ਨਸ਼ਾ ਤਸਕਰੀ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਮੁਹਾਲੀ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਉੱਚ ਅਦਾਲਤ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹੁਕਮਰਾਨ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਜਾਂਚ ਵਿਚ ਸ਼ਾਮਲ ਹੋਣ ਲਈ ਵੀ ਕਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਇਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕਰਾਈਮ ਥਾਣੇ ਵਿਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿਚ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਪ੍ਰਗਟਾਉਂਦਿਆਂ ਅਕਾਲੀ ਆਗੂ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ ਪਰ ਹੁਣ ਤੱਕ ਮਜੀਠੀਆ ਪੁਲਿਸ ਦੇ ਹੱਥ ਨਹੀਂ ਸੀ ਲੱਗੇ। ਗ੍ਰਿਫਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਉਸ ਮਗਰੋਂ ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।
ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿਚ ਕੋਈ ਸ਼ਿਕਾਇਤਕਰਤਾ ਨਹੀਂ ਹੈ। ਨਸ਼ਾ ਤਸਕਰੀ ਮਾਮਲੇ ਵਿਚ ਪੁਲਿਸ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਜੋ ਵੱਖ-ਵੱਖ ਜੇਲ੍ਹਾਂ ਵਿਚ ਸਜਾ ਭੁਗਤ ਰਹੇ ਹਨ। ਅਕਾਲੀ ਆਗੂ ਦਾ ਕਹਿਣਾ ਸੀ ਕਿ ਹੁਣ ਵਿਧਾਨ ਸਭਾ ਚੋਣਾਂ ਐਨ ਨੇੜੇ ਆਉਣ ਕਾਰਨ ਅਤੇ ਸੱਤਾਧਾਰੀ ਧਿਰ ਚੋਣਾਂ ਵਿਚ ਸਿਆਸੀ ਲਾਹਾ ਲੈਣ ਦੀ ਮਨਸ਼ਾ ਨਾਲ ਉਨ੍ਹਾਂ ਨੂੰ ਡੂੰਘੀ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿਚ ਉਲਝਾ ਕੇ ਰੱਖਣਾ ਚਾਹੁੰਦੀ ਹੈ।