ਸ਼ਹੀਦ ਬਾਬਾ ਦੀਪ ਸਿੰਘ ਜੀ

ਡਾ. ਚਰਨਜੀਤ ਸਿੰਘ ਗੁਮਟਾਲਾ
ਫੋਨ: 91-94175-33060
ਬਾਬਾ ਦੀਪ ਸਿੰਘ ਦਾ ਜਨਮ 14 ਮਾਘ ਸੰਮਤ 1739 ਬਿਕਰਮੀ ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ ਵਿਚ ਮਾਤਾ ਜਿਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਉਨ੍ਹਾਂ ਦਾ ਬਚਪਨ ਦਾ ਨਾਂ ਦੀਪਾ ਸੀ। ਛੋਟੇ ਹੁੰਦਿਆਂ ਹੀ ਉਨ੍ਹਾਂ ਨੇ ਗੁਰਮੁਖੀ ਪੜ੍ਹੀ ਤੇ ਗੁਰਬਾਣੀ ਦਾ ਪਾਠ ਕਰਨਾ ਸਿੱਖਿਆ। ਵਾਹੀ ਵੀ ਕੀਤੀ, ਨੇਜ਼ਾ ਸੁੱਟਣ ਅਤੇ ਘੋੜ ਸਵਾਰੀ ਵੀ ਕੀਤੀ। ਸਰੀਰਕ ਤੌਰ `ਤੇ ਉਹ ਰਿਸ਼ਟ-ਪੁਸ਼ਟ, ਚੰਗੇ ਕੱਦ ਕਾਠ ਵਾਲੇ ਅਤੇ ਪ੍ਰਭਾਵਸ਼ਾਲੀ ਸ਼ਖ਼ਸੀਅਤ ਦੇ ਮਾਲਕ ਸਨ।

ਜਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜਿਆ ਤਾਂ ਇਸ ਦੀ ਚਰਚਾ ਪਿੰਡ-ਪਿੰਡ ਹੋਣ ਲੱਗੀ। ਜਦ ਬਾਬਾ ਦੀਪ ਸਿੰਘ ਨੇ ਇਸ ਬਾਰੇ ਸੁਣਿਆ ਤਾਂ ਉਹ ਵੀ ਮਾਤਾ-ਪਿਤਾ ਨੂੰ ਨਾਲ ਲੈ ਕੇ ਅਨੰਦਪੁਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਵਿਚ ਜਾ ਨਿਵਾਜੇ। ਉਨ੍ਹਾਂ ਨੇ ਵੀ ਗੁਰੂ ਜੀ ਪਾਸੋਂ ਅੰਮ੍ਰਿਤ ਪਾਨ ਕੀਤਾ। ਉਸ ਸਮੇਂ ਉਨ੍ਹਾਂ ਦੀ ਉਮਰ 18 ਸਾਲ ਸੀ। ਗੁਰੂ ਜੀ ਨੇ ਉਨ੍ਹਾਂ ਨੂੰ ਕੁਝ ਸਮਾਂ ਅਨੰਦਪੁਰ ਸਾਹਿਬ ਰਹਿਣ ਲਈ ਕਿਹਾ। ਉੱਥੇ ਰਹਿ ਕੇ ਉਹ ਲੰਗਰ ਦੀ ਸੇਵਾ ਦੇ ਨਾਲ-ਨਾਲ ਛੋਟੇ ਬੱਚਿਆਂ ਨੂੰ ਗੁਰਬਾਣੀ ਪੜ੍ਹਾਉਣ ਤੇ ਅਰਥ ਸਮਝਾਉਣ ਦੀ ਸੇਵਾ ਕਰਦੇ ਰਹੇ। ਸਤਿਗੁਰੂ ਜੀ ਨੇ ਉਨ੍ਹਾਂ ਨੂੰ ਗੁਰਮੁਖੀ, ਅਰਬੀ ਤੇ ਫਾਰਸੀ ਭਾਸ਼ਾ ਦੀ ਪੜ੍ਹਾਈ ਕਰਾ ਕੇ ਸੁਘੜ ਵਿਦਵਾਨ ਬਣਾ ਦਿੱਤਾ।
ਅਨੰਦਪੁਰ ਵਿਖੇ ਰਹਿੰਦੇ ਹੋਏ ਉਨ੍ਹਾਂ ਨੇ ਭਾਈ ਮਨੀ ਸਿੰਘ ਪਾਸੋਂ ਗੁਰਬਾਣੀ ਦਾ ਗਿਆਨ ਪ੍ਰਾਪਤ ਕੀਤਾ ਤੇ ਨਾਲ ਹੀ ਸ਼ਸਤਰ ਯੁੱਧ ਵਿਚ ਜੂਝਣ ਦੀ ਸਿੱਖਿਆ ਵੀ ਗ੍ਰਹਿਣ ਕੀਤੀ। ਇਸ ਤਰ੍ਹਾਂ 20-22 ਸਾਲ ਦੀ ਉਮਰ ਵਿਚ ਉਹ ਸੂਝਵਾਨ ਵਿਦਵਾਨ ਤੇ ਸੂਰਬੀਰ ਯੋਧੇ ਬਣ ਗਏ। ਇੱਕ ਪਾਸੇ ਪਵਿੱਤਰ ਗੁਰਬਾਣੀ ਦਾ ਗਿਆਨ ਕਰਵਾਉਂਦੇ, ਗੁਰੂ ਜੀ ਦੇ ਆਦੇਸ਼ ਅਨੁਸਾਰ ਖੰਡੇ ਬਾਟੇ ਦਾ ਅੰਮ੍ਰਿਤਪਾਨ ਕਰਾ ਕੇ ਸਿੱਖਾਂ ਵਿਚ ਨਵਾਂ ਧਾਰਮਿਕ ਜੋਸ਼ ਭਰਦੇ ਤੇ ਦੂਜੇ ਪਾਸੇ ਸਿੰਘ ਸੂਰਮਿਆਂ ਦੇ ਜਥੇ ਤਿਆਰ ਕਰ ਕੇ ਲੋੜ ਸਮੇਂ ਮੈਦਾਨ-ਏ-ਜੰਗ `ਚ ਭੇਜਦੇ।
ਮੁਕਤਸਰ ਦੀ ਜੰਗ ਪਿੱਛੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਈ ਪਿੰਡਾਂ ਤੋਂ ਹੁੰਦੇ ਹੋਏ ਸਾਬੋ ਕੀ ਤਲਵੰਡੀ ਪਹੁੰਚੇ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨਾਲ ਇਸ ਥਾਂ ਗੁਰੂ ਜੀ ਨੂੰ ਮਿਲੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਭਾਈ ਮਨੀ ਸਿੰਘ ਤੋਂ ਲਿਖਵਾਉਂਦਿਆਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨੂੰ ਵੀ ਇਸ `ਚ ਸ਼ਾਮਲ ਕਰਵਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੰਤਮ ਰੂਪ ਦਿੰਦਿਆਂ ਬਾਬਾ ਦੀਪ ਸਿੰਘ ਜੀ ਨੇ ਵੀ ਸਹਾਇਤਾ ਕੀਤੀ, ਜਿਨ੍ਹਾਂ ਨੂੰ ਭਾਈ ਸ਼ੇਰ ਸਿੰਘ ਨੂੰ ਪਹੁੰਵਿੰਡ ਭੇਜ ਕੇ ਬੁਲਾਇਆ ਗਿਆ ਸੀ। ਬਾਬਾ ਦੀਪ ਸਿੰਘ ਕਲਮਾਂ, ਸਿਆਹੀ ਅਤੇ ਕਾਗਜ਼ ਆਦਿ ਤਿਆਰ ਕਰਦੇ ਸਨ। ਇਸ ਬੀੜ ਨੂੰ ਦਮਦਮਾ ਸਾਹਿਬ ਵਾਲੀ ਬੀੜ ਕਿਹਾ ਜਾਂਦਾ ਹੈ, ਜੋ ਇਸ ਸਮੇਂ ਗੁਰਦੁਆਰਿਆਂ ਵਿਚ ਸੁਸ਼ੋਭਿਤ ਹੈ।
ਬਾਬਾ ਦੀਪ ਸਿੰਘ ਦੀ ਲਿਖਾਈ ਅਤੇ ਅੱਖਰਾਂ ਦੀ ਬਨਾਵਟ ਬਹੁਤ ਸੁੰਦਰ ਸੀ। ਗੁਰੂ ਜੀ ਨੇ ਉਨ੍ਹਾਂ ਨੂੰ ਚਾਰ ਹੱਥ ਲਿਖਤ ਬੀੜਾਂ ਤਿਆਰ ਕਰਨ ਲਈ ਕਿਹਾ। ਇਹ ਕੰਮ ਬਾਬਾ ਦੀਪ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਸੰਪੂਰਨ ਕੀਤਾ ਤੇ ਇਸ ਉਪਰ 1716 ਤੋਂ 1726 ਈ. ਤਕ ਦਾ ਸਮਾਂ ਲੱਗਾ। ਇਨ੍ਹਾਂ ਬੀੜਾਂ ਨੂੰ ਚਾਰਾਂ ਤਖ਼ਤਾਂ ਨੂੰ ਭੇਜਿਆ ਗਿਆ।
ਬਾਬਾ ਦੀਪ ਸਿੰਘ ਅਰਬੀ ਤੇ ਫ਼ਾਰਸੀ ਦੇ ਵੀ ਵਿਦਵਾਨ ਸਨ। ਉਨ੍ਹਾਂ ਨੇ ਲਗਾਤਾਰ ਮਿਹਨਤ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਰਬੀ ਭਾਸ਼ਾ ਵਿਚ ਤਰਜ਼ਮਾ ਕੀਤਾ। ਇਹ ਪਵਿੱਤਰ ਬੀੜ ਸ. ਕ੍ਰਿਪਾਲ ਸਿੰਘ ਦੇ ਕਥਨ ਅਨੁਸਾਰ ਅੱਜ-ਕੱਲ੍ਹ ਬਗ਼ਦਾਦ ਯੂਨੀਵਰਸਿਟੀ ਵਿਚ ਸੰਭਾਲ ਕੇ ਰੱਖੀ ਹੋਈ ਹੈ।
ਜਦ ਬੰਦਾ ਸਿੰਘ ਬਹਾਦਰ 1709 ਈ. ਵਿਚ ਪੰਜਾਬ ਆਇਆ ਤਾਂ ਗੁਰੂ ਸਾਹਿਬ ਦੇ ਅਨੁਯਾਈਆਂ ਵਿਚ ਬਾਬਾ ਦੀਪ ਸਿੰਘ ਵੀ ਸਾਬੋ ਕੀ ਤਲਵੰਡੀ ਤੋਂ ਆਣ ਮਿਲੇ। ਉਨ੍ਹਾਂ ਨੇ ਵੱਖ-ਵੱਖ ਇਲਾਕਿਆਂ ਨੂੰ ਜਿੱਤਣ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਮਦਦ ਕੀਤੀ। ਬਾਬਾ ਦੀਪ ਸਿੰਘ ਨੇ ਸਿਆਲਕੋਟ ਦੇ ਕੁਝ ਇਲਾਕੇ `ਤੇ ਕਬਜ਼ਾ ਕਰ ਲਿਆ, ਜਿਹੜਾ ਮੁਹੰਮਦ ਅਮੀਨ ਖਾਂ ਕੋਲ ਸੀ ਤੇ ਫਿਰ ਆਪਣੇ ਸਾਥੀਆਂ ਦਯਾਲ ਸਿੰਘ ਤੇ ਨੱਥਾ ਸਿੰਘ ਨੂੰ ਸੌਂਪ ਦਿੱਤਾ। ਸੰਨ 1708 ਤੋਂ 1715 ਤੀਕ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸਾਥ ਦਿੱਤਾ।
ਬਾਬਾ ਬੰਦਾ ਸਿੰਘ ਬਹਾਦਰ ਨੂੰ ਪਿੰਡ ਗੁਰਦਾਸ ਨੰਗਲ (ਨੇੜੇ ਗੁਰਦਾਸਪੁਰ) ਵਿਚ ਸ਼ਾਹੀ ਫੌਜਾਂ ਨੇ ਘੇਰ ਲਿਆ। ਉਨ੍ਹਾਂ ਦੇ ਕਈ ਸਾਥੀ ਉਨ੍ਹਾਂ ਦਾ ਸਾਥ ਛੱਡ ਗਏ। ਹਵੇਲੀ ਅੰਦਰ ਖਾਣ-ਪੀਣ ਦਾ ਸਾਮਾਨ ਖ਼ਤਮ ਹੋ ਗਿਆ। ਉਨ੍ਹਾਂ ਨੂੰ ਸਾਥੀਆਂ ਸਮੇਤ 7 ਦਸੰਬਰ, 1715 ਈ. ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਦਿੱਲੀ ਲਿਜਾ ਕੇ 700 ਸਾਥੀਆਂ ਸਮੇਤ ਸ਼ਹੀਦ ਕਰ ਦਿੱਤਾ ਗਿਆ।
17ਵੀਂ ਸਦੀ ਵਿਚ ਸਾਰਾ ਖ਼ਾਲਸਾ ਪੰਥ ਜੰਗਲਾਂ ਅਤੇ ਪਹਾੜਾਂ ਵਿਚੋਂ ਬਾਹਰ ਆ ਕੇ ਇਕੱਠਾ ਹੋ ਗਿਆ। ਖ਼ਾਲਸਾ ਪੰਥ 12 ਮਿਸਲਾਂ ਵਿਚ ਵੰਡਿਆ ਗਿਆ, ਜਿਸ ਦੇ 12 ਮੁੱਖ ਜਥੇਦਾਰ ਥਾਪੇ ਗਏ। ਇਨ੍ਹਾਂ ਵਿਚੋਂ ਇਕ ਮਿਸਲ ਸੀ ਸ਼ਹੀਦ ਮਿਸਲ। ਬਾਬਾ ਦੀਪ ਸਿੰਘ, ਸ਼ਹੀਦ ਮਿਸਲ ਦੇ ਮੁੱਖ ਜਥੇਦਾਰ ਥਾਪੇ ਗਏ। ਇਸ ਸਦੀ ਅੰਦਰ ਭਾਰਤ ਨੂੰ ਵਿਦੇਸ਼ੀ ਹਮਲਾਵਰਾਂ ਨੇ ਖ਼ੂਬ ਲੁੱਟਿਆ ਤੇ ਇੱਥੋਂ ਦੀਆਂ ਬਹੂ-ਬੇਟੀਆਂ ਦੀ ਇੱਜ਼ਤ ਨਾਲ ਵੀ ਖਿਲਵਾੜ ਕੀਤਾ। ਮਿਸਲਾਂ ਦੇ ਜਥੇਦਾਰਾਂ ਨੇ ਇਕੱਠੇ ਹੋ ਕੇ ਅਫ਼ਗਾਨ ਧਾੜਵੀਆਂ ਦਾ ਮੁਕਾਬਲਾ ਕਰਨਾ ਸ਼ੁਰੂ ਕਰ ਦਿੱਤਾ ਤੇ ਭਾਰਤ ਦਾ ਲੁੱਟਿਆ ਬਹੁਤ ਕੀਮਤੀ ਸਾਮਾਨ ਵਾਪਸ ਦਿਵਾਇਆ ਜਾਂਦਾ ਰਿਹਾ।
5 ਫਰਵਰੀ, 1762 ਈ. ਨੂੰ ਕੁੱਪ ਰਹੀੜੇ ਦੇ ਅਸਥਾਨ `ਤੇ ਹੋਏ ਵੱਡੇ ਘਲੂਘਾਰੇ ਤੋਂ ਬਾਅਦ ਅਹਿਮਦ ਸ਼ਾਹ ਦੁਰਾਨੀ ਜਦ ਵਾਪਸ ਮੁੜਦਿਆਂ ਲਾਹੌਰ ਵੱਲ ਆਇਆ ਤਾਂ ਰਸਤੇ ਵਿਚ ਸਿੰਘਾਂ ਉੱਪਰ ਖਿਝੇ ਹੋਏ ਨੇ ਸਿੰਘਾਂ ਦਾ ਬੀਜ ਨਾਸ਼ ਕਰਨ ਲਈ ਸ੍ਰੀ ਅੰਮ੍ਰਿਤਸਰ ਦਾ ਤਾਲ ਮਿੱਟੀ ਨਾਲ ਭਰਵਾ ਦਿੱਤਾ ਤੇ 10 ਅਪ੍ਰੈਲ, 1762 ਈ. ਮੁ. 1819 ਬਿਕਰਮੀ ਨੂੰ ਨੀਹਾਂ ਹੇਠ ਬਾਰੂਦ ਦੇ ਕੁੱਪੇ ਰਖਵਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਉਡਾ ਦਿੱਤਾ। ਇਸ ਹਮਲੇ ਸਮੇਂ ਅੰਮ੍ਰਿਤਸਰ ਸ਼ਹਿਰ ਦੇ ਇੰਚਾਰਜ ਜਮਾਲ ਖਾਨ ਦੁਆਰਾ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ, ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖ਼ਬਰ ਜਦੋਂ ਬਾਬਾ ਦੀਪ ਸਿੰਘ ਜੀ ਨੂੰ ਸਾਬੋ ਕੀ ਤਲਵੰਡੀ ਵਿਖੇ ਪੁੱਜੀ ਤਾਂ ਉਨ੍ਹਾਂ ਦੇ ਦਿਲ `ਤੇ ਅਸਹਿ ਸੱਟ ਵੱਜੀ। ਬਾਬਾ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ `ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਹੇਠ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ। ਬਿਆਸ ਦਰਿਆ ਪਾਰ ਕਰ ਕੇ ਸਿੰਘਾਂ ਦਾ ਜਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨ ਤਾਰਨ ਸਾਹਿਬ ਵਿਖੇ ਪਹੁੰਚ ਕੇ ਸਿੰਘਾਂ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ, ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਲਾਉਂਦੇ ਹੋਏ ਲਕੀਰ ਪਾਰ ਕਰ ਕੇ ਅੰਮ੍ਰਿਤਸਰ ਵੱਲ ਵਧਣ ਲੱਗੇ।
ਤਰਨ ਤਾਰਨ ਤੋਂ 10 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਗੋਹਲਵੜ ਪਿੰਡ ਕੋਲ ਜਾ ਕੇ ਬਾਬਾ ਜੀ ਨੇ ਆਪਣੇ ਸਿੰਘਾਂ ਦੇ ਜਥੇ ਨਾਲ ਦੁਸ਼ਮਣ ਦੀ ਫ਼ੌਜ ਨੂੰ ਲੜਾਈ ਲਈ ਲਲਕਾਰਿਆ। ਇਸ ਜਗ੍ਹਾ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਗੋਹਲਵੜ ਵਿਚ ਬਾਬਾ ਜੀ ਦਾ ਸਾਹਮਣਾ ਜਮਾਲ ਖ਼ਾਨ ਨਾਲ ਹੋਇਆ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। ਜਮਾਲ ਖਾਨ ਅੱਗੇ ਵਧਿਆ ਤੇ ਬਾਬਾ ਜੀ `ਤੇ ਵਾਰ ਕਰਨ ਲੱਗਾ। ਅੱਗੋਂ ਬਾਬਾ ਜੀ ਨੇ ਵੀ ਵਾਰ ਕੀਤਾ ਤੇ ਇਸ ਵਾਰ ਨੇ ਜਮਾਲ ਖਾਨ ਨੂੰ ਤਾਂ ਥਾਂ `ਤੇ ਹੀ ਖ਼ਤਮ ਕਰ ਦਿੱਤਾ ਪਰ ਉਸ ਦੇ ਵਾਰ ਨਾਲ ਬਾਬਾ ਜੀ ਦੀ ਧੌਣ ਉੱਤੇ ਇੱਕ ਘਾਤਕ ਘਾਓ ਲੱਗਾ, ਜਿਸ ਨਾਲ ਬਾਬਾ ਜੀ ਦਾ ਸੀਸ ਧੜ ਤੋਂ ਵੱਖ ਹੋ ਗਿਆ। ਇਕ ਸਿੰਘ ਨੇ ਹੱਥ ਜੋੜ ਕੇ ਬਾਬਾ ਜੀ ਨੂੰ ਆਪਣਾ ਪ੍ਰਣ ਯਾਦ ਕਰਵਾਇਆ। ਫੇਰ ਕੀ ਸੀ ਬਚਨ ਕੇ ਬਲੀ ਸੂਰਬੀਰ ਯੋਧੇ ਬਾਬਾ ਜੀ ਦਾ ਧੜ ਹਰਕਤ ਵਿਚ ਆ ਗਿਆ ਤੇ ਉਹ ਆਪਣਾ ਪਾਵਨ ਸੀਸ ਖੱਬੇ ਹੱਥ `ਤੇ ਧਰ ਕੇ ਆਪਣਾ ਸਵਾ ਮਣ ਦਾ ਖੰਡਾ ਵਾਹੁੰਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਤਕ ਜਾ ਪਹੁੰਚੇ। ਇਥੋਂ ਤਕ ਅੱਪੜਦਿਆਂ ਬਾਬਾ ਜੀ ਨੇ ਕਈ ਪਠਾਣ ਤੇ ਅਫ਼ਗਾਨ ਮਾਰ ਮੁਕਾਏ ਸਨ। ਇਸ ਤਰ੍ਹਾਂ ਇਸ ਘਮਸਾਨ ਦੀ ਜੰਗ `ਚ ਅਫ਼ਗਾਨ ਜਰਨੈਲਾਂ ਦੇ ਮਾਰੇ ਜਾਣ ਨਾਲ ਅਫ਼ਗਾਨੀ ਫੌਜ ਦੇ ਹੌਸਲੇ ਟੁੱਟ ਗਏ ਤੇ ਬਾਬਾ ਦੀਪ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਪਹੁੰਚ ਕੇ ਸ਼ਹੀਦੀ ਪ੍ਰਾਪਤ ਕਰ ਗਏ।
ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਨੇੜੇ ਇਕ ਥੜ੍ਹੇ ਉੱਪਰ ਨਿਸ਼ਾਨ ਸਾਹਿਬ ਝੁਲਾਇਆ ਹੋਇਆ ਹੈ। ਇਸ ਥੜ੍ਹੇ ਉੱਂਪਰ ਕੁਝ ਸਿੰਘਾਂ ਦੇ ਨਾਮ ਹੇਠ ਲਿਖੇ ਅਨੁਸਾਰ ਲਿਖੇ ਹੋਏ ਹਨ:
1.ਬਾਬਾ ਦੀਪ ਸਿੰਘ ਜੀ ਸ਼ਹੀਦ ਹੈੱਡ ਜਥੇਦਾਰ
2.ਬਾਬਾ ਬਲਵੰਤ ਸਿੰਘ ਜੀ ਸ਼ਹੀਦ ਜਥੇਦਾਰ
3. ਬਾਬਾ ਹੀਰਾ ਸਿੰਘ ਜੀ ਸ਼ਹੀਦ ਜਥੇਦਾਰ
4. ਬਾਬਾ ਗੰਡਾ ਸਿੰਘ ਜੀ ਸ਼ਹੀਦ ਜਥੇਦਾਰ
5. ਬਾਬਾ ਲਹਿਣਾ ਸਿੰਘ ਜੀ ਸ਼ਹੀਦ ਜਥੇਦਾਰ
6. ਬਾਬਾ ਰਣ ਸਿੰਘ ਜੀ ਸ਼ਹੀਦ ਜਥੇਦਾਰ
7. ਬਾਬਾ ਗੁਪਾਲ ਸਿੰਘ ਜੀ ਸ਼ਹੀਦ ਜਥੇਦਾਰ
8. ਬਾਬਾ ਭਾਗ ਸਿੰਘ ਜੀ ਸ਼ਹੀਦ ਜਥੇਦਾਰ
9. ਬਾਬਾ ਸੱਜਣ ਸਿੰਘ ਜੀ ਸ਼ਹੀਦ ਜਥੇਦਾਰ
10. ਬਾਬਾ ਬਹਾਦਰ ਸਿੰਘ ਜੀ ਸ਼ਹੀਦ ਜਥੇਦਾਰ
ਇਸ ਤਰ੍ਹਾਂ ਬਾਬਾ ਦੀਪ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਜ਼ਾਲਮਾਂ ਤੋਂ ਬਦਲਾ ਲੈਂਦੇ ਹੋਏ ਅਤੇ ਧਰਮ ਤੇ ਕੌਮ ਦੀ ਸ਼ਾਨ ਬਦਲੇ ਆਪਣੀਆਂ ਜਾਨਾਂ ਕੁਰਬਾਨ ਕਰ ਗਏ।
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਹੈ, ਜਿੱਥੇ ਅੱਜ-ਕਲ੍ਹ `ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ` ਸੁਸ਼ੋਭਿਤ ਹੈ। ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਜਿੱਥੇ ਬਾਬਾ ਜੀ ਨੇ ਸੀਸ ਭੇਟ ਕੀਤਾ ਸੀ, ਉਥੇ ਵੀ ਪਾਵਨ ਗੁਰਦੁਆਰਾ ਸਾਹਿਬ ਸੁਭਾਇਮਾਨ ਹੈ। ਬਾਬਾ ਦੀਪ ਸਿੰਘ ਜੀ ਦਾ ਉਹ ਦੋ-ਧਾਰਾ ਖੰਡਾ ਸ੍ਰੀ ਅਕਾਲ ਤਖਤ ਸਾਹਿਬ ਦੇ ਸ਼ਸਤਰਾਂ ਵਿਚ ਸੰਭਾਲ ਕੇ ਰੱਖਿਆ ਗਿਆ, ਜਿਸ ਦੇ ਹਰ ਰੋਜ਼ ਸ਼ਾਮ ਨੂੰ ਸੰਗਤ ਨੂੰ ਦਰਸ਼ਨ ਕਰਵਾਏ ਜਾਂਦੇ ਹਨ।