ਕੈਪਟਨ ਦੇ ਸਿਆਸੀ ਪੈਂਤੜਿਆਂ ਨੇ ਕਿਸਾਨ ਜਥੇਬੰਦੀਆਂ ਦਾ ਪਾਰਾ ਚਾੜ੍ਹਿਆ

ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਕੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕਰਨ ਦੇ ਢੰਗ ਤਰੀਕੇ ‘ਤੇ ਨਾਖੁਸ਼ੀ ਜ਼ਾਹਿਰ ਕੀਤੀ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਤੌਰ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਕ ਵਾਰ ਵੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨਹੀਂ ਕੀਤੀ ਤੇ ਹੁਣ ਜਦੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਲਈ ਸਾਰੀਆਂ ਰਾਜਸੀ ਪਾਰਟੀਆਂ ਇਕ ਬਰਾਬਰ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਨੂੰ ਪਹਿਲੇ ਦਿਨ ਤੋਂ ਭਾਜਪਾ ਦਾ ਵਿਰੋਧ ਅਤੇ ਹੋਰਨਾਂ ਰਾਜਸੀ ਪਾਰਟੀਆਂ ਨੂੰ ਸਵਾਲ ਕਰਨ ਦੀ ਅਪੀਲ ਕੀਤੀ ਗਈ ਸੀ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਅੰਦੋਲਨ ਚੱਲਦੇ ਨੂੰ ਇਕ ਸਾਲ ਹੋਣ ਵਾਲਾ ਹੈ, ਪਰ ਅੱਜ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ਕੇਂਦਰ ਨਾਲ ਮੁਲਾਕਾਤ ਨਹੀਂ ਕੀਤੀ। ਅੱਜ ਉਹ ਬਿਨਾਂ ਕਿਸੇ ਅਹੁਦੇ ਤੋਂ ਮੁਲਾਕਾਤ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ। ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਬਰੂੰਹਾਂ ‘ਤੇ ਚਲਦਿਆਂ 10 ਮਹੀਨੇ ਪੂਰੇ ਹੋ ਚੁੱਕੇ ਹਨ। ਅੱਜ ਜਦੋਂ ਕੇਂਦਰ ਸਰਕਾਰ ਕਿਸਾਨਾਂ ਦੇ ਏਕੇ ਅੱਗੇ ਬੇਵੱਸ ਹੋ ਚੁੱਕੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸੰਘਰਸ਼ ਦਾ ਸਾਰਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ‘ਕੈਪਟਨ ਅਮਰਿੰਦਰ ਸਿੰਘ ਸਾਬਤ ਕੀ ਕਰਨਾ ਚਾਹੁੰਦੇ ਹਨ ਕਿ ਜਦੋਂ ਉਹ ਮੁੱਖ ਮੰਤਰੀ ਸੀ ਤਾਂ ਉਨ੍ਹਾਂ ਕੋਲ ਤਾਕਤ ਘੱਟ ਸੀ ਜਦੋਂ ਅੱਜ ਮੁੱਖ ਮੰਤਰੀ ਨਹੀਂ ਰਹੇ ਤਾਂ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਤਾਕਤ ਆ ਚੁੱਕੀ ਹੈ।‘ ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਰਾਜਸੀ ਆਗੂ ਕੁਰਸੀ ਬਚਾਉਣ ਖਾਤਰ ਕਿਸਾਨ ਹਮਾਇਤੀ ਹੋਣ ਦਾ ਡਰਾਮਾ ਕਰ ਰਹੇ ਹਨ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਦਾ ਮੋਢਾ ਵਰਤ ਕੇ ਪੰਜਾਬ ਵਿਚ ਕਾਬਜ਼ ਹੋਣਾ ਚਾਹੁੰਦੀ ਹੈ, ਜੋ ਕਦੇ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਕਰਦੇ ਨੂੰ 10 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਤੇ ਇਸ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਵੀ ਤਿਆਰ ਨਹੀਂ ਹੈ ਤਾਂ ਕੈਪਟਨ ਦੇ ਕਹੇ ‘ਤੇ ਕਾਨੂੰਨ ਕਿਵੇਂ ਰੱਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਰਾਜਸੀ ਆਗੂਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
__________________________________________________
ਦਿੱਲੀ ਧਰਨਿਆਂ ਦੀ ਮਜ਼ਬੂਤੀ ਲਈ ਕਿਸਾਨਾਂ ਨੇ ਵਹੀਰਾਂ ਘੱਤੀਆਂ
ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਦੀਆਂ ਬਰੂੰਹਾਂ ‘ਤੇ ਚੱਲ ਰਹੇ ਧਰਨਿਆਂ ਦੀ ਮਜ਼ਬੂਤੀ ਲਈ ਵਹੀਰਾਂ ਘੱਤ ਲਈਆਂ ਹਨ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਵੱਲ ਰਵਾਨਾ ਹੋਏ। ਇਸੇ ਤਰ੍ਹਾਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ‘ਚ ਕਾਰਪੋਰੇਟ ਘਰਾਣਿਆਂ, ਰੇਲਵੇ ਪਾਰਕਾਂ, ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਦਫਤਰਾਂ ਸਾਹਮਣੇ ਧਰਨੇ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਕੇਂਦਰੀ ਮੰਤਰੀ ਅਤੇ ਉਸ ਦੇ ਪੁੱਤਰ ਨਾਲ ਜੁੜੇ ਕਾਫਲੇ ਨੇ ਪ੍ਰਦਰਸ਼ਨਕਾਰੀਆਂ ‘ਤੇ ਗੱਡੀ ਚੜ੍ਹਾ ਦਿੱਤੀ। ਇਸ ਦੌਰਾਨ 4 ਕਿਸਾਨਾਂ ਦੀ ਮੌਤ ਹੋ ਗਈ ਹੈ ਜਦਕਿ 10 ਦੇ ਕਰੀਬ ਜ਼ਖ਼ਮੀ ਹਨ। ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਦੇ ਏਕੇੇ ਮੂਹਰੇ ਝੁਕਣਾ ਪਿਆ ਹੈ, ਜਿਸ ਤਹਿਤ 11 ਅਕਤੂਬਰ ਤੋਂ ਖਰੀਦ ਦੇ ਆਦੇਸ਼ਾਂ ਨੂੰ ਵਾਪਸ ਲੈਂਦਿਆਂ ਤਿੰਨ ਅਕਤੂਬਰ ਤੋਂ ਹੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਜਿੱਤ ਭਾਜਪਾ ਆਗੂਆਂ ਨੂੰ ਬਰਦਾਸ਼ਤ ਨਹੀਂ ਹੋ ਰਹੀ ਹੈ। ਦੇਸ਼ ਦਾ ਅੰਨਦਾਤਾ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਘਰ ਨਹੀਂ ਜਾਵੇਗਾ।