ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਦੀਆਂ ਹੱਦਾਂ ‘ਤੇ ਸੰਘਰਸ਼ ਸਮੇਟਣ ਸਮੇਂ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਾ ਹੋਣ ਦੇ ਰੋਸ ਵਜੋਂ 31 ਜਨਵਰੀ ਨੂੰ ਕੇਂਦਰ ਸਰਕਾਰ ਖਿਲਾਫ ‘ਵਿਸ਼ਵਾਸਘਾਤ ਦਿਹਾੜਾ‘ ਮਨਾਉਂਦਿਆਂ ਦੇਸ਼ ਭਰ ‘ਚ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਜਥੇਬੰਦੀਆਂ ਨੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ‘ਤੇ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪਹਿਲੀ ਫਰਵਰੀ ਨੂੰ ਅਗਲੇ ਸੰਘਰਸ਼ ਦਾ ਐਲਾਨ ਕਰਨਗੇ ਜਿਸ ‘ਚ ਉੱਤਰਾਖੰਡ ਤੇ ਉਤਰ ਪ੍ਰਦੇਸ਼ ‘ਚ ਮੁਹਿੰਮ ਸ਼ੁਰੂ ਕਰਨਾ ਵੀ ਸ਼ਾਮਲ ਹੈ।
ਇਥੋਂ ਦੇ ਤਰਕਸ਼ੀਲ ਭਵਨ ਵਿਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ ਅੰਦੋਲਨ ਦੌਰਾਨ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐਮ.ਐਸ.ਪੀ. ਸਬੰਧੀ ਕਮੇਟੀ ਬਣਾਈ ਜਾਵੇਗੀ ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਕਤਲੇਆਮ ਤੇ ਸਿੱਟ ਦੀ ਰਿਪੋਰਟ ਆਉਣ ਮਗਰੋਂ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਤੇ ਗ੍ਰਿਫਤਾਰ ਨਹੀਂ ਕੀਤਾ ਸਗੋਂ ਉਲਟਾ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ, ਜਿਸ ਤਹਿਤ 31 ਜਨਵਰੀ ਨੂੰ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ ਪਹਿਲੀ ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਚੋਣ ਆਧਾਰਿਤ ਸੂਬੇ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ‘ਚ ਆਪਣੀ ਮੁਹਿੰਮ ਵੀ ਵਿੱਢਣਗੇ। ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।
ਰਵਾਇਤੀ ਪਾਰਟੀਆਂ ਨੂੰ ਬਾਹਰ ਕਰਾਂਗੇ: ਚੜੂਨੀ
ਸਮਾਣਾ: ਸੰਯੁਕਤ ਸੰਘਰਸ਼ ਪਾਰਟੀ ਦੇ ਸਰਪ੍ਰਸਤ ਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਰਾਜਨੀਤੀ ਦੇ ਅਸਲ ਮਾਇਨੇ ਭੁੱਲ ਚੁੱਕੀਆਂ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸੱਤਾ ਤੋਂ ਦੂਰ ਕਰਨ ਤੇ ਸਾਫ-ਸੁਥਰੀ ਸਾਥ ਵਾਲੇ ਅਤੇ ਸਮਾਜ ਨੂੰ ਚੰਗੀ ਸੇਧ ਦੇਣ ਵਾਲੇ ਲੋਕਾਂ ਨੂੰ ਅੱਗੇ ਲਿਆਉਣ ਦਾ ਉਦੇਸ਼ ਲੈ ਕੇ ਹੀ ਉਹ ਰਾਜਨੀਤੀ ਵਿਚ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ ਮਨਾਏ ਜਾ ਰਹੇ ਵਾਅਦਾਖਿਲਾਫੀ ਦਿਵਸ ਵਿਚ ਜਰੂਰ ਸ਼ਾਮਲ ਹੋਣਗੇ।