ਪ੍ਰੋ. ਪ੍ਰੀਤਮ ਸਿੰਘ ਜੀ ਦਾ ਪੰਜਾਬੀ ਜ਼ਬਾਨ ਪ੍ਰਤੀ ਮੋਹ

ਡਾ. ਹਰਸਿ਼ੰਦਰ ਕੌਰ
ਫ਼ੋਨ: 0175-2216783
ਮੇਰੇ ਭਾਪਾ ਜੀ, ਪ੍ਰੋ. ਪ੍ਰੀਤਮ ਸਿੰਘ ਜੀ ਤੇ ਸੰਤੋਖ ਸਿੰਘ ਧੀਰ ਜੀ ਇਕ ਵਾਰ ਦੁਪਹਿਰੇ ਪੰਜਾਬੀ ਜ਼ਬਾਨ ਉੱਤੇ ਮੰਡਰਾਉਂਦੇ ਖ਼ਤਰੇ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਸਨ। ਮੈਨੂੰ ਉਸ ਸਮੇਂ ਉਨ੍ਹਾਂ ਕੋਲ ਬੈਠਣ ਦਾ ਸੁਭਾਗ ਪ੍ਰਾਪਤ ਹੋਇਆ ਤਾਂ ਉਨ੍ਹਾਂ ਦੀਆਂ ਉੱਚ ਪੱਧਰੀ ਵਿਦਵਤਾ ਭਰਪੂਰ ਗੱਲਾਂ ਵਿਚੋਂ ਬਹੁਤ ਕੁਝ ਸਮਝਣ ਨੂੰ ਮਿਲਿਆ।

ਕਦੇ ਉਹ ਸਿ਼ਵ ਕੁਮਾਰ ਬਟਾਲਵੀ ਦੀ ਗੱਲ ਕਰਦੇ, ਕਦੇ ਨਾਨਕ ਸਿੰਘ ਜੀ ਬਾਰੇ ਤੇ ਕਦੇ ਮੌਜੂਦਾ ਲੱਚਰ ਗੀਤ-ਸੰਗੀਤ ਬਾਰੇ।
ਭਾਪਾ ਜੀ ਨੇ ਦੱਸਿਆ ਕਿ ਭਾਵੇਂ ਡੇਢ ਲੱਖ ਸਾਲ ਪਹਿਲਾਂ ਜ਼ਬਾਨ ਦਾ ਜਿ਼ਕਰ ਮਿਲਦਾ ਹੈ ਪਰ ਸਾਨੂੰ ਸਿਰਫ਼ 6000 ਸਾਲ ਪਹਿਲਾਂ ਵਾਲੀਆਂ ਬੋਲੀਆਂ ਬਾਰੇ ਹੀ ਪਤਾ ਹੈ ਜਦੋਂ ਇਨ੍ਹਾਂ ਨੂੰ ਲਿਖਣਾ ਸ਼ੁਰੂ ਕੀਤਾ ਗਿਆ। ਪਹਿਲੇ ਮਨੁੱਖ ਤਾਂ ਵੱਖੋ-ਵੱਖ ਤਰ੍ਹਾਂ ਦੀਆਂ ਆਵਾਜ਼ਾਂ ਜਾਂ ਚੀਜ਼ਾਂ ਅਤੇ ਸੀਟੀਆਂ ਦੀ ਵਰਤੋਂ ਕਰਦੇ ਰਹੇ। ਬਾਰ੍ਹਵੀਂ ਸਦੀ ਦੀ ਜਰਮਨੀ ਦੀ ਸਾਧਵੀ ਵੱਲੋਂ ਵਰਤੀ ‘ਲਿੰਗੂਆ ਇਗਨੋਤਾ’ ਬੋਲੀ ਦਾ ਸਿਰਫ਼ ਜਿ਼ਕਰ ਹੀ ਬਚਿਆ ਹੈ। ਬਾਕੀ ਸਭ ਇਤਿਹਾਸ ਵਿਚੋਂ ਗੁੰਮ ਹੋ ਚੁੱਕਿਆ ਹੈ। ਤਾਮਿਲ ਅਤੇ ਸੰਸਕ੍ਰਿਤ ਸਭ ਤੋਂ ਪੁਰਾਣੀਆਂ ਜ਼ਬਾਨਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਹੁਣ ਉਹ ਵੀ ਮਰ ਮੁੱਕ ਚੱਲੀਆਂ ਹਨ।
ਭਾਪਾ ਜੀ ਨੇ ਇਹ ਵੀ ਦੱਸਿਆ ਕਿ ਦੁਨੀਆ ਦੀ ਸਭ ਤੋਂ ਔਖੀ ਜ਼ਬਾਨ ‘ਮੈਂਡਾਰਿਨ’ ਹੈ ਪਰ ਫਿਰ ਵੀ ਉਸ ਨੂੰ ਬੋਲਣ ਵਾਲੇ 100 ਕਰੋੜ ਲੋਕ ਹਨ। ਉਹ ਵੀ ਹੋਰ ਭਾਸ਼ਾਵਾਂ ਸਿੱਖਣ ਦੀ ਚਾਹ ਰੱਖਦੇ ਹਨ ਪਰ ਆਪਣੀ ਜ਼ਬਾਨ ਮਿੱਧ ਕੇ ਨਹੀਂ। ਕਮਾਲ ਤਾਂ ਇਹ ਵੇਖੋ ਕਿ ਅੰਗਰੇਜ਼ੀ ਜ਼ਬਾਨ ਮਸਾਂ ਹਜ਼ਾਰ ਕੁ ਸਾਲ ਪੁਰਾਣੀ ਹੈ, ਫਿਰ ਵੀ ਸਾਰੀ ਦੁਨੀਆ ਵਿਚ ਧੁੰਮਾਂ ਪਾ ਰਹੀ ਹੈ। ਕਾਰਨ ਇਹ ਹੈ ਕਿ ਇਸ ਨੂੰ ਬੋਲਣ ਵਾਲੇ ਧੜਾਧੜ ਇਸ ਵਿਚ ਕਿੱਤਾ ਮੁਹੱਈਆ ਕਰਵਾਉਣ ਵਿਚ ਜੁਟੇ ਹਨ ਤੇ ਨਵੀਆਂ ਖੋਜਾਂ ਵੀ ਲਗਾਤਾਰ ਜਾਰੀ ਰੱਖ ਰਹੇ ਹਨ। ਜ਼ਬਾਨ ਨੂੰ ਪ੍ਰੋਤਸਾਹਿਤ ਕਰਨ ਦਾ ਹਰ ਹੀਲਾ ਵਰਤਿਆ ਜਾਂਦਾ ਹੈ। ਸਾਡੇ ਭੋਲੇ ਲੋਕ ਇਨ੍ਹਾਂ ਨੁਕਤਿਆਂ ਵਿਚ ਅੜ ਕੇ ਅਤੇ ਰੁਜ਼ਗਾਰ ਲੱਭਦੇ ਹੌਲੀ-ਹੌਲੀ ਅੰਗਰੇਜ਼ੀ ਜ਼ਬਾਨ ਤੋਂ ਵੀ ਪੁਰਾਣੀ ਆਪਣੀ ਪੰਜਾਬੀ ਜ਼ਬਾਨ ਨੂੰ ਅਣਜਾਣੇ ਹੀ ਖ਼ਤਮ ਕਰਨ ਵੱਲ ਤੁਰ ਪਏ ਹਨ।
ਮੈਨੂੰ ਚੁਪ ਬੈਠੀ ਨੂੰ ਵੇਖ ਧੀਰ ਅੰਕਲ ਪੁੱਛਣ ਲੱਗੇ, `ਕਿਉਂ ਬਈ ਡਾਕਟਰ ਬੇਟੀ, ਤੇਰਾ ਕੀ ਖਿ਼ਆਲ ਐ? ਨਵੀਂ ਪੀੜ੍ਹੀ ਸਾਨੂੰ ਤਾਂ ਪੁਰਾਣਾ ਮੰਨ ਕੇ ਪੰਜਾਬੀ ਜ਼ਬਾਨ ਉੱਤੇ ਅੰਗਰੇਜ਼ੀ ਦਾ ਗਿਲਾਫ਼ ਚਾੜ੍ਹਨ ਲੱਗ ਪਈ ਐ। ਹੈ ਕੋਈ ਡਾਕਟਰੀ ਇਲਾਜ?` ਇਸ ਤੋਂ ਪਹਿਲਾਂ ਕਿ ਮੈਂ ਕੁਝ ਬੋਲਦੀ, ਭਾਪਾ ਜੀ ਕਹਿਣ ਲੱਗੇ, ‘ਇਸ ਨੇ ਕੀ ਦੱਸਣੈ, ਇਹ ਤਾਂ ਸਰੀਰ ਦੀਆਂ ਬਿਮਾਰੀਆਂ ਵਿਚ ਉਲਝੀ ਪਈ ਐ। ਸੰਨ 1971 ਤੋਂ ਹੁਣ ਤਕ ਸਿਰਫ਼ ਉਹ ਜ਼ਬਾਨਾਂ ਹੀ ਗਿਣੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਬੋਲਣ ਵਾਲੇ 10,000 ਤੋਂ ਵੱਧ ਹਨ। ਇਸ ਦਾ ਮਤਲਬ ਇਹ ਹੋਇਆ ਕਿ 1652 ਜ਼ਬਾਨਾਂ ਤੋਂ ਘਟ ਕੇ ਸਿਰਫ਼ 108 ਜ਼ਬਾਨਾਂ ਹੀ ਜਿ਼ੰਦਾ ਬਚੀਆਂ ਹਨ।’
‘ਇਹ ਤਾਂ ਬਹੁਤ ਖ਼ਤਰੇ ਦੀ ਗੱਲ ਹੈ,’ ਮੈਂ ਕਿਹਾ।
‘ਇਸ ਤੋਂ ਵੀ ਖ਼ਤਰਨਾਕ ਗੱਲ ਇਹ ਹੈ ਕਿ ਪੰਜਾਬੀ ਆਪਣੀ ਮਾਂ ਬੋਲੀ ਉੱਤੇ ਮੰਡਰਾਉਂਦੇ ਖ਼ਤਰੇ ਬਾਰੇ ਚਿੰਤਤ ਨਹੀਂ ਹਨ। ਦੁਨੀਆ ਭਰ ਵਿਚ ਝਾਤ ਮਾਰੀਏ ਤਾਂ ਭਾਰਤ ਵਿਚਲੀਆਂ ਜ਼ਬਾਨਾਂ ਉੱਤੇ ਸਭ ਤੋਂ ਵੱਧ ਮਾਰ ਪੈ ਰਹੀ ਹੈ, ਜਿੱਥੇ ਆਸਟੇ੍ਰਲੀਆ, ਕੈਨੇਡਾ, ਚੀਨ, ਰੂਸ ਤੇ ਅਮਰੀਕਾ ਤੋਂ ਕਿਤੇ ਵੱਧ ਬੋਲੀਆਂ ਖ਼ਾਤਮੇ ਵੱਲ ਜਾ ਰਹੀਆਂ ਹਨ। ਕਬੀਲਿਆਂ ਦੀਆਂ ਜ਼ਬਾਨਾਂ ਜੇ ਹੌਲੀ-ਹੌਲੀ ਖ਼ਤਮ ਹੋ ਗਈਆਂ ਤਾਂ ਸਮਝੋ ਸਾਡੇ ਪਿਛੋਕੜ ਵਿਚੋਂ ਅੱਧਾ ਇਤਿਹਾਸ ਗ਼ਾਇਬ ਹੋ ਗਿਆ। ਸਾਡਾ ਸਦੀਆਂ ਤੋਂ ਚੱਲਦਾ ਆਉਂਦਾ ਜੜੀਆਂ-ਬੂਟੀਆਂ ਦਾ ਗਿਆਨ ਅਤੇ ਪੁਰਾਣੇ ਰੀਤੀ-ਰਿਵਾਜ਼ਾਂ ਸਮੇਤ ਬਹੁਤ ਵਡਮੁੱਲੀ ਜਾਣਕਾਰੀ ਹਮੇਸ਼ਾ ਲਈ ਗੁੰਮ ਹੋ ਜਾਏਗੀ,’ ਭਾਪਾ ਜੀ ਨੇ ਸਮਝਾਇਆ।
ਧੀਰ ਅੰਕਲ ਨੇ ਕਿਹਾ, ‘ਬਿਲਕੁਲ ਸਹੀ ਪ੍ਰੋਫੈਸਰ ਸਾਹਿਬ। ਜੇ ਯੂਨੀਵਰਸਿਟੀਆਂ ਵਿਚਲੇ ਸਾਡੇ ਪ੍ਰੋਫੈਸਰ ਇਹ ਨੁਕਤਾ ਸਮਝ ਜਾਣ ਤਾਂ ਕੁਝ ਹੋ ਸਕਦਾ ਹੈ। ਵੇਖੋ ਨਾ, ਉੜੀਸਾ, ਛੱਤੀਸਗੜ੍ਹ, ਮਿਜ਼ੋਰਮ, ਤ੍ਰਿਪੁਰਾ ਤੇ ਮੇਘਾਲਿਆ ਵਿਚ ਪੜ੍ਹੇ-ਲਿਖੇ ਲੋਕਾਂ ਨੇ ਜਿ਼ੰਮਾ ਚੁੱਕ ਕੇ ਆਪੋ-ਆਪਣੀ ਮਾਂ ਬੋਲੀ ਦੀ ਮਹੱਤਤਾ ਬਾਰੇ ਹੋਰਨਾਂ ਨੂੰ ਸਮਝਾਉਣਾ ਸ਼ੁਰੂ ਕੀਤਾ ਹੈ ਤੇ ਬੱਚਿਆਂ ਨਾਲ ਸਿਰਫ ਮਾਂ ਬੋਲੀ ਵਿਚ ਬੋਲਣਾ ਸ਼ੁਰੂ ਕਰ ਦਿੱਤਾ ਹੋਇਆ ਹੈ।’
‘ਬਿਲਕੁਲ,’ਭਾਪਾ ਜੀ ਨੇ ਅੱਗੋਂ ਗੱਲ ਤੋਰੀ, ‘ਆਪਣੀ ਮਾਂ ਬੋਲੀ ਵਿਚ ਵਧੀਆ ਬਾਲ ਕਹਾਣੀਆਂ, ਕਵਿਤਾਵਾਂ, ਲੇਖ, ਨਾਵਲ, ਫਿ਼ਲਮਾਂ ਆਦਿ ਬਣਾ ਕੇ ਜ਼ਬਾਨ ਵਿਚ ਰੂਹ ਫੂਕੀ ਜਾ ਸਕਦੀ ਹੈ। ਸਭ ਤੋਂ ਵੱਡਾ ਉੱਦਮ ਤਾਂ ਤਕਨੀਕੀ ਮਾਹਿਰਾਂ ਵੱਲੋਂ ਕਰਨਾ ਪੈਣਾ ਹੈ। ਜੇ ਤਕਨੀਕੀ ਵਿਦਿਆ ਆਪਣੀ ਜ਼ਬਾਨ ਵਿਚ ਸਿਖਾਈ ਜਾਏ ਤਾਂ ਜ਼ਬਾਨ ਕਦੇ ਨਹੀਂ ਮਰ ਸਕਦੀ। ਬਿਲਕੁਲ ਇੰਜ ਹੀ ਹਰ ਦਾਦੇ-ਨਾਨੇ ਨੂੰ ਵੀ ਆਪਣੇ ਪੋਤਰੇ-ਦੋਹਤਰਿਆਂ ਤੇ ਪੋਤੀਆਂ-ਦੋਹਤੀਆਂ ਨੂੰ ਮਾਂ ਬੋਲੀ ਦੀਆਂ ਕਹਾਣੀਆਂ ਸੁਣਾ ਕੇ ਮਾਂ ਬੋਲੀ ਦੀ ਨੀਂਹ ਪੱਕੀ ਕਰਨੀ ਚਾਹੀਦੀ ਹੈ।’
ਮੈਂ ਉਤਸੁਕਤਾ ਨਾਲ ਪੁੱਛਿਆ, ‘ਭਲਾ ਕਬਾਇਲੀਆਂ ਦੀ ਭਾਸ਼ਾ ਮੁੱਕ ਜਾਣ ਨਾਲ ਹੋਰ ਭਾਸ਼ਾਵਾਂ ਉੱਤੇ ਕੀ ਫ਼ਰਕ ਪਵੇਗਾ?’ ਭਾਪਾ ਜੀ ਨੇ ਸਮਝਾਇਆ, ‘ਜ਼ਬਾਨ ਨਾਲ ਲੋਕਾਂ ਦੀ ਪਛਾਣ ਜੁੜੀ ਹੁੰਦੀ ਹੈ। ਉਸੇ ਪਛਾਣ ਸਦਕਾ ਹੀ ਉਹ ਆਪਣੀ ਧਰਤੀ ਨਾਲ ਜੁੜਦੇ ਹਨ। ਉਹੀ ਜ਼ਬਾਨ ਉਨ੍ਹਾਂ ਦੀ ਆਪਣੇ ਪੁਰਖਿਆਂ ਨਾਲ ਸਾਂਝ ਗੰਢਦੀ ਹੈ। ਜਦੋਂ ਜ਼ਬਾਨਾਂ ਮਰਨ ਲੱਗ ਜਾਣ ਤਾਂ ਉਨ੍ਹਾਂ ਨਾਲ ਜੁੜੀ ਸੱਭਿਅਤਾ ਤਾਂ ਮਰਨੀ ਹੀ ਹੋਈ ਪਰ ਉਨ੍ਹਾਂ ਦੀ ‘ਆਪਣੀ ਧਰਤੀ’ ਵੀ ਮਰ ਮੁੱਕ ਜਾਂਦੀ ਹੈ। ਜੇ ਅਜਿਹਾ ਵੱਡੀ ਪੱਧਰ ਉੱਤੇ ਹੋਣ ਲੱਗ ਪਏ ਤਾਂ ਸਭ ਇੱਕੋ ਜਿਹੀ ਦੌੜ ਵਿਚ ਲੱਗ ਜਾਣਗੇ ਤੇ ਆਪੋ ਵਿਚ ਹੀ ਲੜ ਮਰ ਕੇ ਖ਼ਤਮ ਹੋ ਜਾਣਗੇ। ਕਿਸੇ ਨੂੰ ਦੂਜੇ ਬਾਰੇ ਜਾਣਨ ਦੀ ਚਾਹ ਹੀ ਨਹੀਂ ਹੋਵੇਗੀ ਕਿਉਂਕਿ ਸਭ ਇਕੋ ਜ਼ਬਾਨ ਰਾਹੀਂ ਇੱਕੋ ਸੱਭਿਅਤਾ ਬਾਰੇ ਰੱਟਦੇ ਇੱਕ-ਦੂਜੇ ਨੂੰ ਕਾਟ ਕਰਨ ਲੱਗ ਪੈਣਗੇ। ਜੇ ਦੋ ਵੱਖੋ-ਵੱਖ ਜਣੇ ਮਿਲਣ ਤਾਂ ਇੱਕ-ਦੂਜੇ ਨੂੰ ਸਮਝਣ ਦੀ ਕੋਸਿ਼ਸ਼ ਕਰਨਗੇ ਤੇ ਦੂਜੇ ਨਾਲ ਜੁੜੇ ਇਤਿਹਾਸ ਵੱਲ ਵੀ ਝਾਤ ਮਾਰਨਗੇ। ਬੇਅੰਤ ਕੁਦਰਤੀ ਇਲਾਜ ਅਤੇ ਦਵਾਈਆਂ ਦੀ ਜਾਣਕਾਰੀ, ਜੋ ਪੁਰਾਤਨ ਸਮੇਂ ਵਿਚ ਸੀ, ਬਹੁਤ ਵਡਮੁੱਲੀ ਪੁਰਾਣੀ ਤਕਨੀਕੀ ਜਾਣਕਾਰੀ ਅਤੇ ਹੋਰ ਵੀ ਬਹੁਤ ਕੀਮਤੀ ਪੁਰਾਣਾ ਸਾਹਿਤ, ਸਭ ਕੁਝ ਖ਼ਤਮ ਹੋ ਜਾਵੇਗਾ। ਇਸੇ ਲਈ ਜ਼ਰੂਰੀ ਹੈ ਨਵੀਂ ਪਨੀਰੀ ਨੂੰ ਆਪਣੀ ਜ਼ਬਾਨ ਨਾਲ ਜੋੜਨਾ। ਉਹ ਭਾਵੇਂ ਦਸ ਹੋਰ ਜ਼ਬਾਨਾਂ ਸਿੱਖਣ ਪਰ ਆਪਣੀ ਮਾਂ ਬੋਲੀ ਮਿੱਧ ਕੇ ਨਹੀਂ।’
ਧੀਰ ਅੰਕਲ ਕਹਿਣ ਲੱਗੇ, ‘ਚੱਲ ਬੀਬਾ ਸਿਰਫ਼ ਏਨਾ ਹੀ ਸੋਚ ਕੇ ਵੇਖ ਕਿ ਕੱਲ੍ਹ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਲਿਖੀ ਭਾਸ਼ਾ ਨੂੰ ਸਮਝਣ ਵਾਲਾ ਕੋਈ ਬਚਿਆ ਹੀ ਨਾ ਤਾਂ ਜਿਹੜਾ ਮਰਜ਼ੀ ਆ ਕੇ ਕਹਿ ਦੇਵੇਗਾ ਕਿ ਇਸ ਵਿਚ ਈਸਾ ਮਸੀਹ ਦੀ ਉਸਤਤ ਲਿਖੀ ਹੈ, ਫੇਰ ਸੋਚ ਕੇ ਵੇਖ ਕੀ ਬਣੇਗਾ।’
ਗੱਲ ਤਾਂ ਮੇਰੇ ਪੱਲੇ ਚੰਗੀ ਤਰ੍ਹਾਂ ਪੈ ਗਈ ਸੀ। ਉਸ ਸਮੇਂ ਮੇਰੇ ਜਿ਼ੰਮੇ ਜੋ ਉਨ੍ਹਾਂ ਦੋਵਾਂ ਨੇ ਕੰਮ ਲਾਇਆ ਸੀ, ਉਹ ਮੈਂ ਹਾਲੇ ਤਕ ਨਿਭਾ ਰਹੀ ਹਾਂ। ਭਾਪਾ ਜੀ 25 ਅਕਤੂਬਰ, 2008 ਨੂੰ ਅਲਵਿਦਾ ਕਹਿ ਗਏ ਸਨ ਪਰ ਨਿੱਕੇ ਬਾਲਾਂ ਨੂੰ ਤਕਨੀਕੀ ਜਾਣਕਾਰੀ ਪੰਜਾਬੀ ਜ਼ਬਾਨ ਵਿਚ ਦੇਣ ਦੀ ਜਿ਼ੰਮੇਵਾਰੀ ਮੈਂ ਲਗਾਤਾਰ ਨਿਭਾ ਰਹੀ ਹਾਂ ਅਤੇ ਪੁਰਾਣੇ ਪੰਜਾਬੀ ਸਾਹਿਤਕਾਰਾਂ ਦੀ ਯਾਦ ਵੀ ਤਾਜ਼ਾ ਕਰਦੀ ਰਹਿੰਦੀ ਹਾਂ। ਡਾਕਟਰੀ ਵਿਗਿਆਨ ਨੂੰ ਆਪਣੀ ਮਾਂ ਬੋਲੀ ਵਿਚ ਸੌਖੇ ਸ਼ਬਦਾਂ ਵਿਚ ਲਿਖਣ ਦਾ ਕੰਮ ਵੀ ਭਾਪਾ ਜੀ ਦੀ ਹੱਲਾਸ਼ੇਰੀ ਸਦਕਾ ਹੀ ਸੰਭਵ ਹੋ ਰਿਹਾ ਹੈ।