ਭਾਜਪਾ ਨਾਲ ਮਿਲੇ ਕੈਪਟਨ ਦੇ ਸੁਰ!

ਚੰਡੀਗੜ੍ਹ: ਕਾਂਗਰਸ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜਲਦੀ ਹੀ ਆਪਣੀ ਵੱਖਰੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਅਮਰਿੰਦਰ ਨੇ ਕਿਹਾ ਕਿ ਜੇਕਰ ਕਿਸਾਨ ਮੰਗਾਂ ਦਾ ਉਨ੍ਹਾਂ ਦੇ ਹਿੱਤ ਵਿਚ ਨਿਬੇੜਾ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ। ਕੈਪਟਨ ਨੇ ਅਕਾਲੀ ਦਲ ਤੋਂ ਅੱਡ ਹੋਏ ਢੀਂਡਸਾ ਅਤੇ ਬ੍ਰਹਮਪੁਰਾ ਧੜਿਆਂ ਨਾਲ ਗੱਠਜੋੜ ਕਰਨ ਦਾ ਵੀ ਸੰਕੇਤ ਦਿੱਤਾ ਹੈ।

ਪੰਜਾਬ ਕਾਂਗਰਸ ਵਿਚ ਜਾਰੀ ਕਲੇਸ਼ ਅਤੇ ਨਵਜੋਤ ਸਿੰਘ ਸਿੱਧੂ ਨਾਲ ਜਾਰੀ ਖਿੱਚੋਤਾਣ ਮਗਰੋਂ ਕੈਪਟਨ ਨੂੰ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪੈ ਗਿਆ ਸੀ। ਪਾਰਟੀ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਥਾਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਥਾਪ ਦਿੱਤਾ ਸੀ। ਅਮਰਿੰਦਰ ਸਿੰਘ ਨੇ ਹੁਣ ਐਲਾਨ ਕੀਤਾ ਕਿ ਪੰਜਾਬ ਦੇ ਭਵਿੱਖ ਲਈ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਤੇ ਇਥੋਂ ਦੇ ਲੋਕਾਂ ਤੇ ਖਾਸ ਕਰਕੇ ਸਾਡੇ ਕਿਸਾਨਾਂ, ਜੋ ਪਿਛਲੇ ਇਕ ਸਾਲ ਤੋਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਦੇ ਹਿੱਤਾਂ ਨੂੰ ਧਿਆਨ `ਚ ਰੱਖਦਿਆਂ ਜਲਦੀ ਹੀ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਾਂਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ ਜਾਵੇਗਾ ਜੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਦੇ ਪੱਖ ਵਿਚ ਫੈਸਲਾ ਹੋਇਆ। ਕੈਪਟਨ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਧੜੇ ਨੂੰ ਵੀ ਨਾਲ ਤੋਰਨ ਦੇ ਯਤਨ ਕੀਤੇ ਜਾਣਗੇ।