ਉਤਰਾਖੰਡ ਤੇ ਯੂ.ਪੀ ‘ਚ ਭਾਜਪਾ ਲਈ ਪ੍ਰਚਾਰ ਕਰਾਂਗਾ: ਅਮਰਿੰਦਰ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖੁੱਲ੍ਹ ਕੇ ਸਿਆਸੀ ਤੌਰ ਉਤੇ ਭਾਜਪਾ ਦੀ ਹਮਾਇਤ ‘ਚ ਨਿੱਤਰ ਆਏ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਗਲੀਆਂ ਉਤਰ ਪ੍ਰਦੇਸ ਅਤੇ ਉਤਰਾਖੰਡ ਦੀਆਂ ਚੋਣਾਂ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ ਜਿਥੋਂ ਸਿੱਖ ਵਸੋਂ ਜਿਆਦਾ ਹੈ।

ਉਨ੍ਹਾਂ ਕਿਹਾ ਕਿ ਉਹ ਇਹ ਵੀ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਲਈ ਪੰਜਾਬ ਚੋੋਣਾਂ ਵਿਚ ਚੋਣ ਪ੍ਰਚਾਰ ਕਰਨ। ਅਮਰਿੰਦਰ ਨੇ ਕਿਹਾ ਕਿ ਉਹ ਆਪਣੀ ਨਵੀਂ ਪਾਰਟੀ ਦੀ ਰਜਿਸਟ੍ਰੇਸ਼ਨ ਹੋਣ ਦੀ ਉਡੀਕ ਕਰ ਰਹੇ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਹੁਣ ਅਗਲਾ ਨਿਸ਼ਾਨਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਬਣਾ ਸਕਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੋ ਨਵੇਂ ਖੇਤੀ ਕਾਨੂੰਨ ਬਣਾਏ ਗਏ ਸਨ, ਉਹ ਕਿਸਾਨਾਂ ਦੇ ਹਿੱਤ ਵਿਚ ਨਹੀਂ ਸਨ, ਹੁਣ ਉਹ ਕਾਨੂੰਨ ਵਾਪਸੀ ਤੋਂ ਖੁਸ਼ ਹਨ। ਚੇਤੇ ਰਹੇ ਕਿ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਹਨ ਕਿ ਜਦੋਂ ਖੇਤੀ ਕਾਨੂੰਨਾਂ ਦਾ ਮਸਲਾ ਨਿੱਬੜ ਗਿਆ ਤਾਂ ਉਸ ਮਗਰੋਂ ਉਹ ਪੰਜਾਬ ਵਿਚ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਸਿਆਸੀ ਮਾਹਿਰ ਆਖਦੇ ਹਨ ਕਿ ਅਗਲੀਆਂ ਪੰਜਾਬ ਚੋਣਾਂ ਵਿਚ ਇਹ ਗੱਠਜੋੜ ਸੰਭਵ ਹੈ।
ਕੈਪਟਨ ਦੀ ਪਾਰਟੀ ਦੇ ਪ੍ਰਧਾਨ ਖਿਲਾਫ ਦਰਜ ਹੈ ਕੇਸ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦੇ ਪ੍ਰਧਾਨ ਸੁਖਿੰਦਰ ਸਿੰਘ ਅਤੇ ਉਸ ਦੀ ਪਤਨੀ ਤੇ ਪੁੱਤਰ ਖਿਲਾਫ ਸੀ.ਬੀ.ਆਈ. ਨੇ 2019 ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਸੀ.ਬੀ.ਆਈ. ਦਾ ਦਾਅਵਾ ਸੀ ਕਿ ਸੁਖਿੰਦਰ ਸਿੰਘ ਨੇ ਕਥਿਤ ਤੌਰ ‘ਤੇ ਬੈਂਕ ਨਾਲ 33 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ 29 ਅਕਤੂਬਰ ਨੂੰ ਇਕ ਵਾਰ ਫਿਰ ਚੰਡੀਗੜ੍ਹ ਸਥਿਤ ਸੁਖਿੰਦਰ ਸਿੰਘ ਦੇ ਘਰ ਵਿਚ ਛਾਪਾ ਮਾਰਿਆ ਸੀ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਵਿਚ ਪੰਜਾਬ ਲੋਕ ਕਾਂਗਰਸ ਪਾਰਟੀ ਦਾ ਪ੍ਰਧਾਨ ਸੁਖਿੰਦਰ ਸਿੰਘ, ਜਨਰਲ ਸਕੱਤਰ ਗੁਰਮੇਹਰ ਸਿੰਘ ਸੇਖੋਂ ਤੇ ਖਜ਼ਾਨਚੀ ਸੁਖਸਿਮਰਨ ਸਿੰਘ ਹਨ।