ਨਸ਼ਾ ਤਸਕਰੀ ਕੇਸ ਵਿਚ ਮਜੀਠੀਆ ਖਿਲਾਫ ਕੇਸ ਦਰਜ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਪੰਜਾਬ ਸਰਕਾਰ ਨੇ ਅਪਰਾਧਿਕ ਕੇਸ ਦਰਜ ਕੀਤਾ ਹੈ। ਅਕਾਲੀ ਆਗੂ ਖਿਲਾਫ ਇਥੋਂ ਦੇ ਫੇਜ਼-4 ਸਥਿਤ ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਥਾਣੇ ਵਿਚ ਕੇਸ ਦਰਜ ਕੀਤਾ ਹੈ।
ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਕਾਫੀ ਸਮੇਂ ਤੋਂ ਮਜੀਠੀਆ ‘ਤੇ ਦੋਸ਼ ਲੱਗਦੇ ਰਹੇ ਹਨ।

ਨਸ਼ਾ ਤਸਕਰੀ ਮਾਮਲੇ ਵਿਚ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ.ਪੀ. ਅਤੇ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਵੀ ਕੇਸ ਦੀ ਸੁਣਵਾਈ ਦੌਰਾਨ ਕਈ ਸਿਆਸੀ ਆਗੂਆਂ ਦੇ ਨਾਵਾਂ ਦਾ ਜ਼ਿਕਰ ਕੀਤਾ ਸੀ ਅਤੇ ਨਸ਼ਿਆਂ ਖਿਲਾਫ ਬਣੀ ਸਿੱਟ ਦੇ ਇਕ ਸੀਨੀਅਰ ਮੈਂਬਰ ਨੇ ਵੀ ਆਪਣੀ ਰਿਪੋਰਟ ਵਿਚ ਸਿਆਸੀ ਆਗੂ ਦਾ ਵੇਰਵਾ ਦਰਜ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ‘ਆਪ‘ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਸਮੇਤ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂ ਕਾਫੀ ਸਮੇਂ ਤੋਂ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦੇ ਰਹੇ ਹਨ। ਨਵਜੋਤ ਸਿੱਧੂ ਮੀਡੀਆ ਵਿਚ ਇਹ ਦਾਅਵਾ ਕਰ ਚੁੱਕੇ ਹਨ ਕਿ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੀ ਰਿਪੋਰਟ ਵਿਚ ਮਜੀਠੀਆ ਦਾ ਨਾਂ ਹੈ।
ਹਾਲ ਹੀ ਵਿਚ ਪੰਜਾਬ ਦੇ ਕਾਰਜਕਾਰੀ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਲਾਂਭੇ ਕਰਕੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀ.ਜੀ.ਪੀ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਚੰਨੀ ਸਰਕਾਰ ਦੀ ਨਸ਼ਿਆਂ ਦੇ ਮਾਮਲੇ ਵਿਚ ਸਿਆਸੀ ਆਗੂਆਂ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਇਸ ਕਾਰਵਾਈ ਨੂੰ ਮਹਿਜ਼ ਸਿਆਸੀ ਸਟੰਟ ਦੱਸਦਿਆਂ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਗੱਲ ਕਹੀ ਹੈ। ਅਕਾਲੀ ਦਲ ਦੇ ਕਾਨੂੰਨੀ ਮਾਹਰਾਂ ਦੀ ਵਿਸ਼ੇਸ਼ ਟੀਮ ਵੱਲੋਂ ਪੰਜਾਬ ਸਰਕਾਰ ਦੀ ਇਸ ਤਾਜ਼ਾ ਕਾਰਵਾਈ ਨੂੰ ਝੂਠਾ ਸਾਬਤ ਕਰਕੇ ਉੱਚ ਅਦਾਲਤ ਵਿਚ ਜਾਣ ਲਈ ਵਿਚਾਰ ਕੀਤਾ ਜਾ ਰਿਹਾ ਹੈ।