ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਦਿਵਸ ਵਜੋਂ ਮਨਾਉਣ `ਤੇ ਇਤਰਾਜ਼

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ਹਰ ਵਰ੍ਹੇ ‘ਵੀਰ ਬਾਲ ਦਿਵਸ` ਵਜੋਂ ਮਨਾਉਣ ਦੇ ਐਲਾਨ ਨਾਲ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖਾਂ ਵਲੋਂ ਅਸਹਿਮਤੀ ਪ੍ਰਗਟਾਈ ਗਈ ਹੈ।
ਪ੍ਰਧਾਨ ਮੰਤਰੀ ਦੇ ਇਸ ਐਲਾਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਨਾਲ ਮੇਲ ਨਹੀਂ ਖਾਂਦਾ।

ਸਿੱਖ ਇਤਿਹਾਸ, ਸਿਧਾਂਤਾਂ ਅਤੇ ਪਰੰਪਰਾਵਾਂ ਦੇ ਮੱਦੇਨਜ਼ਰ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ। ਉਂਜ ਵੀ ਸਿੱਖ ਇਤਿਹਾਸ ਵਿਚ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਅਗਵਾਈ ਦੇਣ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਸਬੰਧਤ ਕਿਸੇ ਵੀ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਲਈ ਪੰਥਕ ਸ਼ਬਦਾਵਲੀ ‘ਬਾਬਾ` ਹੈ ਅਤੇ ਇਸ ਨਾਲ ਛੇੜਛਾੜ ਕਰਨ ਦਾ ਕਿਸੇ ਗੈਰ-ਸਿੱਖ ਨੂੰ ਅਧਿਕਾਰ ਨਹੀਂ ਹੈ। ਉਨ੍ਹਾਂ ਲਿਖਿਆ ਕਿ ਜੇਕਰ ਮੋਦੀ ਸਰਕਾਰ ਨੇ ਬੱਚਿਆਂ ਦੀ ਪ੍ਰੇਰਨਾ ਲਈ ਇਸ ਦਿਨ ਦਾ ਪ੍ਰਚਾਰ ਕਰਨਾ ਹੈ ਤਾਂ ਸਕੂਲ ਦੀਆਂ ਕਿਤਾਬਾਂ ਵਿਚ ਇਸ ਨੂੰ ਸ਼ਾਮਲ ਕਰ ਲਿਆ ਜਾਵੇ ਜਿਸ `ਤੇ ਸਿੱਖ ਮਾਣ ਮਹਿਸੂਸ ਕਰਨਗੇ।
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਦਾ ਕੋਈ ਹੱਕ ਨਹੀਂ। ਪ੍ਰਧਾਨ ਮੰਤਰੀ ਦਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਆਪ ਮੁਹਾਰੇ ਫੈਸਲਾ ਗਲਤ ਰੁਝਾਨ ਨੂੰ ਸ਼ੁਰੂ ਕਰੇਗਾ। ਇਸ ਲਈ ਇਸ ਫੈਸਲੇ ਨੂੰ ਤੁਰਤ ਅਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ।
ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ
ਨਵੀਂ ਦਿੱਲੀ: ‘ਵੀਰ ਬਾਲ ਦਿਵਸ` ਦੇ ਐਲਾਨ ਦਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਜ਼ੋਰਦਾਰ ਸਵਾਗਤ ਕੀਤਾ ਹੈ ਤੇ ਇਸ ਐਲਾਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ। ਟਵਿੱਟਰ `ਤੇ ਜਾਣਕਾਰੀ ਦਿੰਦਿਆਂ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸੰਕਲਪ ਲਿਆ ਹੈ ਕਿ ਦੇਸ `ਚ ਹਰ ਸਾਲ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ` ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ ਵਿਦੇਸ਼ ਤੋਂ ਸਿੱਖ ਭਾਈਚਾਰੇ ਦੇ ਨਾਲ ਨਾਲ ਮਨੁੱਖਤਾ ਪ੍ਰਤੀ ਸਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਵੱਲੋਂ ਕਾਫੀ ਦੇਰ ਤੋਂ ਇਹ ਮੰਗ ਕੀਤੀ ਜਾ ਰਹੀ ਸੀ।
ਦਮਦਮੀ ਟਕਸਾਲ ਵੱਲੋਂ ਕੇਂਦਰ ਦੇ ਫੈਸਲੇ ਦੀ ਸ਼ਲਾਘਾ
ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਹਰਨਾਮ ਸਿੰਘ ਖਾਲਸਾ ਨੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦੇ ਇਸ ਐਲਾਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਹਿੰਮਤ ਤੇ ਹੌਸਲੇ ਨੂੰ ਢੁਕਵੀਂ ਸ਼ਰਧਾਂਜਲੀ ਵਜੋਂ ਦੇਸ਼ ਭਰ ਵਿਚ 26 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਦਿਆਂ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ ਹੈ।