ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ: ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਏ ਜਨਰਲ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੰਸਥਾ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਰਘੁਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੋਲੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।

ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਵੋਟਾਂ ਪਾ ਕੇ ਕੀਤੀ ਗਈ ਹੈ ਜਦੋਂਕਿ ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ ਬਿਨਾਂ ਕਿਸੇ ਵਿਰੋਧ ਦੇ ਨਾਮਜ਼ਦ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੀ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਕੰਗ, ਗੁਰਿੰਦਰਪਾਲ ਸਿੰਘ ਗੋਰਾ, ਜੋਧ ਸਿੰਘ ਸਮਰਾ, ਬੀਬੀ ਗੁਰਪ੍ਰੀਤ ਕੌਰ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈ, ਅਮਰਜੀਤ ਸਿੰਘ ਬੰਡਾਲਾ ਅਤੇ ਵਿਰੋਧੀ ਧਿਰ ਦੇ ਇਕ ਮੈਂਬਰ ਵਜੋਂ ਗੁਰਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਪਾਏ ਰੌਲੇ-ਰੱਪੇ ਕਾਰਨ ਸਾਰੇ ਮਤੇ ਨਹੀਂ ਪੜ੍ਹੇ ਜਾ ਸਕੇ ਅਤੇ ਸਮਾਗਮ ਦੀ ਸਮਾਪਤੀ ਲਈ ਅਰਦਾਸ ਕਰ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿਚ ਹੀ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਨੇ ਲਾਪਤਾ ਸਰੂਪਾਂ ਦਾ ਮਾਮਲਾ ਉਠਾਉਣ ਦਾ ਯਤਨ ਕੀਤਾ ਜਦੋਂਕਿ ਚੋਣ ਦੇ ਮੱਧ ਦੌਰਾਨ ਵਿਰੋਧੀ ਧਿਰ ਦੇ ਇਨ੍ਹਾਂ ਸਾਰੇ ਮੈਂਬਰਾਂ ਨੇ ਅੰਤ੍ਰਿੰਗ ਕਮੇਟੀ ਵਿਚ ਦੋ ਮੈਂਬਰ ਲੈਣ ਦੀ ਮੰਗ ਨੂੰ ਲੈ ਕੇ ਰੌਲਾ ਪਾਇਆ, ਜਿਸ ਨਾਲ ਮਰਿਆਦਾ ਵੀ ਭੰਗ ਹੋਈ।
ਇਜਲਾਸ ਦੌਰਾਨ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਰਜੀਤ ਸਿੰਘ ਭਿੱਟੇਵੱਡ ਨੇ ਪ੍ਰਧਾਨ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ, ਜਿਸ ਦੀ ਤਾਈਦ ਮਜ਼ੀਦ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਰਵਿੰਦਰ ਸਿੰਘ ਖਾਲਸਾ ਨੇ ਕੀਤੀ। ਇਸ ਦੌਰਾਨ ਦੂਜੀ ਧਿਰ ਵਲੋਂ ਅਮਰੀਕ ਸਿੰਘ ਸ਼ਾਹਪੁਰ ਨੇ ਪ੍ਰਧਾਨ ਵਾਸਤੇ ਮਿੱਠੂ ਸਿੰਘ ਕਾਹਨੇਕੇ ਦਾ ਨਾਂ ਪੇਸ਼ ਕੀਤਾ। ਇਸ ਮੌਕੇ ਵੋਟਾਂ ਪਾ ਕੇ ਚੋਣ ਕੀਤੀ ਗਈ। ਕੁੱਲ ਹਾਜ਼ਰ 142 ਮੈਂਬਰਾਂ ਨੇ ਵੋਟਾਂ ਪਾਈਆਂ, ਜਿਸ ਵਿਚੋਂ ਸ੍ਰੀ ਧਾਮੀ ਨੂੰ 122 ਅਤੇ ਸ੍ਰੀ ਕਾਹਨੇਕੇ ਨੂੰ ਸਿਰਫ 19 ਵੋਟਾਂ ਪ੍ਰਾਪਤ ਹੋਈਆਂ ਜਦੋਂਕਿ ਇਕ ਵੋਟ ਰੱਦ ਹੋ ਗਈ।