ਬੀ.ਐਸ.ਐਫ. ਨੂੰ ਵਧੇੇਰੇ ਖੁਦਮੁਖਤਾਰੀ ਖਿਲਾਫ ਸਿਆਸੀ ਹਲਚਲ ਵਧੀ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਨੂੰ ਸਰਹੱਦੀ ਸੂਬਿਆਂ ‘ਚ ਵਧੇੇੇਰੇ ਖੁਦਮੁਖਤਾਰੀ ਦੇਣ ਦੇ ਫੈਸਲੇ ਮਗਰੋਂ ਪੰਜਾਬ ਵਿਚ ਸਿਆਸੀ ਹਲਚਲ ਤੇਜ ਹੋ ਗਈ ਹੈ। ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਇਕ ਦੂਜੇ ਨੂੰ ਹੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਕੇਂਦਰ ਸਰਕਾਰ ਨਾਲ ਗੰਢਤੁਪ ਕਰਨ ਤੇ ਮੋਦੀ ਸਰਕਾਰ ਅੱਗੇ ਗੋਡੇ ਟੇਕਣ ਦਾ ਦੋਸ਼ ਲਾਇਆ ਹੈ। ਉਧਰ, ਕਾਂਗਰਸ ਨੇ ਆਪਣੇ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸੇਧਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਰਾਜ ਭਵਨ ਅੱਗੇ ਕੀਤੀ ਬੈਰੀਕੇਡਿੰਗ ਨੇੜੇ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਵੱਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਲਏ ਇਸ ਫੈਸਲੇ ਵਿਰੁਧ ਸੰਘਰਸ਼ ਕਰੇਗਾ। ਗ੍ਰਿਫਤਾਰੀ ਤੋਂ ਪਹਿਲਾਂ ਅਕਾਲੀ ਦਲ ਦੇ ਆਗੂਆਂ ਦੀ ਚੰਡੀਗੜ੍ਹ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਲਗਾਤਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਸੂਬੇ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਤੇ ਹੁਣ ਕੇਂਦਰ ਸਰਕਾਰ ਬੀ.ਐਸ.ਐਫ. ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ‘ਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ। ਸੁਖਬੀਰ ਨੇ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਸੂਬੇ ਦੇ ਸੰਘੀ ਢਾਂਚੇ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੇ ਪਵਿੱਤਰ ਧਾਰਮਿਕ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਸੱਚ ਦੀ ਲੜਾਈ ਲੜਦਾ ਰਹੇਗਾ।
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿਚ ‘ਘੁਸਪੈਠ‘ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਪਰ ਸੂਬਾ ਸਰਕਾਰ ਸੰਘੀ ਢਾਂਚੇ ਨੂੰ ਤੋੜਨ ਦੀ ਇਜਾਜ਼ਤ ਨਹੀਂ ਦੇੇਵੇਗੀ।
ਕਾਂਗਰਸ ਨੇ ਇਸ ਫੈਸਲੇ ਨੂੰ ਸੰਵਿਧਾਨ ‘ਤੇ ਗਿਣ-ਮਿਥ ਕੇ ਕੀਤਾ ਹਮਲਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਸ ਹਮਲੇ ਦਾ ਮੁੱਖ ਮਕਸਦ ਸੰਘਵਾਦ ਨੂੰ ਕਮਜ਼ੋਰ ਤੇ ਖਤਮ ਕਰਨਾ ਹੈ। ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਹ ਰਾਜਾਂ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਦੀਆਂ ਤਾਕਤਾਂ ਖੋਹਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਸਿੱਧੇ ਢੰਗ ਤਰੀਕੇ ਨਾਲ ਸੱਤਾ ਹਥਿਆਉਣ ਲਈ ਗੰਦੀ ਸਿਆਸਤ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਸਿਆਸੀ ਆਧਾਰ ਗੁਆ ਚੁੱਕੀ ਹੈ, ਜਿਸ ਨੂੰ ਹਾਸਲ ਕਰਨ ਲਈ ਹੁਣ ਸੱਤਾ ਦੀ ਦੁਰਵਰਤੋਂ ਕਰਦਿਆਂ ਬਿਨਾਂ ਰਾਜਾਂ ਨਾਲ ਸਲਾਹ ਮਸ਼ਵਰਾ ਕੀਤਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
_________________________________________________
ਕੈਪਟਨ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਮਰਥਨ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਸਣੇ ਦੇਸ਼ ਦੇ ਚਾਰ ਸੂਬਿਆਂ ਵਿਚ ਸਰਹੱਦੀ ਸੁਰੱਖਿਆ ਦਲ (ਬੀ.ਐਸ.ਐਫ.) ਦੇ ਅਧਿਕਾਰ ਖੇਤਰ ਅਤੇ ਤਾਕਤਾਂ ਨੂੰ ਵਧਾਉਣ ਦੇ ਫੈਸਲਾ ਲਿਆ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ। ਇਸ ਗੱਲ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਬਿਆਨ ਤੋਂ ਜਾਪਦਾ ਹੈ ਕਿ ਉਹ ਭਾਜਪਾ ਦੇ ਨਾਲ ਹਨ। ਪਰਗਟ ਸਿੰਘ ਅਨੁਸਾਰ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਣ ਨਾਲ ਅੱਧਾ ਪੰਜਾਬ ਬੀ.ਐਸ.ਐਫ. ਦੇ ਕੰਟਰੋਲ ਹੇਠ ਆ ਜਾਵੇਗਾ। ਇਸ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪਲਟ ਵਾਰ ਕਰਦਿਆਂ ਕਿਹਾ ਕਿ ਪਰਗਟ ਸਿੰਘ ਸਸਤੀ ਸ਼ੋਹਰਤ ਲਈ ਹਾਸੋਹੀਣੀਆਂ ਕਹਾਣੀਆਂ ਘੜਨੀਆਂ ਬੰਦ ਕਰ ਦੇਵੇ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ, ‘’ਕਿੰਨਾ ਹਾਸੋਹੀਣਾ ਹੈ! ਤੁਹਾਡਾ ਕਹਿਣ ਦਾ ਮਤਲਬ ਹੈ ਕਿ ਮੈਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਾ ਸਿਰਫ ਪੰਜਾਬ ਬਲਕਿ ਗੁਜਰਾਤ, ਪੱਛਮੀ ਬੰਗਾਲ, ਆਸਾਮ ਆਦਿ ਵਿਚ ਫੈਸਲੇ ਲੈਣ ਲਈ ਹੁਕਮ ਦੇ ਰਿਹਾ ਹਾਂ।` ਸਾਬਕਾ ਮੁੱਖ ਮੰਤਰੀ ਨੇ ਸੁਰਜੇਵਾਲਾ ਨੂੰ ਤਿੱਖੀ ਚੋਭ ਲਾਉਂਦਿਆਂ ਕਿਹਾ, ‘ਇਕ ਵਿਅਕਤੀ ਜੋ ਆਪਣੇ ਸੂੁਬੇ (ਹਰਿਆਣਾ) ਵਿਚ ਅੱਜ ਤੱਕ ਕੋਈ ਚੋਣ ਨਹੀਂ ਜਿੱਤ ਸਕਿਆ, ਉਸ ਨੂੰ ਕੌਮੀ ਮੁੱਦਿਆਂ ਬਾਰੇ ਬੋਲਣ ਦਾ ਕੋਈ ਹੱਕ ਨਹੀਂ ਹੈ।`