ਅੰਮ੍ਰਿਤਸਰ ਹਵਾਈ ਅੱਡੇ ਤੋਂ ਛੇ ਨਵੀਆਂ ਘਰੇਲੂ ਉਡਾਣਾਂ ਸ਼ੁਰੂ

ਅੰਮ੍ਰਿਤਸਰ: ਕਰੋਨਾ ਕਾਲ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਕੰਪਨੀ ਗੋ-ਫਸਟ ਵੱਲੋਂ 6 ਨਵੀਆਂ ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਤਿੰਨ ਉਡਾਣਾਂ ਦਿੱਲੀ ਵਾਸਤੇ, 2 ਉਡਾਣਾਂ ਮੁੰਬਈ ਵਾਸਤੇ ਅਤੇ ਇਕ ਉਡਾਣ ਸ੍ਰੀਨਗਰ ਲਈ ਹੈ।

ਇਨ੍ਹਾਂ ਨਵੀਆਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਵਾਈ ਕੰਪਨੀ ਦੇ ਅਧਿਕਾਰੀਆਂ ਨਾਲ ਮਿਲ ਕੇ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਕਈ ਕੌਮੀ ਤੇ ਕੌਮਾਂਤਰੀ ਉਡਾਣਾਂ ਰੱਦ ਹੋ ਗਈਆਂ ਸਨ, ਜਿਸ ਕਰਕੇ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਝਟਕਾ ਲੱਗਾ ਸੀ ਪਰ ਹੁਣ ਇਹ ਨਵੀਆਂ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਜ਼ਿਲ੍ਹੇ ਦੀ ਆਰਥਿਕਤਾ ਵਿਚ ਸੁਧਾਰ ਆਵੇਗਾ। ਉਨ੍ਹਾਂ ਦੱਸਿਆ ਕਿ ਹਵਾਈ ਕੰਪਨੀ ਗੋ-ਫਸਟ ਦੇ ਮਾਲਕ ਮੋਹਿਤ ਕੁਮਾਰ ਤੇ ਸੁਮਿਤ ਕੁਮਾਰ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਥਾਨਕ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਵੀ ਸ਼ੁਰੂ ਕਰਨਗੇ।
ਉਨ੍ਹਾਂ ਮੰਗ ਕੀਤੀ ਕਿ ਯੂ.ਏ.ਈ., ਗੁਹਾਟੀ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣ। ਹਵਾਈ ਕੰਪਨੀ ਦੇ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਕਿ ਇਹ ਉਡਾਣਾਂ ਵੀ ਜਲਦੀ ਸ਼ੁਰੂ ਕੀਤੀਆਂ ਜਾਣਗੀਆਂ। ਸੰਸਦ ਮੈਂਬਰ ਨੇ ਕਿਹਾ ਕਿ ਬੰਦ ਹੋਈਆਂ ਕੌਮਾਂਤਰੀ ਉਡਾਣਾਂ ਬਾਰੇ ਉਹ ਲਗਾਤਾਰ ਉਨ੍ਹਾਂ ਹਵਾਈ ਕੰਪਨੀਆਂ ਨਾਲ ਸੰਪਰਕ ਕਰ ਰਹੇ ਹਨ ਅਤੇ ਜਲਦੀ ਹੀ ਇਹ ਉਡਾਣਾਂ ਵੀ ਸ਼ੁਰੂ ਹੋ ਜਾਣਗੀਆਂ।