ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਜਿਸ ਵਿਚ ਸ੍ਰੀ ਮੋਦੀ ਨੇ ਆਪਣੀ ਜਾਨ ਨੂੰ ਖਤਰਾ ਹੋਣ ਦਾ ਮਿਹਣਾ ਮਾਰਿਆ ਸੀ। ਮੋਰਚੇ ਦੇ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਫਿਰੋਜ਼ਪੁਰ ਰੈਲੀ ਦੀ ਅਸਫਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ ”ਕਿਸੇ ਤਰ੍ਹਾਂ ਆਪਣੀ ਜਾਨ ਬਚਾਈ” ਦਾ ਬਹਾਨਾ ਲਾ ਕੇ, ਪੰਜਾਬ ਤੇ ਕਿਸਾਨ ਅੰਦੋਲਨ ਦੋਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਾਰਾ ਦੇਸ ਜਾਣਦਾ ਹੈ ਕਿ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਵਰਗਿਆਂ ਤੋਂ ਜਾਨ ਦਾ ਖਤਰਾ ਹੈ, ਜੋ ਲਖੀਮਪੁਰ ਖੀਰੀ ਹਿੰਸਾ ‘ਚ ਕਥਿਤ ਸ਼ਮੂਲੀਅਤ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਿਹਾ ਹੈ। ਮੋਰਚੇ ਨੇ ਕਿਹਾ ਕਿ ਉਹ ਦੇਸ ਦੇ ਪ੍ਰਧਾਨ ਮੰਤਰੀ ਤੋਂ ਉਮੀਦ ਕਰਦੇ ਹਨ ਕਿ ਉਹ ਆਪਣੇ ਅਹੁਦੇ ਦੀ ਮਾਣ-ਮਰਿਆਦਾ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਾ ਦੇਣ।
ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਵੱਲੋਂ ਜਾਰੀ ਬਿਆਨ ਮੁਤਾਬਕ ਮੌਕੇ ਦੀ ਵੀਡੀਓ ਤੋਂ ਸਾਫ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਦੇ ਕਾਫਲੇ ਵੱਲ ਜਾਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਲਿਹਾਜ਼ਾ ਪ੍ਰਧਾਨ ਮੰਤਰੀ ਦੀ ਜਾਨ ਨੂੰ ਖਤਰਾ ਪੂਰੀ ਤਰ੍ਹਾਂ ਮਨਘੜਤ ਜਾਪਦਾ ਹੈ। ਮੋਰਚੇ ਨੇ ਸਾਫ ਕੀਤਾ ਕਿ ਉਨ੍ਹਾਂ ਦਾ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਰੋਕਣ ਜਾਂ ਉਨ੍ਹਾਂ ਦੇ ਪ੍ਰੋਗਰਾਮ ਵਿਚ ਰੁਕਾਵਟ ਪਾਉਣ ਦਾ ਕੋਈ ਪ੍ਰੋਗਰਾਮ ਨਹੀਂ ਸੀ। ਆਗੂਆਂ ਨੇ ਕਿਹਾ ਕਿ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 5 ਜਨਵਰੀ ਨੂੰ ਪੰਜਾਬ ਦੇ ਹਰ ਜਿਲ੍ਹਾ ਅਤੇ ਤਹਿਸੀਲ ਹੈੱਡਕੁਆਰਟਰ ‘ਤੇ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਗਏ। ਪੁਲਿਸ ਪ੍ਰਸ਼ਾਸਨ ਵੱਲੋਂ ਜਦੋਂ ਕੁਝ ਕਿਸਾਨਾਂ ਨੂੰ ਜਿਲ੍ਹਾ ਹੈੱਡਕੁਆਰਟਰ ਫਿਰੋਜ਼ਪੁਰ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਕਈ ਥਾਵਾਂ ‘ਤੇ ਸੜਕ ਉਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਚੋਂ ਪਿਆਰੇਆਣਾ ਦਾ ਉਹ ਫਲਾਈਓਵਰ ਵੀ ਸੀ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਆਇਆ, ਰੁਕਿਆ ਅਤੇ ਵਾਪਸ ਚਲਾ ਗਿਆ। ਉਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫਲਾ ਉਥੋਂ ਲੰਘਣ ਵਾਲਾ ਹੈ। ਉਨ੍ਹਾਂ ਨੂੰ ਇਹ ਜਾਣਕਾਰੀ ਪ੍ਰਧਾਨ ਮੰਤਰੀ ਦੀ ਵਾਪਸੀ ਤੋਂ ਬਾਅਦ ਮੀਡੀਆ ਤੋਂ ਮਿਲੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੱਤਾਧਾਰੀ ਭਾਜਪਾ ਜਾਣਬੁਝ ਕੇ ਕਿਸਾਨਾਂ ਨੂੰ ਬਦਨਾਮ ਕਰਕੇ ਵੋਟਾਂ ਵਿਚ ਲਾਹਾ ਲਕੈਣਾ ਚਾਹੁੰਦੀ ਹੈ।
ਰੈਲੀ ਰੱਦ ਹੋਣ ਦੇ ਕਾਰਨਾਂ ਦੀ ਜਾਂਚ ਹੋਵੇ: ਟਿਕੈਤ
ਨੋਇਡਾ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੀ ਗਈ ਜਾਂ ਕਿਸਾਨਾਂ ਦੇ ਗੁੱਸੇ ਨੂੰ ਦੇਖ ਕੇ ਰੱਦ ਕੀਤੀ ਗਈ। ਉਨ੍ਹਾਂ ਕਿਹਾ, “ਇਕ ਪਾਸੇ ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਹ ਰੈਲੀ ਮੋਦੀ ਦੇ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੀ ਜਦਕਿ ਪੰਜਾਬ ਦੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਪ੍ਰਧਾਨ ਮੰਤਰੀ ਇਸ ਲਈ ਵਾਪਸ ਚਲੇ ਗਏ ਕਿਉਂਕਿ ਰੈਲੀ ਦੌਰਾਨ ਸਾਰੀਆਂ ਕੁਰਸੀਆਂ ਖਾਲੀ ਸਨ।
ਰੈਲੀ ਫਲਾਪ ਹੋਣ ਤੋਂ ਘਬਰਾਏ ਮੋਦੀ: ਡੱਲੇਵਾਲ
ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਏਕਤਾ)-ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਬਾਰੇ ਕਿਹਾ ਕਿ ਮੋਦੀ ਦੀ ਫੇਰੀ ਤੋਂ ਬਾਅਦ ਪੈਦਾ ਹੋਇਆ ਵਿਵਾਦ ਬੇਲੋੜਾ ਹੈ। ਪ੍ਰਧਾਨ ਮੰਤਰੀ ਵੱਲੋਂ ਜਾਨ ਬਚਾਅ ਕੇ ਆਉਣ ਵਾਲਾ ਬਿਆਨ ਨਿੰਦਣਯੋਗ ਹੈ। ਪ੍ਰਧਾਨ ਮੰਤਰੀ ਦੇ ਸੜਕ ਸਫਰ ਬਾਰੇ ਪ੍ਰਸ਼ਾਸਨ ਤੇ ਏਜੰਸੀਆਂ ਨੂੰ ਪਤਾ ਨਹੀਂ ਸੀ।