ਪ੍ਰੋ. ਭੁੱਲਰ ਦੀ ਰਿਹਾਈ `ਚ ਅੜਿੱਕਾ ਪਾਉਣ `ਤੇ ਕੇਜਰੀਵਾਲ ਦੇ ਵਿਰੋਧ ਦਾ ਐਲਾਨ

ਅੰਮ੍ਰਿਤਸਰ: ਸਿੱਖ ਨੌਜਵਾਨ ਜਥੇਬੰਦੀਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਐਲਾਨ ਕੀਤਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਨ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਵਿਰੋਧ ਕੀਤਾ ਜਾਵੇਗਾ।

ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਸਹਿਮਤੀ ਨਹੀਂ ਦਿੱਤੀ ਹੈ ਅਤੇ ਇਸ ਸਬੰਧੀ ਫਾਈਲ `ਤੇ ਮੁੱਖ ਮੰਤਰੀ ਵੱਲੋਂ ਦਸਤਖਤ ਨਹੀਂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਦਸੰਬਰ 2020 ਵਿਚ ਦਿੱਲੀ ਦੀ ਕੇਜਰੀਵਾਲ ਸਰਕਾਰ ਇਸ ਮਾਮਲੇ ਨੂੰ ਇਤਰਾਜ਼ਯੋਗ ਦੱਸ ਕੇ ਫਾਈਲ ਨੂੰ ਰੱਦ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜਿਸ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਸ਼ਾਮਲ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਇਕ ਪਾਸੇ ਪੰਜਾਬ ਵਿਚ ਵੱਡੇ ਵੱਡੇ ਐਲਾਨ ਕਰ ਰਿਹਾ ਹੈ ਪਰ ਦੂਜੇ ਪਾਸੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਦਾ ਵਿਰੋਧ ਕਰ ਰਿਹਾ ਹੈ।
ਇਸ ਦੌਰਾਨ ਸਿੱਖ ਯੂਥ ਪਾਵਰ ਆਫ ਪੰਜਾਬ ਦੀ ਪੰਜ ਮੈਂਬਰੀ ਕਮੇਟੀ ਦੇ ਮੁਖੀ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦੇ ਮਤੇ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਜਥੇਬੰਦੀ ਵੱਲੋਂ ‘ਆਪ` ਦਾ ਪੰਜਾਬ ਭਰ ਵਿਚ ਵਿਰੋਧ ਕੀਤਾ ਜਾਵੇਗਾ।