ਸਿੱਖਾਂ ਖਿਲਾਫ ਭੰਡੀ ਪ੍ਰਚਾਰ ਕਰਨ ਵਾਲਿਆਂ ਨੂੰ ਤਾੜਨਾ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਮੌਕੇ ਸੁਰੱਖਿਆ ਪ੍ਰਬੰਧਾਂ ਵਿਚ ਹੋਈ ਕੋਤਾਹੀ ਦੇ ਮਾਮਲੇ ਵਿਚ ਸਿੱਖਾਂ ਖਿਲਾਫ ਭੰਡੀ ਪ੍ਰਚਾਰ ਕੀਤੇ ਜਾਣ ‘ਤੇ ਸਖਤ ਇਤਰਾਜ਼ ਪ੍ਰਗਟਾਉਂਦਿਆਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਮਾਮਲਾ ਕੇਂਦਰ ਤੇ ਸੂਬਾ ਸਰਕਾਰਾਂ ਦੇ ਅਧਿਕਾਰੀਆਂ ‘ਚ ਆਪਸੀ ਤਾਲਮੇਲ ਦੀ ਕਮੀ ਦਾ ਸਿੱਟਾ ਹੈ, ਪਰ ਇਸ ਵਿਚ ਜਾਣਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ ਹੈ। ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਨਫਰਤ ਭਰੀਆਂ ਟਿੱਪਣੀਆਂ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਿਸੇ ਕੌਮ ਜਾਂ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਨਫਰਤ ਫੈਲਾਉਣ ਤੇ ਅਪਸ਼ਬਦ ਬੋਲਣਾ ਵੀ ‘ਅਤਿਵਾਦ‘ ਹੈ। ਉਨ੍ਹਾਂ ਕਿਹਾ ਕਿ ਕਈ ਜ਼ਿੰਮੇਵਾਰ ਸ਼ਖਸੀਅਤਾਂ ਵੀ ਇਸ ਵਿਚ ਸ਼ਾਮਲ ਹੋ ਗਈਆਂ ਹਨ ਤੇ ਸਿੱਖਾਂ ਨੂੰ ਨਵੰਬਰ 1984 ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ‘ਹੇਟ ਟੈਰਰਿਜ਼ਮ‘ (ਨਫਰਤੀ ਅਤਿਵਾਦ) ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਫਰਤੀ ਅਪਰਾਧ ਕਰਨ ਵਾਲਿਆਂ ਖਿਲਾਫ ਦੇਸ਼ਧ੍ਰੋਹ ਦਾ ਕੇਸ ਦਰਜ ਕਰੇ। ਉਨ੍ਹਾਂ ਮੁੜ ਕਿਹਾ ਕਿ ਇਸ ਘਟਨਾਕ੍ਰਮ ਨਾਲ ਸਿੱਖ ਕੌਮ ਦਾ ਕੋਈ ਸਬੰਧ ਨਹੀਂ ਹੈ। ਇਹ ਭਾਜਪਾ ਅਤੇ ਕਾਂਗਰਸ ਦੋਵੇਂ ਸਰਕਾਰਾਂ ਦਾ ਆਪਸੀ ਮਾਮਲਾ ਹੈ। ਇਸ ਵਿਚ ਸਿੱਖਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸ੍ਰੀ ਅਕਾਲ ਤਖਤ ਦੇ ਜਥੇਦਾਰ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਸਿੱਖਾਂ ਨੂੰ ਸੋਸ਼ਲ ਮੀਡੀਆ ‘ਤੇ ਨਫਰਤੀ ਟਿੱਪਣੀਆਂ ਰਾਹੀਂ ਨਿਸ਼ਾਨਾ ਬਣਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਵੀ ਪੱਤਰ ਭੇਜਿਆ ਜਾਵੇਗਾ। ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਹੋ ਸਕਦੀ ਹੈ ਪਰ ਇਸ ਮਾਮਲੇ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਉਚਿਤ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਕੁਝ ਆਗੂਆਂ ਵੱਲੋਂ ਸਿੱਖਾਂ ਨੂੰ 1984 ਤੋਂ ਵੀ ਭਿਆਨਕ ਨਤੀਜਿਆਂ ਦੀ ਗੱਲ ਆਖੀ ਜਾ ਰਹੀ ਹੈ, ਅਜਿਹਾ ਕਹਿ ਕੇ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਉੱਚ ਆਗੂਆਂ ਦੀ ਸੁਰੱਖਿਆ ਲਈ ਸਬੰਧਤ ਏਜੰਸੀਆਂ ਤੇ ਸੁਰੱਖਿਆ ਬਲ ਜ਼ਿੰਮੇਵਾਰ ਹੁੰਦੇ ਹਨ ਅਤੇ ਇਹ ਮਾਮਲਾ ਕੇਵਲ ਸਰਕਾਰਾਂ ਤੱਕ ਹੀ ਰਹਿਣਾ ਚਾਹੀਦਾ ਹੈ। ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਜਿਹੜੇ ਲੋਕ ਇਸ ਮਾਮਲੇ ਨਾਲ ਜੋੜ ਕੇ ਸਿੱਖ ਕੌਮ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਨਫਰਤ ਫੈਲਾ ਰਹੇ ਹਨ, ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਵਰਤਾਰੇ ਖਿਲਾਫ ਸਖਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।