ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ: ਸੂੁਬਾ ਸਰਕਾਰ ਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਬੇਨਤੀ ਨੂੰ ਸਵੀਕਾਰ ਕਰਦਿਆਂ ਚੋਣ ਕਮਿਸ਼ਨ ਨੇ ਪੰਜਾਬ ਅਸੈਂਬਲੀ ਲਈ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਹੁਣ 20 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ।

ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਪੰਜਾਬ ਅਸੈਂਬਲੀ ਲਈ ਇਕਹਿਰੇ ਗੇੜ ਤਹਿਤ ਹੁਣ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਕਾਬਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਤੇ ਇਸ ਦੀਆਂ ਭਾਈਵਾਲ ਪਾਰਟੀਆਂ, ਬਸਪਾ ਤੇ ਹੋਰਨਾਂ ਜਥੇਬੰਦੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਕਰਕੇ ਉਨ੍ਹਾਂ ਦੇ ਲੱਖਾਂ ਸ਼ਰਧਾਲੂਆਂ ਨੇ ਉੱਤਰ ਪ੍ਰਦੇਸ਼ ਦੇ ਵਾਰਾਨਸੀ ਦੀ ਯਾਤਰਾ ਕਰਨੀ ਹੈ, ਲਿਹਾਜ਼ਾ 14 ਫਰਵਰੀ ਲਈ ਤਜਵੀਜਤ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁਲਤਵੀ ਕਰਕੇ ਕੋਈ ਹੋਰ ਤਰੀਕ ਨਿਰਧਾਰਿਤ ਕੀਤੀ ਜਾਵੇ।
ਚੋਣ ਕਮਿਸ਼ਨ ਨੇ ਕਿਹਾ ਕਿ ਪਿਛਲੇ ਹਫਤੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਬਾਅਦ ਉਸ ਨੂੰ ਰਾਜ ਸਰਕਾਰ, ਰਾਜਨੀਤਕ ਪਾਰਟੀਆਂ ਅਤੇ ਹੋਰ ਸੰਗਠਨਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੈਅੰਤੀ, ਜੋ ਕਿ 16 ਫਰਵਰੀ ਨੂੰ ਮਨਾਈ ਜਾ ਰਹੀ ਹੈ, ਸਬੰਧੀ ਕਈ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਅਪੀਲਕਰਤਾਵਾਂ ਦਾ ਦਾਅਵਾ ਸੀ ਕਿ ਵੱਡੀ ਗਿਣਤੀ ਸ਼ਰਧਾਲੂ ਜੈਅੰਤੀ ਤੋਂ ਲਗਭਗ ਹਫ਼ਤਾ ਪਹਿਲਾਂ ਵਾਰਾਣਸੀ ਜਾਣਾ ਸ਼ੁਰੂ ਕਰ ਦਿੰਦੇ ਹਨ ਤੇ 14 ਫਰਵਰੀ ਨੂੰ ਮਤਦਾਨ ਦਾ ਦਿਨ ਰੱਖਣ ਨਾਲ ਵੱਡੀ ਗਿਣਤੀ ਵੋਟਰ ਆਪਣੇ ਜਮਹੂਰੀ ਹੱਕ ਤੋਂ ਖੁੰਝ ਸਕਦੇ ਹਨ। ਉਨ੍ਹਾਂ ਨੇ 16 ਫਰਵਰੀ ਤੋਂ ਕੁਝ ਦਿਨ ਬਾਅਦ ਵੋਟਾਂ ਦੀ ਮਿਤੀ ਬਦਲਣ ਦੀ ਬੇਨਤੀ ਕੀਤੀ। ਕਮਿਸ਼ਨ ਨੇ ਇਸ ਸਬੰਧੀ ਰਾਜ ਸਰਕਾਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਤੋਂ ਵੀ ਜਾਣਕਾਰੀ ਲਈ। ਰਾਜ ਸਰਕਾਰ ਅਤੇ ਮੁੱਖ ਚੋਣ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ, ਇਸ ਮਾਮਲੇ ਵਿਚ ਸਾਰੇ ਤੱਥਾਂ ਅਤੇ ਹਾਲਾਤ ਨੂੰ ਵਿਚਾਰਨ ਤੋਂ ਬਾਅਦ ਚੋਣ ਕਮਿਸ਼ਨ ਨੇ ਰਾਜ ਵਿੱਚ ਵਿਧਾਨ ਸਭਾ ਚੋਣਾਂ ਨੂੰ ਮੁੜ ਤੈਅ ਕਰਨ ਦਾ ਫੈਸਲਾ ਕੀਤਾ। ਨਵੀਂ ਚੋਣ ਤਰੀਕੇ ਦੇ ਐਲਾਨ ਨਾਲ ਪੰਜਾਬ ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਕਰਨ ਤੇ ਤਿਆਰੀਆਂ ਲਈ ਹੋਰ ਵੱਧ ਸਮਾਂ ਮਿਲੇਗਾ। ਮੁੱਖ ਮੰਤਰੀ ਚੰਨੀ ਨੇ 13 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਪੰਜਾਬ ਵਿਧਾਨ ਸਭਾ ਲਈ 20 ਲੱਖ ਅਨੁਸੂਚਿਤ ਜਾਤੀ ਦੇ ਸ਼ਰਧਾਲੂਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਬਣਾਉਣ ਲਈ ਵੋਟਾਂ ਪਾਉਣ ਦੀ ਤਰੀਕ ਛੇ ਦਿਨਾਂ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ।