ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ

ਫਤਹਿਗੜ੍ਹ ਸਾਹਿਬ: ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਚਮਕੌਰ ਸਾਹਿਬ ਸ਼ਹੀਦੀ ਜੋੜ ਮੇਲ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਸਾਹਿਬਾਨ ਵਿਚ ਦੇਸ਼-ਵਿਦੇਸ਼ ਵਿਚੋਂ ਪਹੁੰਚੀਆਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਨ੍ਹਾਂ ਦੀ ਸਹੂਲਤ ਲਈ ਪ੍ਰਸ਼ਾਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਸਨ। ਫ਼ਤਹਿਗੜ੍ਹ ਸਾਹਿਬ ਦੀ ਧਰਤੀ ਨੂੰ ਮਿਲਦੀ ਕਿਸੇ ਵੀ ਪਿੰਡ ਜਾਂ ਸ਼ਹਿਰ ਦੀ ਕੋਈ ਵੀ ਅਜਿਹੀ ਸੜਕ ਨਹੀਂ ਜਿੱਥੇ ਸੰਗਤਾਂ ਵੱਲੋਂ ਆਉਣ-ਜਾਣ ਵਾਲੀ ਸੰਗਤ ਦੀ ਸਹੂਲਤ ਲਈ ਲੰਗਰ ਨਾ ਲਗਾਏ ਗਏ ਹੋਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਗਰਾਂ ਵਾਲੀ ਥਾਂ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੰਗਤਾਂ ਨੇ ਥਾਂ-ਪੁਰ-ਥਾਂ ਲੰਗਰ ਲਗਾਏ ਗਏ ਸਨ। ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਯਾਦ ਵਿਚ ਸ਼ਹੀਦੀ ਜੋੜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਜਾਏ ਵਿਸ਼ਾਲ ਨਗਰ ਕੀਰਤਨ ਮਗਰੋਂ ਸ਼ਹੀਦੀ ਜੋੜ ਮੇਲ ਸਮਾਪਤ ਹੋ ਗਿਆ।
ਨਗਰ ਕੀਰਤਨ ਦੀ ਅਰੰਭਤਾ ਮੌਕੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਜਪੁਜੀ ਸਾਹਿਬ ਦੇ ਪਾਠ ਮਗਰੋਂ ਅਰਦਾਸ ਕੀਤੀ ਤੇ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਨਗਰ ਕੀਰਤਨ ਵਿਚ ਸੇਵਾ ਸੁਸਾਇਟੀਆਂ ਤੇ ਵੱਖ-ਵੱਖ ਸਕੂਲ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਵੱਖ-ਵੱਖ ਗੱਤਕਾ ਪਾਰਟੀਆਂ ਨੇ ਜੌਹਰ ਦਿਖਾਏ।
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਪਰੰਪਰਾਵਾਂ ਉਪਰ ਹਮਲਿਆਂ ਨੂੂੰ ਰੋਕਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਗੁਰੂ ਨਾਨਕ ਦੇਵ ਵੱਲੋਂ ਬਖਸ਼ੇ ਸ਼ਬਦ ਗੁਰਬਾਣੀ ਦੇ ਸਿਧਾਂਤ ਨਾਲ ਜੁੜੇ।