ਕਿਸਾਨੀ ਮੁੱਦੇ: ਸਿਆਸੀ ਧਿਰਾਂ ਦੀ ਜਵਾਬਦੇਹੀ ਤੈਅ ਕਰਨ ਦਾ ਸੱਦਾ

ਚੰਡੀਗੜ੍ਹ: ਪੰਜਾਬ ਵਿਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਬਾਹਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਣੇ ਕਰੀਬ ਸਵਾ ਸੌ ਤੋਂ ਵੱਧ ਥਾਵਾਂ ‘ਤੇ ਜਾਰੀ ਧਰਨਿਆਂ ਦੌਰਾਨ ਬੁਲਾਰਿਆਂ ਨੇ ਕੇਂਦਰ ਦੇ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲਿਆ।

ਬੁਲਾਰਿਆਂ ਨੇ ਬਿਜਲੀ ਦੀ ਘਾਟ, ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਨਰਮਾ ਪੱਟੀ ਅਤੇ ਕਿਸਾਨੀ ਸਿਰ ਚੜ੍ਹੇ ਕਰਜ਼ੇ ਦੀ ਮੁਆਫੀ ਸਣੇ ਹੋਰਨਾਂ ਮੁੱਦਿਆਂ ‘ਤੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਸੱਦਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ, ਇਸ ਲਈ ਸਿਆਸੀ ਧਿਰਾਂ ਵੱਲੋਂ ਕਈ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਜਾਣਗੇ ਪਰ ਕਿਸਾਨੀ ਮੁੱਦਿਆਂ ‘ਤੇ ਸਿਆਸੀ ਪਾਰਟੀਆਂ ਦੀ ਜਵਾਬਦੇਹੀ ਹੁਣੇ ਤੋਂ ਤੈਅ ਕਰਨ ਲਈ ਪਿੰਡਾਂ ‘ਚ ਲਾਮਬੰਦੀ ਕੀਤੀ ਜਾਵੇ ਤਾਂ ਜੋ ਸਿਆਸੀ ਆਗੂ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਵਰਗਲਾ ਨਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਤੋਂ ਇਹ ਵੀ ਪੁੱਛਿਆ ਜਾਵੇ ਕਿ ਇਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੀ ਕੀਤਾ ਗਿਆ?
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਗਾਲ ਚੋਣਾਂ ਦੀ ਤਰ੍ਹਾਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਝਟਕਾ ਦੇਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕੋਈ ਵੀ ਹੱਥਕੰਡਾ ਕਿਸਾਨ ਅੰਦੋਲਨ ਨੂੰ ਢਾਅ ਨਹੀਂ ਲਾ ਸਕਦਾ। ਬੁਲਾਰਿਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਖੀਮਪੁਰ ਕਾਂਡ ‘ਤੇ ਚੁੱਪ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਤੁਰਤ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ, ਆਸ਼ੀਸ਼ ਮਿਸ਼ਰਾ ਤੇ ਮੋਨੀ ਗਰੋਹ ਦੇ ਸਾਰੇ ਕਰਿੰਦੇ ਗ੍ਰਿਫਤਾਰ ਕੀਤੇ ਜਾਣ ਅਤੇ ਤਿੰਨੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਸਮੇਤ ਪਰਾਲੀ ਆਰਡੀਨੈਂਸ ਤੁਰਤ ਰੱਦ ਕੀਤੇ ਜਾਣ।
_________________________________________
ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ ਮੋਦੀ ਸਰਕਾਰ: ਸੰਧਵਾਂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬੇ ‘ਚ ਡੀ.ਏ.ਪੀ. ਖਾਦ ਦੀ ਘਾਟ ਕਾਰਨ ਹਾੜੀ ਦੀਆਂ ਫਸਲਾਂ ਖਾਸ ਕਰਕੇ ਕਣਕ ਦੀ ਬਿਜਾਈ ‘ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਡੀ.ਏ.ਪੀ. ਦੀ ਅਣਕਿਆਸੀ ਘਾਟ ਲਈ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕੇਂਦਰ ਬਦਲੇ ਦੀ ਭਾਵਨਾ ਨਾਲ ਪੰਜਾਬ ਦੇ ਅੰਨਦਾਤਾ ਨੂੰ ਨਿਸ਼ਾਨਾ ਬਣਾ ਰਹੀ ਹੈ, ਉਥੇ ਪੰਜਾਬ ਸਰਕਾਰ ਵੀ ਸੁੱਤੀ ਪਈ ਹੈ।