ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦਾ ਦੇਹਾਂਤ

ਲੁਧਿਆਣਾ: ਭਾਰਤੀ ਸੰਗੀਤ ਤੇ ਗੁਰਮਤਿ ਸੰਗੀਤ ਦੇ ਮਹਾਨ ਵਿਦਵਾਨ ਪਦਮਸ੍ਰੀ ਪ੍ਰੋ. ਕਰਤਾਰ ਸਿੰਘ ਦਾ ਲੁਧਿਆਣਾ ਦੇ ਡੀ.ਐਮ.ਸੀ. ਹੀਰੋ ਹਾਰਟ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਦੱਸਣਯੋਗ ਹੈ ਕਿ ਪ੍ਰ੍ਰੋ. ਕਰਤਾਰ ਸਿੰਘ ਹਸਪਤਾਲ ਵਿਚ ਜੇਰੇ ਇਲਾਜ ਹੋਣ ਕਰਕੇ ਭਾਰਤ ਦੇ ਰਾਸ਼ਟਰਪਤੀ ਤੋਂ ਪਦਮਸ੍ਰੀ ਪੁਰਸਕਾਰ ਵੀ ਪ੍ਰਾਪਤ ਨਹੀਂ ਕਰ ਸਕੇ ਸਨ। ਉਨ੍ਹਾਂ ਨੂੰ 20 ਦਸੰਬਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਹੀਰੋ ਹਾਰਟ ਹਸਪਤਾਲ ਵਿਖੇ ਰਾਸ਼ਟਰਪਤੀ ਵੱਲੋਂ ਪਦਮਸ੍ਰੀ ਪੁਰਸਕਾਰ ਭੇਂਟ ਕਰਕੇ ਆਏ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਤਾਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਕਰਤਾਰ ਸਿੰਘ ਨੇ ਪੁਰਾਤਨ ਕੀਰਤਨ ਸ਼ੈਲੀ ਵਿਚ ਹਜ਼ਾਰਾਂ ਰਾਗੀ ਜਥਿਆਂ ਨੂੰ ਕੀਰਤਨ ਦੀ ਸਿਖਲਾਈ ਦੇਣ ਵਿਚ ਵੱਡੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਪ੍ਰੋ. ਕਰਤਾਰ ਸਿੰਘ ਦਾ ਸੰਸਾਰ ਤੋਂ ਚਲੇ ਜਾਣਾ ਪੰਥ ਤੇ ਉਨ੍ਹਾਂ ਦੇ ਪਰਿਵਾਰ ਲਈ ਵੱਡਾ ਘਾਟਾ ਹੈ।