ਪੰਜਾਬ ਕਾਂਗਰਸ `ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਛਿੜਿਆ ਘਮਸਾਣ

ਚੰਡੀਗੜ੍ਹ: ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਪਰ ਪੰਜਾਬ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਅਜੇ ਮੁੱਕਣ ਦਾ ਨਾਮ ਨਹੀਂ ਲੈ ਰਿਹਾ। ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪਾਰਟੀ ‘ਚ ਵਿਵਾਦ ਛਿੜਨ ਲੱਗਿਆ ਹੈ। ਕਾਂਗਰਸ ਪਾਰਟੀ ਐਤਕੀਂ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇਕਮੱਤ ਨਹੀਂ ਦਿਸ ਰਹੀ ਹੈ। ਨਵਜੋਤ ਸਿੱਧੂ ਇਸ ਹੱਕ ਵਿਚ ਹਨ ਕਿ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਚੋਣ ਮੈਦਾਨ ਵਿਚ ਉਤਰਿਆ ਜਾਵੇ ਜਦੋਂ ਕਿ ਕਾਂਗਰਸ ਹਾਈਕਮਾਨ ਪੰਜਾਬ ਚੋਣਾਂ ਮੌਕੇ ਕੋਈ ਸਿਆਸੀ ਖਿਲਾਰਾ ਪਾਉਣ ਤੋਂ ਡਰ ਰਹੀ ਹੈ।

ਇਸ ਵਾਰ ਕਾਂਗਰਸ ਮੁੱਖ ਮੰਤਰੀ ਉਮੀਦਵਾਰ ਚਿਹਰਾ ਐਲਾਨਣ ਤੋਂ ਝਿਜਕ ਰਹੀ ਹੈ ਪਰ ਨਵਜੋਤ ਸਿੱਧੂ ਲਗਾਤਾਰ ਚਿਹਰਾ ਐਲਾਨਣ ਉੱਤੇ ਜ਼ੋਰ ਦੇ ਰਹੇ ਹਨ। ਉਧਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ ਨਾਲ ਪਾਰਟੀ ਨੂੰ ਚੋਣਾਂ ਵਿਚ ਫਾਇਦਾ ਹੋ ਸਕਦਾ ਹੈ। ਚੰਨੀ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਵਿਰੋਧੀ ਦਲਾਂ ਨੇ ਕਾਂਗਰਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਸ ਕੋਲ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਉਮੀਦਵਾਰ ਹਨ ਜਿਨ੍ਹਾਂ ਵਿਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਆਗੂ ਸੁਨੀਲ ਜਾਖੜ ਵੀ ਸ਼ਾਮਲ ਹਨ।
ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮਨੀਸ਼ ਤਿਵਾੜੀ ਨੇ ਟਵੀਟ ਕਰਕੇ ਅਸਿੱਧੇ ਤਰੀਕੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ‘ਤੇ ਲਿਆ ਹੈ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਰਿਪੋਰਟਾਂ ਨੂੰ ਲੈ ਕੇ ਟਿੱਪਣੀ ਕੀਤੀ ਹੈ ਜਿਨ੍ਹਾਂ ਮੁਤਾਬਕ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖੁਦ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਦੀ ਜੋਰ ਅਜ਼ਮਾਇਸ਼ ਵਿਚ ਲੱਗੇ ਹੋਏ ਹਨ। ਤਿਵਾੜੀ ਨੇ ਇਕ ਟਵੀਟ ਵਿਚ ਕਿਹਾ ਕਿ ‘ਪੰਜਾਬ ਨੂੰ ਗੰਭੀਰ ਲੋਕਾਂ ਦੀ ਜਰੂਰਤ ਹੈ।‘ ਇਕ ਤਰੀਕੇ ਨਾਲ ਤਿਵਾੜੀ ਨੇ ਚੰਨੀ ਅਤੇ ਸਿੱਧੂ ਨੂੰ ਗੈਰ-ਗੰਭੀਰ ਵਿਅਕਤੀ ਕਰਾਰ ਦੇ ਦਿੱਤਾ ਹੈ।
ਕਿਸੇ ਅਹੁਦੇ ਲਈ ਚੋਣ ਨਹੀਂ ਲੜ ਰਿਹਾ: ਨਵਜੋਤ ਸਿੱਧੂ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਉੱਠੇ ਵਿਵਾਦ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਕਿਸੇ ਅਹੁਦੇ ਲਈ ਚੋਣ ਨਹੀਂ ਲੜ ਰਹੇ, ਸਗੋਂ ਉਨ੍ਹਾਂ ਦੀ ਲੜਾਈ ਤਾਂ ਨਿਜ਼ਾਮ ਬਦਲਣ ਦੀ ਹੈ। ਉਨ੍ਹਾਂ ਟਵੀਟ ਕਰਕੇ ਇਕ ਤਰੀਕੇ ਨਾਲ ਆਪਣੀ ਹੀ ਸਰਕਾਰ ‘ਤੇ ਉਂਗਲ ਚੁੱਕੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ ਨਹੀਂ ਦੇ ਸਕਿਆ ਤੇ ਨਸ਼ਾ ਤਸਕਰੀ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਸਜਾਵਾਂ ਨਹੀਂ ਦੇ ਸਕਿਆ, ਉਸ ਨੂੰ ਖਤਮ ਕਰਨ ਦੀ ਜ਼ਰੂਰਤ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਫਿਰ ਨਵਜੋਤ ਸਿੰਘ ਸਿੱਧੂ।
ਮੁੱਖ ਮੰਤਰੀ ਦਾ ਚਿਹਰਾ ਪਹਿਲਾਂ ਨਹੀਂ ਐਲਾਨਾਂਗੇ: ਭਾਜਪਾ
ਜਲੰਧਰ: ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਵੇਗਾ, ਕਿਉਂਕਿ ਪਾਰਟੀ ਦੀ ਪਰੰਪਰਾ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਨਹੀਂ ਲੜੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ ਵਿਚ ਜਦੋਂ 25 ਸਾਲਾਂ ਬਾਅਦ ਭਾਜਪਾ ਸੱਤਾ ਵਿਚ ਆਈ ਤਾਂ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਹੋਣਗੇ। ਇਸੇ ਤਰ੍ਹਾਂ ਪੰਜਾਬ ਵਿਚ ਵੀ ਪਾਰਟੀ ਦੇ ਵਿਧਾਇਕ ਹੀ ਆਪਣਾ ਆਗੂ ਚੁਣਨਗੇ ਤੇ ਉਸੇ ‘ਤੇ ਹਾਈਕਮਾਨ ਮੋਹਰ ਲਾਏਗੀ।