ਮਹਿੰਗਾਈ: ਜ਼ਿਮਨੀ ਚੋਣਾਂ ਦੇ ਝਟਕੇ ਪਿੱਛੋਂ ਮੋਦੀ ਸਰਕਾਰ ਦੀ ਜਾਗ ਖੁੱਲ੍ਹੀ

ਚੰਡੀਗੜ੍ਹ: ਹਾਲ ਹੀ ਵਿਚ ਵੱਖ-ਵੱਖ ਸੂਬਿਆਂ ਦੇ 29 ਵਿਧਾਨ ਸਭਾ ਹਲਕਿਆਂ ਅਤੇ ਤਿੰਨ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕ੍ਰਮਵਾਰ 5 ਅਤੇ 10 ਰੁਪਏ ਪ੍ਰਤੀ ਲਿਟਰ ਕਟੌਤੀ ਦਾ ਐਲਾਨ ਕਰ ਦਿੱਤਾ।

ਭਾਜਪਾ ਸ਼ਾਸਿਤ ਰਾਜ ਸਰਕਾਰਾਂ ਦੇ ਵੈਟ ਘਟਾਉਣ ਦੇ ਫੈਸਲੇ ਕਰਕੇ ਹੋਰ ਸਰਕਾਰਾਂ ਉਤੇ ਵੈਟ ਕਟੌਤੀ ਲਈ ਦਬਾਅ ਬਣਾਇਆ।
ਇਸੇ ਦਿਸ਼ਾ ਵਿਚ ਪੰਜਾਬ ਸਰਕਾਰ ਨੇ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੂੰ ਛੱਡ ਕੇ ਗੁਆਂਢੀ ਰਾਜਾਂ ਨਾਲੋਂ ਤੇਲ ਸਸਤਾ ਹੋਣ ਦਾ ਦਾਅਵਾ ਕੀਤਾ ਹੈ।
ਪੰਜਾਬ ‘ਚ ਹੁਣ ਪੈਟਰੋਲ 95 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 83.75 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਇਸ ਕਟੌਤੀ ਨਾਲ ਸਰਕਾਰੀ ਖਜਾਨੇ ਨੂੰ ਸਾਲਾਨਾ ਕਰੀਬ 3,295 ਕਰੋੜ ਦਾ ਵਿੱਤੀ ਨੁਕਸਾਨ ਹੋਵੇਗਾ। ਪਹਿਲਾਂ ਕੇਂਦਰ ਸਰਕਾਰ ਨੇ 4 ਨਵੰਬਰ ਨੂੰ ਪੈਟਰੋਲ ਦੀ ਕੀਮਤ 5 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਸੀ। ਦੇਸ ਭਰ ‘ਚ ਪਹਿਲਾਂ 23 ਰਾਜ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ ਤੇਲ ਕੀਮਤਾਂ ‘ਚ ਕਟੌਤੀ ਕਰ ਚੁੱਕੇ ਹਨ। ਗੁਆਂਢੀ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ ਤੇ ਚੰਡੀਗੜ੍ਹ (ਯੂ.ਟੀ) ਵੱਲੋਂ ਤੇਲ ਕੀਮਤਾਂ ‘ਚ ਕਟੌਤੀ ਕਰਨ ਮਗਰੋਂ ਅਗਾਮੀ ਚੋਣਾਂ ਦੇ ਮੱਦੇਨਜਰ ਪੰਜਾਬ ਸਰਕਾਰ ਨੂੰ ਵੀ ਤੇਲ ਦੇ ਭਾਅ ‘ਤੇ ਵੈਟ ‘ਚ ਕਟੌਤੀ ਕਰਨੀ ਪਈ ਹੈ। ਪੰਜਾਬ ਹੁਣ 12ਵਾਂ ਰਾਜ ਬਣ ਗਿਆ ਹੈ ਜਿੱਥੇ ਪੈਟਰੋਲ ਦੀ ਕੀਮਤ 100 ਰੁਪਏ ਤੋਂ ਘੱਟ ਹੋ ਗਈ ਹੈ।
ਪੰਜਾਬ ਕੈਬਨਿਟ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਤੇਲ ਕੀਮਤਾਂ ਵਿਚ ਕਟੌਤੀ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਕੇਂਦਰੀ ਸ਼ਾਸਿਤ ਪ੍ਰਦੇਸ ਚੰਡੀਗੜ੍ਹ ਨੂੰ ਛੱਡ ਕੇ ਖਿੱਤੇ ਵਿਚ ਸਭ ਤੋਂ ਘੱਟ ਤੇਲ ਕੀਮਤਾਂ ਹੁਣ ਪੰਜਾਬ ਵਿਚ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੈਟਰੋਲ ‘ਤੇ ਵੈਟ ਦੀ ਦਰ 27.27 ਫੀਸਦੀ ਤੋਂ ਘਟਾ ਕੇ 15.15 ਫੀਸਦੀ ਕਰ ਦਿੱਤੀ ਹੈ ਜਦੋਂ ਕਿ ਡੀਜ਼ਲ ‘ਤੇ ਵੈਟ ਦਰ 17.57 ਫੀਸਦੀ ਤੋਂ ਘਟਾ ਕੇ 10.91 ਫੀਸਦੀ ਕਰ ਦਿੱਤੀ ਹੈ।
ਮੁੱਖ ਮੰਤਰੀ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟਾਉਣ ਨਾਲ ਕ੍ਰਮਵਾਰ 1,352 ਕਰੋੜ ਅਤੇ 1943 ਕਰੋੜ ਦਾ ਮਾਲੀ ਨੁਕਸਾਨ ਹੋਵੇਗਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ ਡਿਊਟੀ ‘ਚ ਕਟੌਤੀ ਕਰਕੇ ਤੇਲ ਦੀ ਕੀਮਤ ਘਟਾਈ ਹੈ, ਉਸ ਵਿਚ 42 ਫੀਸਦੀ ਸੂਬਿਆਂ ਦੀ ਹਿੱਸੇਦਾਰੀ ਬਣਦੀ ਹੈ ਅਤੇ ਇਸ ਨਾਲ ਪੰਜਾਬ ਨੂੰ 8,56 ਕਰੋੜ ਦਾ ਮਾਲੀ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਚੰਨੀ ਨੇ ਵਿਰੋਧੀ ਧਿਰਾਂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਡੇਢ ਸਾਲ ਦੇ ਅਰਸੇ ਦੌਰਾਨ ਤੇਲ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਲੋਕਾਂ ਨੂੰ ਲੁੱਟਿਆ ਹੈ ਅਤੇ ਹੁਣ ਫੋਕੀ ਵਾਹ-ਵਾਹ ਖੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਰਕੇ ਉਨ੍ਹਾਂ ਦੇ ਘਰ ਅੱਗੇ ਮੁਜ਼ਾਹਰਾ ਕੀਤਾ ਕਿਉਂਕਿ ਅਕਾਲੀ ਦਲ ਨੂੰ ਅਗਾਊਂ ਪਤਾ ਸੀ ਕਿ ਕੈਬਨਿਟ ਨੇ ਤੇਲ ਕੀਮਤਾਂ `ਚ ਕਟੌਤੀ ਦਾ ਫੈਸਲਾ ਲੈਣਾ ਹੈ। ਉਨ੍ਹਾਂ ਕਿਹਾ, ‘ਪਹਿਲੀ ਦਫਾ ਹੈ ਕਿ ਪੰਜਾਬ ਵਿਚ ਹਰਿਆਣਾ ਨਾਲੋਂ ਡੀਜ਼ਲ ਸਸਤਾ ਹੋ ਗਿਆ ਹੈ।‘
ਤੇਲ ਦੀ ਕੀਮਤ ‘ਚ ਕਟੌਤੀ ਵੱਡੀ ਰਾਹਤ: ਪਰਗਟ ਸਿੰਘ
ਜਲੰਧਰ: ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚਾ ਦੇਸ ਭਾਰੀ ਮਹਿੰਗਾਈ ਦੀ ਮਾਰ ਹੇਠ ਹੈ ਅਤੇ ਪੈਟਰੋਲ-ਡੀਜ਼ਲ ਦੀਆਂ ਉਚੀਆਂ ਕੀਮਤਾਂ ਆਮ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਕੰਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਵਾਲੀ ਕੇਂਦਰ ਸਰਕਾਰ ਵੱਲੋਂ ਝਿਜਕਦੇ ਹੋਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮਾਮੂਲੀ ਕਟੌਤੀ ਕੀਤੀ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤ ਵਿਚ 5 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।