿਸ਼ਟਾਚਾਰੀ ਨੂੰ ਫੜਨ ਤੋਂ ਪਹਿਲਾਂ ਸਬੂਤ ਵਜੋਂ ਆਡੀਓ ਦੀ ਮੰਗ ਕਰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਸੂਬੇ ਵਿਚੋਂ ਉਹ ਭ੍ਰਿਸ਼ਟਾਚਾਰ ਇਕੱਲਿਆਂ ਖਤਮ ਨਹੀਂ ਕਰ ਸਕਦੇ, ਇਸ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਰਜਾ ਚਾਰ ਮੁਲਾਜ਼ਮਾਂ ਦੀ ਭਰਤੀ ਪੱਕੇ ਤੌਰ ‘ਤੇ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਮੌਕੇ ਨੌਜਵਾਨਾਂ ਨੂੰ ਨੌਕਰੀਆਂ ਦੇ ਸਰਟੀਫਿਕੇਟ ਵੀ ਵੰਡੇ। ਮੁੱਖ ਮੰਤਰੀ ਨੇ ਡਾ. ਅੰਬੇਡਕਰ ਦੇ ਨਾਂ ‘ਤੇ ਬਣਨ ਵਾਲੇ ਅਜਾਇਬ ਘਰ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਉਸਾਰਿਆ ਜਾਣ ਵਾਲਾ ਅਤਿ-ਆਧੁਨਿਕ ਅਜਾਇਬ ਘਰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਬਾਬਾ ਸਾਹਿਬ ਦੀ ਦੇਣ ਦਾ ਪ੍ਰਚਾਰ ਕਰਨ ਵਾਲਾ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਡਾ. ਅੰਬੇਡਕਰ ਦੇ ਜੀਵਨ, ਕਾਰਜ ਤੇ ਵਿਚਾਰਧਾਰਾ ਨਾਲ ਸਬੰਧਤ ਵਿਸ਼ਿਆਂ ਦੇ ਤੱਥਾਂ ਦਾ ਇਕ ਨਿਵੇਕਲਾ ਸੁਮੇਲ ਹੋਵੇਗਾ। ਰੁਜ਼ਗਾਰ ਮੇਲੇ ‘ਚ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਚੰਗੀ ਸ਼ੁਰੂਆਤ ਹੈ, ਪਰ ਉਨ੍ਹਾਂ ਨੂੰ ਐਨੇ ਨਾਲ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਡਾ. ਬੀਆਰ ਅੰਬੇਦਕਰ ਮੈਨੇਜਮੈਂਟ ਇੰਸਟੀਚਿਊਟ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਲਈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਦੀ ਸਹਾਇਤਾ ਲਈ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਸਕੂਲ ਆਫ ਅੰਬੇਦਕਰ ਥਾਟਸ ਅਤੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਸੈਂਟਰ ਫਾਰ ਰਿਸਰਚ ਦੀ ਦੁਆਬਾ ਵਿਚ ਸਥਾਪਨਾ ਦਾ ਐਲਾਨ ਕੀਤਾ। ਉਨ੍ਹਾਂ ਮੈਡੀਕਲ ਕਾਲਜ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਨੀਂਹ ਪੱਥਰ ਜਲਦ ਰੱਖਣ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇਗੀ।
_____________________________________
ਚੰਨੀ ਭ੍ਰਿਸ਼ਟ ਮੰਤਰੀਆਂ ਖਿਲਾਫ ਕਾਰਵਾਈ ਕਰਨ: ਚੀਮਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿਚ ਸ਼ਾਮਲ ਕਈ ਮੰਤਰੀਆਂ ‘ਤੇ ਘਪਲੇ ਦੇ ਦੋਸ਼ ਲਗਦੇ ਰਹੇ ਹਨ। ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਮੰਤਰੀਆਂ ਖਿਲਾਫ ਕੇਸ ਦਰਜ ਕਰ ਕੇ ਜੇਲ੍ਹਾਂ ਵਿਚ ਸੁੱਟਣ ਅਤੇ ਅਰਬਾਂ ਰੁਪਏ ਦੀ ਵਸੂਲੀ ਕਰਨ। ਸ੍ਰੀ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਣੇ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਸੂਬੇ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ। ਇਸ ਵਿਚੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਨ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਖਿਲਾਫ ਕਈ ਦਸਤਾਵੇਜ਼ ਜਨਤਕ ਹੋ ਚੁੱਕੇ ਹਨ।